Gee 98News

ਲੋਕਾਂ ਦੀਆਂ ਸਮੱਸਿਅਵਾਂ ਸੁਣਨ ਲਈ ‘ਆਪ’ ਨੇ ਖੋਲਿਆ ਜ਼ਿਲ੍ਹਾ ਪੱਧਰੀ ਦਫ਼ਤਰ

-ਕੈਬਨਿਟ ਮੰਤਰੀ ਮੀਤ ਹੇਹਰ ਸੁਣਨਗੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ

ਬਰਨਾਲਾ, 02 ਅਗਸਤ (ਨਿਰਮਲ ਸਿੰਘ ਪੰਡੋਰੀ) :-

ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀ ਸਹੂਲਤ ਲਈ ਸਥਾਨਕ ਕਚਹਿਰੀ ਚੌਂਕ ਨੇੜੇ ਲੱਖੀ ਕਾਲੋਨੀ ’ਚ ਜ਼ਿਲ੍ਹਾ ਪੱਧਰੀ ਦਫ਼ਤਰ ਖੋਲਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਰਾਗੀਜਥੇ ਵੱਲੋਂ ਸ਼ਬਦ ਕੀਰਤਨ ਵੀ ਕੀਤਾ ਗਿਆ। ਇਸ ਮੌਕੇ ਉਚੇਚੇ ਤੌਰ ’ਤੇ ਪੁੱਜੇ ਸੂਬੇ ਦੇ ਖੇਡ ਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਹਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਰਨਾਲਾ, ਮਹਿਲ ਕਲਾਂ, ਭਦੌੜ ਦੇ ਆਮ ਲੋਕਾਂ ਦੀ ਸਹੂਲਤ ਲਈ ਇਹ ਮੁੱਖ ਦਫ਼ਤਰ ਖੋਲਿਆ ਗਿਆ ਹੈ, ਜਿੱਥੇ ਆ ਕੇ ਲੋਕ ਸਾਰੇ ਸਰਕਾਰੀ ਦਫ਼ਤਰਾਂ ਨਾਲ ਸੰਬੰਧਿਤ ਆਪਣੇ ਕੰਮਾਂ-ਕਾਰਾਂ ਲਈ ਉਨ੍ਹਾਂ ਨੂੰ ਮਿਲ ਸਕਣਗੇ। ਉਨ੍ਹਾਂ ਕਿਹਾ ਕਿ ਇਸ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਦੀ ਅਗਵਾਈ ਹੇਠ ਪਾਰਟੀ ਦੇ ਸਰਗਰਮ ਵਲੰਟੀਅਰਾਂ ਦੀ ਟੀਮ ਕੰਮ ਕਰੇਗੀ ਅਤੇ ਖ਼ੁਦ ਵੀ ਇਸ ਦਫ਼ਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਨਿਸ਼ਚਿਤ ਸਮੇਂ ਅਨੁਸਾਰ ਹਾਜ਼ਰ ਰਹਿਣਗੇ। ਮੀਤ ਹੇਹਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਹਰ ਲੋੜੀਦੀ ਸਹੂਲਤ ਸੌਖੀ ਪੁੱਜਦੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਤੋਂ ਲੋਕਾਂ ਨੂੰ ਵੱਡੀਆਂ ਉਮੀਦਾਂ ਹਨ ਅਤੇ ਇਨਾਂ ਉਮੀਦਾਂ ’ਤੇ ਖ਼ਰਾ ਉੱਤਰਨ ਲਈ ਪਾਰਟੀ ਵਿਧਾਇਕ, ਮੰਤਰੀ, ਮੁੱਖ ਮੰਤਰੀ ਦਿਨ ਰਾਤ ਕੰਮ ਕਰ ਰਹੇ ਹਨ। ਮੀਤ ਹੇਹਰ ਨੇ ਅਫ਼ਸਰਸ਼ਾਹੀ ਨੂੰ ਵੀ ਅਪੀਲ ਕੀਤੀ ਕਿ ਆਪਣੇ ਕੰਮਾਂ ਕਾਰਾਂ ਲਈ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ ਨਾ ਆਉਣ ਦਿੱਤੀ ਜਾਵੇ ਤਾਂ ਜੋ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਰਬਾਦੀ ਨਾ ਹੋਵੇ, ਫਿਰ ਵੀ ਜੇਕਰ ਬਰਨਾਲਾ ਜ਼ਿਲ੍ਹੇ ’ਚ ਕਿਸੇ ਨੂੰ ਕੋਈ ਸਮੱਸਿਆ ਹੋਵੇ ਤਾਂ ਉਹ ਮੁੱਖ ਦਫ਼ਤਰ ’ਚ ਆ ਕੇ ਪਾਰਟੀ ਟੀਮ ਦੇ ਮੈਂਬਰਾਂ ਨੂੰ ਦੱਸੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦਫ਼ਤਰਾਂ ’ਚ ਕੰਮਾਂ ਲਈ ਰਿਸ਼ਵਤ ਦੇ ਰੁਝਾਨ ਨੂੰ ਠੱਲ ਪਾਉਣ ਲਈ ਲੋਕ ਅੱਗੇ ਆਉਣ ਅਤੇ ਜੇਕਰ ਕੋਈ ਅਫ਼ਸਰ /ਮੁਲਾਜ਼ਮ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਮੁੱਖ ਮੰਤਰੀ ਮੰਤਰੀ ਵੱਲੋਂ ਜਾਰੀ ਕੀਤੇ ਨੰਬਰ ’ਤੇ ਸੰਪਰਕ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਜ਼ਿਲ੍ਹਾ ਯੂਥ ਪ੍ਰਧਾਨ ਜੋਤ ਬੜਿੰਗ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Gee98 Ads
error: Content is protected !!