Gee 98News

ਸਵੱਛ ਭਾਰਤ ਮਿਸ਼ਨ: ਜ਼ਿਲ੍ਹਾ ਬਰਨਾਲਾ ਨੂੰ ਗ੍ਰੀਨ ਜ਼ੋਨ ਹੇਠ ਲਿਆਉਣ ਲਈ ਯਤਨ ਤੇਜ਼

ਬਰਨਾਲਾ 14 ਜੂਨ ( ਨਿਰਮਲ ਸਿੰਘ ਪੰਡੋਰੀ )-

ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਜਲ ਸਰੋਤ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਨੂੰ ਗ੍ਰੀਨ ਜ਼ੋਨ ਹੇਠ ਲਿਆਉਣ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ।ਇਸ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪਿੰਡਾਂ ਨੂੰ ਓਡੀਐਫ ਪਲੱਸ ਕਰਨ ਦੀ ਮੁਹਿੰਮ ਤਹਿਤ ਪ੍ਰੋਜੈਕਟਾਂ ਦਾ ਅੱਜ ਨਿਰੀਖਣ ਕੀਤਾ ਗਿਆ। ਉਨ੍ਹਾਂ ਪੰਚਾਇਤੀ ਰਾਜ, ਜਲ ਸਪਲਾਈ ਤੇ ਸੈਨੀਟੇਸ਼ਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਤੇ ਹੋਰ ਵਿਭਾਗ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਤਰਲ ਕੂੜਾ ਪ੍ਰਬੰਧਨ ਦੇ ਪ੍ਰੋਜੈਕਟਾਂ ਦਾ ਰਹਿੰਦਾ ਕੰਮ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਵਿੱਚ ਚੱਲ ਰਹੇ ਸਪੋਰਟਸ ਪਾਰਕਾਂ ਦੇ ਕੰਮ, ਛੱਪੜਾਂ ਦੇ ਥਾਪਰ ਮਾਡਲ,ਪੰਚਾਇਤ ਘਰਾਂ, ਲਾਇਬ੍ਰੇਰੀਆਂ ਆਦਿ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮੁਹਿੰਮ ਤਹਿਤ ਜ਼ਿਲ੍ਹੇ ਨੂੰ ਮੂਹਰਲੀ ਕਤਾਰ ਵਿੱਚ ਲਿਆਉਣ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਰਿੰਦਰ ਧਾਲੀਵਾਲ, ਉੱਪ ਮੰਡਲ ਮੈਜਿਸਟਰੇਟ ਬਰਨਾਲਾ ਗੋਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

error: Content is protected !!