Gee 98News

ਭਾਸ਼ਾ ਵਿਭਾਗ ਦੇ ਰਾਜ ਪੱਧਰੀ ਮੁਕਾਬਲਿਆਂ ‘ਚ ਵਿਦਿਆਰਥਣਾਂ ਨੇ ਜ਼ਿਲ੍ਹੇ ਦਾ ਨਾ ਕੀਤਾ ਰੌਸ਼ਨ

ਬਰਨਾਲਾ, 16 ਨਵੰਬਰ (ਨਿਰਮਲ ਸਿੰਘ ਪੰਡੋਰੀ) :

ਭਾਸ਼ਾ ਵਿਭਾਗ ਪੰਜਾਬ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਰਾਜ ਪੱਧਰੀ ਸਿਰਜਣਾਤਮਕ ਅਤੇ ਕਵਿਤਾ ਗਾਇਨ ਮੁਕਾਬਲਿਆਂ ਵਿੱਚੋਂ ਜ਼ਿਲ੍ਹੇ ਦੇ ਸਕੂਲਾਂ ਦੀਆਂ ਵਿਦਿਆਰਥਣਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਗੁਰਮ ਜ਼ਿਲ੍ਹਾ ਭਾਸ਼ਾ ਅਫ਼ਸਰ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫ਼ਸਰ ਨੇ ਦੱਸਿਆ ਕਿ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਦੀ ਅਗਵਾਈ ਹੇਠ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਵੀਰਪਾਲ ਕੌਰ ਦੀਆਂ ਹਦਾਇਤਾਂ ਅਨੁਸਾਰ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਸਿਰਜਣਾਤਮਕ ਰੁਚੀਆਂ ਦੀ ਪ੍ਰਫੁੱਲਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ- ਵੱਖ ਸਾਹਿਤਕ ਸਿਰਜਣ ਅਤੇ ਕਵਿਤਾ ਗਾਇਨ ਦੇ ਪੱਧਰੀ ਮੁਕਾਬਲਿਆਂ ਉਪਰੰਤ ਰਾਜ ਪੱਧਰੀ ਮੁਕਾਬਲੇ ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਵਿਖੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ‘ਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚੋਂ ਪਹਿਲੇ ਅਤੇ ਦੂਜੇ ਸਥਾਨ ‘ਤੇ ਰਹਿਣ ਵਾਲੇ ਸਮੂਹ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਰਾਜ ਪੱਧਰੀ ਕਵਿਤਾ ਸਿਰਜਣ ਮੁਕਾਬਲੇ ਵਿੱਚੋਂ ਸਰਕਾਰੀ ਹਾਈ ਸਕੂਲ ਨੰਗਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਵੱਲੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ ਜਦਕਿ ਕਵਿਤਾ ਗਾਇਨ ਮੁਕਾਬਲੇ ਵਿੱਚੋਂ ਸਰਕਾਰੀ ਹਾਈ ਸਕੂਲ ਸਹਿਜੜਾ ਦੀ ਵਿਦਿਆਰਥਣ ਚਰਨਕੰਵਲ ਕੌਰ ਵੱਲੋਂ ਤੀਜਾ ਸਥਾਨ ਪ੍ਰਾਪਤ ਕੀਤਾ ਗਿਆ। ਭਾਸ਼ਾ ਅਧਿਕਾਰੀਆਂ ਨੇ ਕਿਹਾ ਕਿ ਵਿਦਿਆਰਥਣਾਂ ਦੀਆਂ ਇਹਨਾਂ ਮਾਣਮੱਤੀਆਂ ਪ੍ਰਾਪਤੀਆਂ ਦਾ ਸਿਹਰਾ ਵਿਦਿਆਰਥਣਾਂ ਦੀ ਮਿਹਨਤ, ਗਾਈਡ ਅਧਿਆਪਕਾਂ ਮੈਡਮ ਸਲਮਾ, ਕਿਰਨਦੀਪ ਕੌਰ ਅਤੇ ਡਾ.ਪਰਗਟ ਸਿੰਘ ਟਿਵਾਣਾ ਦੀ ਅਗਵਾਈ, ਸਕੂਲ ਮੁਖੀਆਂ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਜਾਂਦਾ ਹੈ।

error: Content is protected !!