Gee 98News

ਡੇਰਾ ਮੁਖੀ ਦੀ ਪੈਰੋਲ : ਪੰਜਾਬ ਸਰਕਾਰ, ਸ਼੍ਰੋਮਣੀ ਕਮੇਟੀ ਦੇ ਹੱਕ ‘ਚ ਖੜੀ

ਬਰਨਾਲਾ 06 ਮਾਰਚ (ਨਿਰਮਲ ਸਿੰਘ ਪੰਡੋਰੀ)-ਪੰਜਾਬ ਸਰਕਾਰ ਨੇ ਪਹਿਲੀ ਵਾਰ ਕਿਸੇ ਮੁੱਦੇ ‘ਤੇ ਸ਼੍ਰੋਮਣੀ ਕਮੇਟੀ ਦੀ “ਹਾਂ” ਵਿੱਚ “ਹਾਂ” ਮਿਲਾਈ ਹੈ। ਭਗਵੰਤ ਮਾਨ ਸਰਕਾਰ ਨੇ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੁੱਕੇ ਇਤਰਾਜ਼ਾਂ ਦਾ ਸਮਰਥਨ ਕੀਤਾ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਦਿੱਤੇ ਜਾਣ ਸਬੰਧੀ ਅਦਾਲਤ ਤੱਕ ਪਹੁੰਚ ਕੀਤੀ ਹੋਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਪੀਲ ‘ਤੇ ਸੁਣਵਾਈ ਦੌਰਾਨ ਅਦਾਲਤ ਨੇ ਹਰਿਆਣਾ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ ਜਿਸ ਦੇ ਜਵਾਬ ਵਿੱਚ ਹਰਿਆਣਾ ਸਰਕਾਰ ਨੇ ਡੇਰਾ ਮੁਖੀ ਦੀ ਪੈਰੋਲ ਦਾ ਪੱਖ ਪੂਰਦੇ ਹੋਏ ਕਿਹਾ ਕਿ ‘ਡੇਰਾ ਮੁਖੀ ਅਪਰਾਧਕ ਪਿਛੋਕੜ ਵਾਲਾ ਮੁਜਰਮ ਨਹੀਂ ਹੈ ਜਦਕਿ ਦੂਜੇ ਪਾਸੇ ਪੰਜਾਬ ਸਰਕਾਰ ਨੇ ਡੇਰਾ ਮੁਖੀ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਇਸ ਨਾਲ ਪੰਜਾਬ ਦੇ ਹਾਲਾਤ ਵਿਗੜਨ ਦਾ ਖ਼ਤਰਾ ਹੈ । ਪੰਜਾਬ ਸਰਕਾਰ ਨੇ ਭਾਵੇਂ ਡੇਰਾ ਮੁਖੀ ਦੀ ਪੈਰੋਲ ਸੰਬੰਧੀ ਪੰਜਾਬ ਦੇ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਅਦਾਲਤ ਵਿੱਚ ਜਵਾਬ ਦਾਅਵਾ ਦਾਇਰ ਕੀਤਾ ਹੈ ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਫੈਸਲੇ ਨੂੰ ਸਿਆਸੀ ਪੈਂਤੜਾ ਵੀ ਮੰਨਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਵਿੱਚ ਗਰਮ ਖਿਆਲੀ ਧਿਰਾਂ ਵੱਲੋਂ ਡੇਰਾ ਮੁਖੀ ਨੂੰ ਦਿੱਤੀ ਜਾ ਰਹੀ ਪੈਰੋਲ ਦਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ ਜਿਨ੍ਹਾਂ ਦੀ ਨਾਰਾਜ਼ਗੀ ਭਗਵੰਤ ਮਾਨ ਸਰਕਾਰ ਮੁੱਲ ਨਹੀਂ ਲੈਣਾ ਚਾਹੀਦਾ।

error: Content is protected !!