ਚੰਡੀਗੜ, 18 ਮਈ (ਜੀ98 ਨਿਊਜ਼) :-
ਦੇਸ਼ ਦੀ ਸਰਵਉੱਚ ਅਦਾਲਤ ਨੇ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਮਾਮਲੇ ਵਿੱਚ ਇੱਕ ਵੱਡਾ ਫ਼ੈਸਲਾ ਦਿੱਤਾ ਹੈ। ਸੁਪਰੀਮ ਕੋਰਟ ਦੇ ਜਸਟਿਸ ਐਲ ਨਾਗੇਸਵਰ ਰਾਓ,ਜਸਟਿਸ ਬੀਆਰ ਗਵਈ ਅਤੇ ਜਸਟਿਸ ਏਐਸ ਬੋਪੰਨਾ ’ਤੇ ਆਧਾਰਿਤ ਬੈਂਚ ਨੇ ਰਾਜੀਵ ਗਾਂਧੀ ਹੱਤਿਆ ਮਾਮਾਲੇ ’ਚ ਉਮਰ ਕੇਦ ਦੀ ਸਜ਼ਾ ਕੱਟ ਰਹੇ ਇੱਕ ਦੋਸ਼ੀ ਏਜੀ ਪੇਰਾਰੀਵਲਨ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦੋਸ਼ੀ ਪੇਰਾਰੀਵਲਨ ਨੇ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ ਕਿ ਉਸ ਦੀ ਰਹਿਮ ਦੀ ਅਪੀਲ ਸੰਬੰਧੀ ਫਾਈਲ ਤਾਮਿਲਨਾਡੂ ਦੇ ਰਾਜਪਾਲ ਨੇ ਬਹੁਤ ਲੰਮਾ ਸਮਾਂ ਆਪਣੇ ਕੋਲ ਰੱਖਣ ਤੋਂ ਬਾਅਦ ਰਾਸ਼ਟਰਪਤੀ ਨੂੰ ਭੇਜੀ ਸੀ ਜੋ ਸੰਵਿਧਾਨ ਅਨੁਸਾਰ ਸਹੀ ਨਹੀਂ ਹੈ। ਕੇਂਦਰ ਸਰਕਾਰ ਨੇ ਸੁਣਵਾਈ ਦੌਰਾਨ ਰਾਜਪਾਲ ਦੇ ਫ਼ੈਸਲੇ ਦਾ ਬਚਾਅ ਕੀਤਾ । ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਕਿ ਜੇਕਰ ਰਾਜਪਾਲ ਉਕਤ ਮਾਮਲੇ ’ਚ ਰਾਜ ਮੰਤਰੀ ਮੰਡਲ ਦੀ ਸਿਫਾਰਸ਼ ਨੂੰ ਨਹੀਂ ਮੰਨਣਾ ਚਾਹੁੰਦੇ ਸਨ ਤਾਂ ਉਨਾਂ ਨੂੰ ਫਾਈਲ ਵਾਪਿਸ ਮੰਤਰੀ ਮੰਡਲ ਨੂੰ ਭੇਜਣੀ ਚਾਹੀਦੀ ਸੀ। ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਏਜੀ ਪੇਰਾਰੀਵਲਨ ਦੀ ਪਟੀਸ਼ਨ ਨੂੰ ਮੰਨਦੇ ਹੋਏ ਉਸ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ।








