Gee 98News

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਘੇਰੀ ਮੁੱਖ ਮੰਤਰੀ ਦੀ ਕੋਠੀ

ਸੰਗਰੂਰ, 14 ਨਵੰਬਰ (ਜੀ98 ਨਿਊਜ਼ ਸਰਵਿਸ) :

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ਅੱਗੇ ਸੂਬਾ ਪੱਧਰੀ ਪ੍ਰਦਰਸ਼ਨ ਕਰਕੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਯੂਨੀਅਨ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਦੀ ਅਗਵਾਈ ਹੇਠ ਕੀਤੇ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦੇ ਹੋਏ ਬੁਲਾਰਿਆਂ ਨੇ ਭਗਵੰਤ ਮਾਨ ਸਰਕਾਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿਰੋਧੀ ਨੀਤੀਆਂ ਦੀ ਨਿਖ਼ੇਧੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਮਾਨ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਵਰਕਰਾਂ ਤੇ ਹੈਲਭਰਾਂ ਦੀਆਂ ਮੰਗਾਂ ਸੰਬੰਧੀ ਡੰਗ ਟਪਾਊ ਨੀਤੀ ’ਤੇ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿੱਚ ਵਰਕਰਾਂ ਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ , 0 ਤੋਂ 6 ਸਾਲ ਦੇ ਬੱਚੇ ਆਂਗਣਵਾੜੀ ਕੇਂਦਰਾਂ ਵਿੱਚ ਵਾਪਸ ਭੇਜਣਾ, ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਪ੍ਰਾਇਮਰੀ ਅਧਿਅਪਕਾਂ ਦਾ ਦਰਜਾ ਦੇਣ ਸਮੇਤ ਪਿਛਲੀ ਸਰਕਾਰ ਵੱਲੋਂ ਵਧਾਏ ਗਏ ਮਾਣਭੱਤੇ ਵਰਗੀਆਂ ਅਹਿਮ ਮੰਗਾਂ ਸੰਬੰਧੀ ਸਰਕਾਰ ਨੇ ਸਾਜ਼ਿਸ਼ੀ ਚੁੱਪ ਭਾਰਨ ਕੀਤੀ ਹੋਈ ਹੈ। ਜਿਸ ਦੇ ਖਿਲਾਫ਼ ਵਰਕਰਾਂ ਤੇ ਹੈਲਪਰਾਂ ’ਚ ਜ਼ਬਰਦਸਤ ਰੋਸ ਪਾਇਆ ਜਾ ਰਿਹਾ ਹੈ । ਬੁਲਾਰਿਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਗ੍ਰੈਚੁਟੀ ਅਤੇ ਪੈਨਸ਼ਨ ਲਈ ਇਡਵਾਇਜ਼ਰੀ ਬੋਰਡ ਸੰਬੰਧੀ ਵੀ ਕੋਈ ਕਾਰਵਾਈ ਨਹੀਂ ਕਰ ਰਹੀ। ਯੂਨੀਅਨ ਦੀਆਂ ਆਗੂਆਂ ਨੇ ਸਰਕਾਰ ਨੂੰ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ।

error: Content is protected !!