Gee 98News

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਮਨਜ਼ੂਰੀ ਕੈਬਨਿਟ ਦਾ ਇਤਿਹਾਸਿਕ ਫੈਸਲਾ: ਮੀਤ ਹੇਅਰ

ਬਰਨਾਲਾ, 21 ਅਕਤੂਬਰ (ਨਿਰਮਲ ਸਿੰਘ ਪੰਡੋਰੀ)

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਅੱਜ ਇਤਿਹਾਸਕ ਫੈਸਲਾ ਲੈਂਦੇ ਹੋਏ ਮੁਲਾਜ਼ਮਾਂ ਲਈ ਜਿੱਥੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਸਿਧਾਂਤਕ ਮਨਜ਼ੂਰੀ ਦਿੱਤੀ ਗਈ ਹੈ, ਉੱਥੇ ਦੀਵਾਲੀ ਦਾ ਤੋਹਫਾ ਦਿੰਦੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ 6 ਫ਼ੀਸਦੀ ਡੀਏ ਵਿੱਚ ਵਾਧਾ ਕੀਤਾ ਗਿਆ ਹੈ। ਇਸ ਅਹਿਮ ਫ਼ੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਉਚੇਰੀ ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਅੱਜ ਦਾ ਦਿਨ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਬੇਹੱਦ ਇਤਿਹਾਸਕ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਕਈ ਸਾਲਾਂ ਦੀ ਮੰਗ ਲਾਗੂ ਕਰਨ ਦਾ ਵੱਡਾ ਫੈਸਲਾ ਕੀਤਾ ਹੈ, ਜੋ ਹੋਰ ਕੋਈ ਸਰਕਾਰ ਨਹੀਂ ਕਰ ਸਕੀ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਕੈਬਨਿਟ ਵਿਚ ਸਿਧਾਂਤਕ ਮਨਜ਼ੂਰੀ ਦਿੱਤੀ ਹੈ, ਉੱਥੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀਏ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਧਿਆ ਹੋਇਆ ਡੀਏ ਪਹਿਲੀ ਅਕਤੂਬਰ 2022 ਤੋਂ ਦਿੱਤਾ ਜਾਵੇਗਾ। ਮੀਤ ਹੇਅਰ ਨੇ ਆਖਿਆ ਕਿ ਪੰਜਾਬ ਸਰਕਾਰ ਹਰ ਵਰਗ ਦੀ ਖੁਸ਼ਹਾਲੀ ਲਈ ਵਚਨਬੱਧ ਹੈ ਤੇ ਪੰਜਾਬ ਦੀ ਖੁਸ਼ਹਾਲੀ ਲਈ ਮੁਲਾਜ਼ਮ ਵਰਗ ਵੱਡਾ ਧੁਰਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਿਜਲੀ ਮੁਆਫ਼ੀ ਦਾ ਵਾਅਦਾ ਪੁਗਾਇਆ ਗਿਆ ਤੇ ਹੁਣ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣਾ ਹਰ ਵਾਅਦਾ ਪੁਗਾਉਣ ਲਈ ਵਚਨਬੱਧ ਹੈ ਤੇ ਕਿਸੇ ਵੀ ਵਰਗ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਅੱਜ ਕੈਬਨਿਟ ਦੇ ਫ਼ੈਸਲੇ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੀ ਅਗਵਾਈ ਵਿੱਚ ਸੂਬਾ ਮੁਡ਼ ਤੋਂ ਰੰਗਲਾ ਪੰਜਾਬ ਬਣਨ ਦੇ ਰਾਹ ‘ਤੇ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿੱਥੇ ਨੌਜਵਾਨੀ ਨੂੰ ਖੇਡ ਮੈਦਾਨਾਂ ਵੱਲ ਪਰਤਾਉਣ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਹਨ, ਉਥੇ ਨੌਜਵਾਨਾਂ ਲਈ ਨੌਕਰੀਆਂ ਵੀ ਕੱਢੀਆਂ ਹਨ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਯਤਨ ਜਾਰੀ ਰਹਿਣਗੇ।

error: Content is protected !!