ਚੰਡੀਗੜ੍ਹ,2 ਅਗਸਤ-ਪੰਜਾਬ ਸਰਕਾਰ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਅਤੇ ਆਲ ਇੰਡੀਆ ਆਂਗਣਵਾੜੀ ਵਰਕਰ ਤੇ ਹੈਲਪਰ ਦੀ ਪ੍ਰਧਾਨ ਬੀਬੀ ਹਰਿਗੋਬਿੰਦ ਕੌਰ ਦੇ ਖ਼ਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਹਰਗੋਬਿੰਦ ਕੌਰ ਦੇ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ । ਜ਼ਿਕਰਯੋਗ ਹੈ ਕਿ ਹਰਗੋਬਿੰਦ ਕੌਰ ਨੇ ਪਿਛਲੇ ਦਿਨੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਸੀ ਅਤੇ ਅਕਾਲੀ ਦਲ ਨੇ ਉਨ੍ਹਾਂ ਨੂੰ ਇਸਤਰੀ ਵਿੰਗ ਦਾ ਸੂਬਾ ਪ੍ਰਧਾਨ ਬਣਾ ਦਿੱਤਾ ਸੀ । ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹ/ਮਾਣ ਭੱਤਾ ਲੈਣ ਵਾਲੇ ਕਿਸੇ ਮੁਲਾਜ਼ਮ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਗਤੀਵਿਧੀ ‘ਚ ਸਿੱਧੇ ਤੌਰ ‘ਤੇ ਸ਼ਾਮਿਲ ਹੋਣਾ ਨਿਯਮਾਂ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਹਰਿਗੋਬਿੰਦ ਕੌਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਬਤੌਰ ਆਂਗਣਵਾੜੀ ਵਰਕਰ ਸੇਵਾਵਾਂ ਨਿਭਾ ਰਹੇ ਹਨ ਜਿਸ ਦੇ ਬਦਲੇ ਸਰਕਾਰ ਵੱਲੋਂ ਉਹਨਾਂ ਨੂੰ ਸਰਕਾਰੀ ਖ਼ਜ਼ਾਨੇ ‘ਚੋਂ ਮਾਣਭੱਤਾ ਦਿੱਤਾ ਜਾਂਦਾ ਹੈ। ਮੰਤਰੀ ਨੇ ਕਿਹਾ ਕਿ ਜੇਕਰ ਕੋਈ ਆਂਗਣਵਾੜੀ ਵਰਕਰ ਸਿੱਧੇ ਤੌਰ ‘ਤੇ ਰਾਜਨੀਤਿਕ ਗਤੀਵਿਧੀਆਂ ‘ਚ ਸ਼ਾਮਲ ਹੋਵੇਗਾ ਤਾਂ ਉਸ ਵੱਲੋਂ ਨਿਰਪੱਖਤਾ ਨਾਲ ਅਤੇ ਸਹੀ ਢੰਗ ਨਾਲ ਆਪਣੀਆਂ ਸੇਵਾਵਾਂ ਨਹੀਂ ਨਿਭਾਈਆਂ ਜਾ ਸਕਣਗੀਆਂ । ਬੀਬੀ ਹਰਗੋਬਿੰਦ ਕੌਰ ਨੇ ਆਪਣੇ ਖਿਲਾਫ਼ ਸਰਕਾਰ ਵੱਲੋਂ ਕਾਰਵਾਈ ਦੇ ਸੰਕੇਤ ਦਿੱਤੇ ਜਾਣ ਤੋਂ ਬਾਅਦ ਟਿੱਪਣੀ ਕੀਤੀ ਕਿ ਅਜੇ ਤੱਕ ਉਹਨਾਂ ਨੂੰ ਇਸ ਮਾਮਲੇ ‘ਚ ਕੋਈ ਨੋਟਿਸ ਨਹੀਂ ਮਿਲਿਆ ਜਦ ਨੋਟਿਸ ਮਿਲੇਗਾ ਤਾਂ ਉਸ ਦਾ ਜਵਾਬ ਦਿੱਤਾ ਜਾਵੇਗਾ। ਬੀਬੀ ਹਰਗੋਬਿੰਦ ਕੌਰ ਨੇ ਕਿਹਾ ਕਿ ਸਰਕਾਰ ਇਹ ਆਂਗਨਵਾੜੀ ਵਰਕਰਾਂ ਨੂੰ ਰੈਗੂਲਰ ਕਰ ਦੇਵੇ ਤਾਂ ਉਹ ਇਸਤਰੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰ ਉਹਨਾਂ ਦੇ ਖਿਲਾਫ਼ ਕਾਰਵਾਈ ਕਰਨਾ ਚਾਹੁੰਦੀ ਹੈ ਕਿਉਂਕਿ ਜੇਕਰ ਕਿਸੇ ਪਾਰਟੀ ਦੇ ਦਰ ਕਿਉਂ ਨਹੀਂ ਬਣ ਸਕਦੀ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਆਂਗਣਵਾੜੀ ਵਰਕਰਾਂ ਪੰਚ ਸਰਪੰਚ ਹਨ ਅਤੇ ਕਈ ਸਿਆਸੀ ਪਾਰਟੀਆਂ ਵਿੱਚ ਵੀ ਕੰਮ ਕਰ ਰਹੀਆਂ ਹਨ, ਪ੍ਰੰਤੂ ਸਰਕਾਰ ਨੂੰ ਉਹਨਾਂ ਦੀਆਂ ਗਤੀਵਿਧੀਆਂ ਤੇ ਹੀ ਇਤਰਾਜ ਹੈ ਜਿਸ ਤੋਂ ਸਪਸ਼ਟ ਹੈ ਕਿ ਸਰਕਾਰ ਸਿਆਸੀ ਰੰਜਿਸ਼ ਕਾਰਨ ਹੀ ਉਨ੍ਹਾਂ ਦੇ ਖਿਲਾਫ ਕਾਰਵਾਈ ਕਰਨਾ ਚਾਹੁੰਦੀ ਹੈ ।