ਚੰਡੀਗੜ੍ਹ 3 ਮਈ (ਜੀ98 ਨਿਊਜ਼ ਸਰਵਿਸ)-ਸੁਪਰੀਮ ਕੋਰਟ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ‘ਚ ਪਿਛਲੇ 26 ਵਰ੍ਹਿਆਂ ਤੋਂ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਕੋਈ ਰਾਹਤ ਨਹੀਂ ਦਿੱਤੀ । ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਸਬੰਧੀ ਪਟੀਸ਼ਨ ਖਾਰਜ ਕਰ ਦਿੱਤੀ । ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ 31 ਅਗਸਤ 1995 ਨੂੰ ਹੋਏ ਬੰਬ ਧਮਾਕੇ ਦੇ ਮਾਮਲੇ ‘ਚ ਦੋਸ਼ੀ ਠਹਿਰਾਇਆ ਗਿਆ ਸੀ । ਇਸ ਬੰਬ ਧਮਾਕੇ ਵਿਚ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਵਿਅਕਤੀ ਮਾਰੇ ਗਏ ਸਨ । ਇਸ ਮਾਮਲੇ ‘ਚ ਵਿਸ਼ੇਸ਼ ਅਦਾਲਤ ਨੇ ਜੁਲਾਈ 2007 ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ । ਸੁਪਰੀਮ ਕੋਰਟ ਨੇ ਇਹ ਵੀ ਕਿਹਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਸਮਰੱਥ ਅਥਾਰਟੀ ਫੈਸਲਾ ਕਰੇਗੀ ।