Skip to main content

Gee 98News

ਜਾਅਲੀ ਜਾਤੀ ਸਰਟੀਫਿਕੇਟ : ਗਾਇਕ ਅੰਮ੍ਰਿਤ ਮਾਨ ਦੇ ਪਿਤਾ ‘ਤੇ ਹੋਵੇਗੀ ਕਾਰਵਾਈ….!

ਚੰਡੀਗੜ੍ਹ 13 ਜੂਨ-ਜਾਅਲੀ ਜਾਤੀ ਸਰਟੀਫਿਕੇਟ ‘ਤੇ ਨੌਕਰੀ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਵੱਲੋਂ ਸਖ਼ਤ ਕਾਰਵਾਈ ਦਾ ਸੰਕੇਤ ਦਿੱਤਾ ਗਿਆ ਹੈ । ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ “ਰਿਜ਼ਰਵੇਸ਼ਨ ਚੋਰ ਫੜੋ” ਮੋਰਚਾ ਦੇ ਆਗੂਆਂ ਨਾਲ ਇਕ ਮੀਟਿੰਗ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ 15 ਦਿਨਾਂ ਦੇ ਵਿੱਚ-ਵਿੱਚ ਕਾਰਵਾਈ ਕਰਨ ਲਈ ਕਿਹਾ ਹੈ । ਇਸ ਮੀਟਿੰਗ ਵਿਚ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਵੀ ਹਾਜ਼ਰ ਸਨ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਾਅਲੀ ਸਰਟੀਫਿਕੇਟ ‘ਤੇ ਨੌਕਰੀ ਕਰਨ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ । ਉਨ੍ਹਾਂ ਵਿਭਾਗ ਨੂੰ ਜਾਤੀ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਵਿੱਚ ਲੋੜੀਂਦੇ ਸੁਧਾਰ ਕਰਨ ਲਈ ਵੀ ਕਿਹਾ ਤਾਂ ਜੋ ਇਸ ਸਮੱਸਿਆ ਨੂੰ ਜੜੋਂ ਹੀ ਖਤਮ ਕੀਤਾ ਜਾ ਸਕੇ । ਸਰਦਾਰ ਚੀਮਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਾਅਲੀ ਸਰਟੀਫਿਕੇਟ ਦੇ ਮਾਮਲੇ ‘ਚ ਜੋ ਕੇਸ ਅਦਾਲਤ ਵਿੱਚ ਚੱਲ ਰਹੇ ਹਨ ਉਨ੍ਹਾਂ ਸਬੰਧੀ ਐਡਵੋਕੇਟ ਜਨਰਲ ਦੇ ਦਫਤਰ ਨਾਲ ਸੰਪਰਕ ਕਰਕੇ ਅਗਲੀ ਕਾਰਵਾਈ ਕੀਤੀ ਜਾਵੇ ।‌ ਮੀਟਿੰਗ ਵਿੱਚ ਹਾਜ਼ਰ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਦੇ ਆਗੂਆਂ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਮਾਜਕ ਨਿਆਂ ਮੰਤਰੀ ਬਲਜੀਤ ਕੌਰ ਨੇ ਭਰੋਸਾ ਦਿੱਤਾ ਕਿ ਜਾਅਲੀ ਜਾਤੀ ਸਰਟੀਫਿਕੇਟ ਦੇ ਅਧਾਰ ‘ਤੇ ਨੌਕਰੀ ਕਰਨ ਵਾਲਿਆਂ ਨੂੰ ਨਹੀਂ ਬਖਸ਼ਿਆ ਜਾਵੇਗਾ । ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਕਾਫ਼ੀ ਸਮੇਂ ਤੋਂ ਮੋਹਾਲੀ ਵਿਖੇ ਮੋਰਚਾ ਲੱਗਿਆ ਹੋਇਆ ਹੈ ਪ੍ਰੰਤੂ ਪਿਛਲੇ ਦਿਨੀਂ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਵੱਲੋਂ ਜਾਅਲੀ ਸਰਟੀਫਿਕੇਟ ਦੇ ਅਧਾਰ ‘ਤੇ ਨੌਕਰੀ ਕਰਨ ਦੀਆਂ ਸੁਰਖੀਆਂ ਤੋਂ ਬਾਅਦ ਇਹ ਮਾਮਲਾ ਕਾਫੀ ਭਖ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਦੀਆਂ ਸਮੁੱਚੀਆਂ ਦਲਿਤ ਜਥੇਬੰਦੀਆਂ ਨੇ 12 ਜੂਨ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ ਪਰ ਵਿੱਤ ਮੰਤਰੀ ਵੱਲੋਂ 13 ਜੂਨ ਨੂੰ ਮੀਟਿੰਗ ਦਾ ਭਰੋਸਾ ਦੇਣ ਤੋਂ ਬਾਅਦ ਬੰਦ ਦਾ ਸੱਦਾ ਵਾਪਸ ਲੈ ਲਿਆ ਗਿਆ ਸੀ । ਹੁਣ ਇਸ ਮਾਮਲੇ ਵਿੱਚ ਨਜ਼ਰਾਂ ਪੰਜਾਬ ਸਰਕਾਰ ਦੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਜਾਅਲੀ ਜਾਤੀ ਸਰਟੀਫਿਕੇਟ ‘ਤੇ ਨੌਕਰੀ ਕਰਨ ਵਾਲੇ ਅੰਮ੍ਰਿਤ ਮਾਨ ਦੇ ਪਿਤਾ ‘ਤੇ ਕੋਈ ਕਾਰਵਾਈ ਹੋਵੇਗੀ ?

error: Content is protected !!