Skip to main content

Gee 98News

ਸ਼੍ਰੋਮਣੀ ਅਕਾਲੀ ਦਲ ਨਾਲੋਂ ਗੱਠਜੋੜ ਦਾ ਟੁੱਟਣਾ ਭਾਜਪਾ ਲਈ ਚੰਗਾ ਸੰਕੇਤ-ਅਸ਼ਵਨੀ ਸ਼ਰਮਾ

–ਭਾਜਪਾ ਦੇ ਜ਼ਿਲ੍ਹਾ ਦਫ਼ਤਰ ਦੀ ਰੱਖੀ ਨੀਂਹ ਅਤੇ ਵੱਡੇ ਇਕੱਠ ਨੂੰ ਕੀਤਾ ਸੰਬੋਧਨ

ਬਰਨਾਲਾ 18 ਮਾਰਚ (ਨਿਰਮਲ ਸਿੰਘ ਪੰਡੋਰੀ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਥਾਨਿਕ ਹੰਡਿਆਇਆ ਰੋਡ ‘ਤੇ ਪਾਰਟੀ ਦੇ ਜ਼ਿਲ੍ਹਾ ਪੱਧਰੀ ਦਫ਼ਤਰ ਦੀ ਇਮਾਰਤ ਦੀ ਉਸਾਰੀ ਦੀ ਸ਼ੁਭ ਆਰੰਭਤਾ ਕਰਵਾਈ ਅਤੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਬਾਵਾ ਦੀ ਤਾਜਪੋਸ਼ੀ ਮੌਕੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਵੀ ਕੀਤਾ । ਸੂਬਾ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਅਕਾਲੀ ਦਲ ਦੀ ਹਾਈਕਮਾਂਡ ਨੇ ਗੱਠਜੋੜ ਦੌਰਾਨ ਭਾਜਪਾ ਨੂੰ ਪਿੰਡ ਪੱਧਰ ਤੱਕ ਆਪਣੀਆਂ ਇਕਾਈਆਂ ਸਥਾਪਤ ਕਰਨ ਤੋਂ ਰੋਕਿਆ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨਾਲੋਂ ਟੁੱਟੇ ਗਠਜੋੜ ਨੂੰ ਚੰਗਾ ਮੰਨਦੇ ਹੋਏ ਕਿਹਾ ਕਿ ਗਠਜੋੜ ਟੁੱਟਣ ਦੀ ਬਦੌਲਤ ਹੀ ਭਾਜਪਾ ਨੂੰ ਬੂਥ ਪੱਧਰ ਤੱਕ ਪਹੁੰਚਣ ਦਾ ਮੌਕਾ ਮਿਲਿਆ ਹੈ।‌ ਕਾਂਗਰਸ ਪਾਰਟੀ ਉਪਰ ਸ਼ਬਦੀ ਹਮਲੇ ਕਰਦੇ ਹੋਏ ਸ੍ਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਅਤੇ ਖਾਸ ਕਰਕੇ ਸਿੱਖਾਂ ਨਾਲ ਧ੍ਰੋਹ ਕਮਾਇਆ ਹੈ ।

ਉਨ੍ਹਾਂ ਕਿਹਾ ਕਿ 84 ਦੇ ਸਿੱਖ ਕਤਲੇਆਮ ਲਈ ਕਾਂਗਰਸ ਨੂੰ ਕਦੇ ਵੀ ਮੁਆਫ ਨਹੀ ਕੀਤਾ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ 84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਈ । ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵਰਦੇ ਹੋਏ ਸ੍ਰੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਖੇਤਰ ‘ਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਦੀਆਂ ਗਲੀਆਂ ਵਿੱਚ ਕਤਲੋਗਾਰਤ ਹੋ ਰਹੀ ਹੈ ਅਤੇ ਦੂਜੇ ਪਾਸੇ ਜੇਲਾਂ ਵਿੱਚ ਵੀ ਕਤਲ ਹੋ ਰਹੇ ਹਨ । ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਇਸਤੋਂ ਪਹਿਲਾਂ ਕਿ ਏਨੀ ਮਾੜੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਵਿਚ ਨਿਵੇਸ਼ ਦੇ ਦਾਅਵੇ ਕਰ ਰਹੀ ਹੈ ਪ੍ਰੰਤੂ ਪੰਜਾਬ ਦੇ ਹਾਲਾਤ ਇਸ ਦੇ ਬਿਲਕੁਲ ਉਲਟ ਹਨ ਅਜਿਹੇ ਹਾਲਾਤਾਂ ਵਿੱਚ ਕੋਈ ਕਾਰੋਬਾਰੀ ਇਕ ਪੈਸਾ ਵੀ ਪੰਜਾਬ ਵਿਚ ਲਗਾਉਣ ਲਈ ਤਿਆਰ ਨਹੀਂ ਹੋਵੇਗਾ । ਸ਼੍ਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਚ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ ਅਤੇ ਭਾਜਪਾ ਪਿੰਡ ਦੇ ਪੰਚ ਦੀ ਚੋਣ ਤੋਂ ਲੈ ਕੇ ਪਾਰਲੀਮੈਂਟ ਦੀ ਚੋਣ ਤੱਕ ਹਰ ਚੋਣਾਂ ਆਪਣੇ ਬਲਬੂਤੇ ‘ਤੇ ਲੜੇਗੀ ।

Gee98 Ads

ਇਸ ਮੌਕੇ ਸੰਬੋਧਨ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਭਲੇ ਦੀ ਖ਼ਾਤਰ ਲੋਕਾਂ ਨੂੰ ਭਾਜਪਾ ਨਾਲ ਜੁੜਨ ਦੀ ਅਪੀਲ ਕੀਤੀ । ਇਸ ਮੌਕੇ ਭਾਜਪਾ ਆਗੂ ਸ੍ਰੀ ਅਰਵਿੰਦ ਖੰਨਾ, ਸ੍ਰੀ ਸੰਜੀਵ ਖੰਨਾ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਬਾਵਾ ਅਤੇ ਪਾਰਟੀ ਦੇ ਹੋਰ ਦੇ ਕਈ ਸੀਨੀਅਰ ਆਗੂਆਂ ਨੇ ਸੰਬੋਧਨ ਕੀਤਾ। ਜ਼ਿਕਰਯੋਗ ਹੈ ਕਿ ਭਾਜਪਾ ਦੇ ਸਮਾਗਮ ਵਿੱਚ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਤੋਂ ਸਥਾਨਕ ਆਗੂਆਂ ਦੇ ਚਿਹਰੇ ਖਿੜੇ ਹੋਏ ਨਜ਼ਰ ਆ ਰਹੇ ਸਨ । ਇਸ ਮੌਕੇ ਭਾਜਪਾ ਆਗੂ ਦਰਸ਼ਨ ਸਿੰਘ ਨੈਣੇਵਾਲੀਆ, ਧੀਰਜ ਕੁਮਾਰ ਦੱਦਾਹੂਰ, ਲਵਲੀਨ ਭਾਰਦਵਾਜ, ਇੰਜਨੀਅਰ ਗੁਰਜਿੰਦਰ ਸਿੰਘ ਸਿੱਧੂ, ਯਾਦਵਿੰਦਰ ਸ਼ੰਟੀ, ਨਰਿੰਦਰ ਗਰਗ ਨੀਟਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਦੇ ਸਥਾਨਕ ਸੀਨੀਅਰ ਆਗੂ ਵੀ ਹਾਜ਼ਰ ਸਨ।

error: Content is protected !!