-ਨਸ਼ਾ ਤਸਕਰੀ ਸੰਬੰਧੀ ਦਿੱਤੀਆਂ ਹਦਾਇਤਾਂ, ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
ਬਰਨਾਲਾ, 10 ਮਈ (ਨਿਰਮਲ ਸਿੰਘ ਪੰਡੋਰੀ) :
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿਮ ਤੇਜ਼ ਕਰਨ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਸਰਕਾਰੀ ਦਫ਼ਤਰਾਂ ’ਚ ਰੇਟ ਸੂਚੀਆਂ ਜਨਤਕ ਕਰਨ ਦੀ ਹਦਾਇਤ ਦਿੱਤੀ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸਨਰ ਹਰੀਸ਼ ਨਾਇਰ, ਐਸਐਸਪੀ ਸੰਦੀਪ ਕੁਮਾਰ ਮਲਿਕ ਅਤੇ ਜ਼ਿਲ੍ਹੇ ਦੇ ਸੀਨੀਅਰ ਅਤੇ ਸਿਵਲ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਨੂੰ ਜੜ ਤੋਂ ਖ਼ਤਮ ਕਰਨ ਅਤੇ ਨਸ਼ਾ ਪੀੜਤਾਂ ਦੀ ਪਹਿਚਾਣ ਕਰਕੇ ਮੁੜ ਵਸੇਬੇ ਸੰਬੰਧੀ ਠੋਸ ਯਤਨ ਕਰਨ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵਿਕਾਸ ਪ੍ਰੋਜੈਕਟਾਂ ਦਾ ਵੀ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਨਸ਼ਿਆਂ ਦੇ ਖ਼ਾਤਮੇ ਸੰਬੰਧੀ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ, ਜਿਸ ਤੋਂ ਬਾਅਦ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਪਣੇ ਜ਼ਿਲੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਸ਼ੇਸ਼ ਹਦਾਇਤਾਂ ਦਿੱਤੀਆਂ।








