-ਕੈਬਨਿਟ ਮੰਤਰੀ ਨੇ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਬਰਨਾਲਾ, 5 ਅਕਤੂਬਰ (ਨਿਰਮਲ ਸਿੰਘ ਪੰਡੋਰੀ) :
ਉਚੇਰੀ ਸਿੱਖਿਆ ਤੇ ਖੇਡ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਕੈਬਨਿਟ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਲੋੜੀਂਦੀਆਂ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਕਿਸਾਨਾਂ ਦੀ ਜਿਣਸ ਦਾ ਇਕ ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਨੇ ਆਖਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਖਾਧ ਤੇ ਸਿਵਲ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਲੋੜੀਂਦੀਆਂ ਸਹੂਲਤਾਂ ਜਿਵੇਂ ਬਿਜਲੀ, ਪਾਣੀ, ਤਰਪਾਲਾਂ, ਬਾਰਦਾਨਾ ਲਿਫਟਿੰਗ, ਲੇਬਰ, ਟਰਾਂਸਪੋਰਟ ਆਦਿ ਦੇ ਪ੍ਰਬੰਧ ਸੁਚੱਜੇ ਰੂਪ ਵਿਚ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਇਸ ਖ਼ਰੀਫ਼ ਸੀਜ਼ਨ ਦੇ ਮੱਦੇਨਜ਼ਰ ਵਿਸੇਸ ਟੀਮਾਂ ਵੀ ਗਠਿਤ ਕੀਤੀਆਂ ਗਈਆਂ ਹਨ, ਜਿਨਾਂ ਵੱਲੋਂ ਸਮੇਂ ਸਮੇਂ ‘ਤੇ ਮੰਡੀਆਂ ਦੀ ਚੈਕਿੰਗ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਉਨ੍ਹਾਂ ਸਰਕਾਰੀ ਖਰੀਦ ਏਜੰਸੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 98 ਮੰਡੀਆਂ ਤੋਂ ਇਲਾਵਾ 33 ਆਰਜ਼ੀ ਯਾਰਡ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ 8,73,131 ਮੀਟਰਿਕ ਟਨ ਜਿਣਸ ਦੀ ਆਮਦ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਕੱਲ 4 ਅਕਤੂਬਰ ਤਕ 100 ਮੀਟਰਿਕ ਟਨ ਜਿਣਸ ਦੀ ਆਮਦ ਮੰਡੀਆਂ ਵਿੱਚ ਹੋਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸਨਰ ਪਰਮਵੀਰ ਸਿੰਘ, ਐੱਸਡੀਐੱਮ ਗੋਪਾਲ ਸਿੰਘ, ਡੀਐਫਐਸਸੀ ਸ. ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ, ਆਡਤੀਏ ਤੇ ਪਤਵੰਤੇ ਹਾਜ਼ਰ ਸਨ।








