Gee 98News

ਐਨਓਸੀ : ਹੁਣ ਆਨਲਾਈਨ ਅਪਲਾਈ ਕਰਨ ’ਤੇ 21 ਦਿਨਾਂ ’ਚ ਮਿਲੇਗੀ ਮਨਜ਼ੂਰੀ

-19 ਮਾਰਚ 2018 ਤੋਂ ਪਹਿਲਾਂ ਵਿਕਸਿਤ ਹੋਈਆਂ ਅਣਅਧਿਕਾਰਤ ਕਾਲੋਨੀਆਂ ’ਚ ਹੀ ਮਿਲੇਗੀ ਸਹੂਲਤ

ਬਰਨਾਲਾ, 10 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਸੂਬੇ ਵਿੱਚ ਅਣਅਧਿਕਾਰਤ ਕਾਲੋਨੀਆਂ ਵਿੱਚ ਸਥਿਤ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਲਈ ਲੋੜੀਂਦੀ ਐਨਓਸੀ ਵਾਸਤੇ ਅਰਜ਼ੀਆਂ ਦੇ ਤੁਰੰਤ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਐਨਓਸੀ ਪ੍ਰਾਪਤ ਕਰਨ ਲਈ ਰੈਗੂਲਰਾਈਜ਼ੇਸ਼ਨ ਪੋਰਟਲ ‘ਤੇ ਅਰਜ਼ੀਆਂ ਜਮਾਂ ਕਰਵਾਉਣ ਤੋਂ ਲੈ ਕੇ ਇਨਾਂ ਦੇ ਨਿਬੇੜੇ ਤੱਕ ਦੀ ਸਮੁੱਚੀ ਪ੍ਰਕਿਰਿਆ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ ਐਨਓਸੀ ਜਾਰੀ ਕਰਨ ਦੀ ਸਾਰੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਵੱਧ ਤੋਂ ਵੱਧ 21 ਕੰਮ-ਕਾਜੀ ਦਿਨਾਂ ਦੀ ਸਮਾਂ-ਸੀਮਾ ਵੀ ਨਿਰਧਾਰਤ ਕਰ ਦਿੱਤੀ ਹੈ। ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਰੈਗੂਲਰਾਈਜ਼ੇਸ਼ਨ ਦੀ ਇਹ ਸਹੂਲਤ ਸਿਰਫ਼ ਉਨਾਂ ਅਲਾਟੀਆਂ/ਨਿਵਾਸੀਆਂ ਨੂੰ ਹੀ ਮਿਲ ਸਕਦੀ ਹੈ, ਜਿਨ੍ਹਾਂ ਦੀਆਂ ਜਾਇਦਾਦਾਂ 19 ਮਾਰਚ, 2018 ਤੋਂ ਪਹਿਲਾਂ ਵਿਕਸਤ ਹੋਈਆਂ ਅਣਅਧਿਕਾਰਤ ਕਾਲੋਨੀਆਂ ਵਿੱਚ ਪੈਂਦੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 19.03.2018 ਤੋਂ ਪਹਿਲਾਂ ਹੋਂਦ ਵਿੱਚ ਆਈਆਂ ਅਣਅਧਿਕਾਰਤ ਕਾਲੋਨੀਆਂ ਵਿੱਚ ਪੈਂਦੇ ਪਲਾਟਾਂ ਨੂੰ ਨਿਯਮਤ ਕਰਨ ਲਈ 18.10.2018 ਨੂੰ ਇੱਕ ਨੀਤੀ ਨੋਟੀਫਾਈ ਕੀਤੀ ਸੀ ਪਰ ਅਰਜ਼ੀਆਂ ਦੀ ਪ੍ਰਕਿਰਿਆ ਆਫਲਾਈਨ ਹੋਣ ਕਰਕੇ ਪਲਾਟ ਹੋਲਡਰਾਂ ਨੂੰ ਇਸ ਨੀਤੀ ਦੇ ਤਹਿਤ ਆਪਣੇ ਪਲਾਟਾਂ ਨੂੰ ਨਿਯਮਤ ਕਰਵਾਉਣ ਲਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਦੱਸਿਆ ਕਿ ਆਪਣੀ ਜਾਇਦਾਦਾਂ ਨੂੰ ਨਿਯਮਤ ਕਰਵਾਉਣ ਵਾਸਤੇ ਅਪਲਾਈ ਕਰਨ ਦੇ ਇੱਛੁਕ ਅਣਅਧਿਕਾਰਤ ਕਾਲੋਨੀਆਂ ਦੇ ਅਲਾਟੀਆਂ/ਨਿਵਾਸੀਆਂ ਦੀ ਸਹੂਲਤ ਲਈ ਇਸ ਪੋਰਟਲ ‘ਤੇ ਨਵੀਆਂ ਸੁਵਿਧਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਹੁਣ ਇਸ ਪੋਰਟਲ ‘ਤੇ ਵੱਡੀ ਗਿਣਤੀ ਸੁਵਿਧਾਵਾਂ ਜਿਵੇਂ ਕਿ ਬਿਨੈ-ਪੱਤਰ ਜਮਾਂ ਕਰਨਾ, ਆਨਲਾਈਨ ਫੀਸ ਦਾ ਭੁਗਤਾਨ, ਅਰਜ਼ੀ ਦੀ ਸਥਿਤੀ ਦੀ ਜਾਂਚ ਅਤੇ ਇਸ ਦਾ ਆਨਲਾਈਨ ਨਿਪਟਾਰਾ ਆਦਿ ਉਪਲੱਬਧ ਹਨ। ਇਹ ਸਿੰਗਲ ਪੋਰਟਲ ਅਰਜ਼ੀਆਂ ਦੇ ਤੁਰੰਤ ਨਿਪਟਾਰੇ ਵਾਸਤੇ ਐਮ.ਸੀ. ਅਤੇ ਐਮ.ਸੀ. ਖੇਤਰ ਦੇ ਬਾਹਰ ਪੈਂਦੇ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਤਿਆਰ ਕੀਤਾ ਗਿਆ ਹੈ। ਅਰਜ਼ੀਆਂ ਦੇ ਜਲਦੀ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਪ੍ਰਕਿਰਿਆ ਵਿੱਚ ਸ਼ਾਮਲ ਅਧਿਕਾਰੀਆਂ ਵਾਸਤੇ ਅਰਜ਼ੀਆਂ ਦੇ ਨਿਪਟਾਰੇ ਲਈ ਸਮਾਂ-ਸੀਮਾ ਤੈਅ ਕਰ ਦਿੱਤੀ ਗਈ ਹੈ, ਜਿਸ ਦੀ ਨਿਗਰਾਨੀ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਐਨਓਸੀ ਜਾਰੀ ਕਰਨ ਦੀ ਸਾਰੀ ਪ੍ਰਕਿਰਿਆ ਪੋਰਟਲ ‘ਤੇ ਬਿਨੈ-ਪੱਤਰ ਜਮਾਂ ਕਰਨ ਤੋਂ 21 ਕੰਮ-ਕਾਜੀ ਦਿਨਾਂ ਦੇ ਅੰਦਰ ਪੂਰੀ ਕੀਤੀ ਜਾਵੇਗੀ।

Gee98 Ads
error: Content is protected !!