ਬਰਨਾਲਾ, 24 ਨਵੰਬਰ (ਨਿਰਮਲ ਸਿੰਘ ਪੰਡੋਰੀ) :
ਪੰਜਾਬ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੈਨਸ਼ਨ ਧਾਰਕਾਂ ਸੰਬੰਧੀ ਜਾਰੀ ਕੀਤੇ ਅੰਕੜਿਆਂ ਮੁਤਾਬਕ ਬਰਨਾਲਾ ਜ਼ਿਲ੍ਹੇ ਵਿੱਚ ਬੁਢਾਪਾ, ਵਿਧਵਾ ਪੈਨਸ਼ਨ ਦੇ ਮਿ੍ਤਕ ਲਾਭਪਾਤਰੀਆਂ ਦੇ ਖ਼ਾਤਿਆਂ ਵਿੱਚ ਗਈ 62,77, 690 ਰਕਮ ਦੀ ਰਿਕਵਰੀ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਜ਼ਿਲੇ ਦੇ 2578 ਪੈਨਸ਼ਨ ਲਾਭਪਾਤਰੀਆਂ ਦੀ ਮੌਤ ਹੋਣ ਸੰਬੰਧੀ ਅੰਕੜੇ ਸਾਹਮਣੇ ਆਉਣ ਤੋਂ ਬਾਅਦ 2091 ਪਰਿਵਾਰਾਂ ਦੇ ਇਨਾ ਲਾਭਪਾਤਰੀਆਂ ਦੇ ਖ਼ਾਤਿਆਂ ’ਚੋਂ 62,77,690 ਰੁਪਏ ਦੀ ਰਿਕਵਰੀ ਕੀਤੀ ਗਈ ਹੈ । ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਜਿਹੜੇ ਲਾਭਪਾਤਰੀਆਂ ਦੀ ਮੌਤ ਹੋਣ ਤੋਂ ਬਾਅਦ ਮੌਤ ਸੰਬੰਧੀ ਜਾਣਕਾਰੀ ਉਸ ਦੇ ਪਰਿਵਾਰਕ ਮੈਂਬਰਾਂ ਨੇ ਵਿਭਾਗ ਨੂੰ ਲਿਖਤੀ ਤੌਰ ’ਤੇ ਦੇ ਕੇ ਉਸ ਦੀ ਪੈਨਸ਼ਨ ਬੰਦ ਕਰਨ ਸੰਬੰਧੀ ਜਾਣਕਾਰੀ ਨਹੀਂ ਦਿੱਤੀ ਉਨ੍ਹਾਂ ਲਾਭਪਾਤਰੀਆਂ ਦੀ ਮੌਤ ਦੇ ਸਮੇਂ ਤੋਂ ਬਾਅਦ ਉਨ੍ਹਾਂ ਦੇ ਖ਼ਾਤਿਆਂ ਵਿੱਚ ਪਈ ਪੈਨਸ਼ਨ ਦੀ ਰਕਮ ਰਿਕਵਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਜਿਹੀ ਪੜਤਾਲ ਅਜੇ ਜਾਰੀ ਹੈ। ਉਨ੍ਹਾਂ ਦੱਸਿਆ ਕਿ ਯੂਡੀਆਈਡੀ ਕਾਰਡ ਬਣਾਉਣ ਵਿੱਚ ਬਰਨਾਲਾ ਜ਼ਿਲ੍ਹਾ 3 ਮਹੀਨਿਆਂ ਤੋਂ ਪੰਜਾਬ ’ਚੋਂ ਮੋਹਰੀ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੱਖ-ਵੱਖ ਸ਼੍ਰੇਣੀਆਂ ਤਹਿਤ ਪੈਨਸ਼ਨ ਪ੍ਰਾਪਤ ਕਰ ਰਹੇ ਲਾਭਪਾਤਰੀਆਂ ਦੇ ਖ਼ਾਤਿਆਂ ਵਿੱਚ ਅਕਤੂਬਰ ਤੱਕ ਪੈਨਸ਼ਨ ਪਾ ਦਿੱਤੀ ਗਈ ਹੈ। ਡਾ. ਤੇਆਵਾਸਪ੍ਰੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਪਰਿਵਾਰਾਂ ਵਿੱਚ ਕਿਸੇ ਲਾਭਪਾਤਰੀ ਦੀ ਮੌਤ ਹੋ ਜਾਂਦੀ ਹੈ ਤਾਂ ਉਹ ਇਸ ਦੀ ਜਾਣਕਾਰੀ ਮਿ੍ਤਕ ਦੇ ਮੌਤ ਸਰਟੀਫਿਕੇਟ, ਆਧਾਰ ਕਾਰਡ ਅਤੇ ਬੈਂਕ ਖਾਤੇ ਸਮੇਤ ਲਿਖਤੀ ਤੌਰ ’ਤੇ ਸੰਬੰਧਿਤ ਪਰਿਵਾਰ ਦੇ ਮੈਂਬਰਾਂ ਵੱਲੋਂ ਜ਼ਿਲ੍ਹਾ ਪੱਧਰੀ ਦਫ਼ਤਰ ’ਚ ਜ਼ਰੂਰ ਦਿੱਤੀ ਜਾਵੇ।









