Gee 98News

-ਪੰਜਾਬ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਜਲਦ ਕਰਾਂਗੇ ਪੰਜਾਬ ਪੱਧਰੀ ਮੁਹਿਮ ਦਾ ਆਗਾਜ਼-ਸੇਖੋਂ
ਮਹਿਲ ਕਲਾਂ, 7 ਸਤੰਬਰ (ਨਿਰਮਲ ਸਿੰਘ ਪੰਡੋਰੀ) :-ਪੰਜਾਬ ਦੇ ਲੋਕਾਂ ਵਲੋਂ ਵੱਡੀਆਂ ਆਸਾਂ ਅਤੇ ਉਮੀਦਾਂ ਨਾਲ ਬਣਾਈ ਗਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਡੇਢ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਆਮ ਲੋਕਾਂ ਦਾ ਕੱਖ ਨਹੀਂ ਸੰਵਾਰਿਆ। ਚੋਣਾਂ ਸਮੇਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੁਝ ਮਹੀਨਿਆਂ ‘ਚ ਨਸ਼ੇ ਦਾ ਮੁਕੰਮਲ ਖ਼ਾਤਮਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਅੱਜ ਤੱਕ ਪੰਜਾਬ ਸਰਕਾਰ ਨਸ਼ਿਆਂ ਦੇ ਮੁੱਦੇ ‘ਤੇ ਬੁਰੀ ਤਰ੍ਹਾਂ ਨਾਲ ਫ਼ੇਲ ਸਾਬਤ ਹੋਈ ਹੈ, ਹਾਲਾਤ ਇਹ ਹਨ ਕਿ ਸੂਬੇ ਅੰਦਰ ਨਸ਼ਾ ਪਹਿਲਾਂ ਦੇ ਮੁਕਾਬਲੇ ਵੱਧ ਚੁੱਕਾ ਹੈ। ਨਸ਼ਿਆਂ ਦੀ ਲਪੇਟ ‘ਚ ਆ ਕੇ ਨੌਜਵਾਨ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜਿਕ ਕਾਰਕੁੰਨ ਸਾਬਕਾ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਨੇ “ਮੈਂ ਪੰਜਾਬੀ ਮੰਚ” ਦੇ ਸੂਬਾ ਆਗੂ ਹਰਜੀਤ ਸਿੰਘ ਖਿਆਲੀ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਦਿਸ਼ਾਹੀਣ ਹੋ ਚੁੱਕੀ ਨੌਜਵਾਨੀ ਨੂੰ ਸੇਧ ਦੇਣ ਵਾਸਤੇ ਪੰਜਾਬ ਸਰਕਾਰ ਵਲੋਂ ਕੋਈ ਵੀ ਠੋਸ ਨੀਤੀ ਨਹੀਂ ਬਣਾਈ ਗਈ। ਜਿਸ ਕਾਰਨ ਸਿਆਸੀ ਸਰਪ੍ਰਸਤੀ ਹਾਸਿਲ ਨਸ਼ਾ ਤਸਕਰ ਆਪਣਾ ਨਜ਼ਾਇਜ ਕਾਰੋਬਾਰ ਜ਼ੋਰਾਂ -ਸ਼ੋਰਾਂ ਨਾਲ ਕਰ ਰਹੇ ਹਨ। ਸ: ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੀ ਨਲਾਇਕੀ ਨੂੰ ਛੁਪਾਉਣ ਵਾਸਤੇ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਦੇ ਹਵਾਲੇ ਦੇ ਕੇ ਆਪਣੇ ਲੋਕ ਮਾਰੂ ਫ਼ੈਸਲਿਆਂ ਨੂੰ ਸਹੀ ਸਾਬਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇੱਥੇ ਹੀ ਬੱਸ ਨਹੀਂ ‘ਆਪ’ ਦੀ ਸ਼ੋਸ਼ਲ ਮੀਡੀਆ ਟੀਮ ਵਲੋਂ ਸ਼ੋਸ਼ਲ ਮੀਡੀਆ ‘ਤੇ ਹੱਕ ਸੱਚ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਆਵਾਜ਼ ਨੂੰ ਦਬਾਉਣ ਲਈ ਚੈਨਲ ਅਤੇ ਪੇਜ਼ ਬੰਦ ਕਰਵਾਏ ਜਾ ਰਹੇ ਹਨ, ਇਸ ਤੋਂ ਇਲਾਵਾ ਲੋਕ ਪੱਖੀ ਲੋਕਾਂ ਦੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਮੀਡੀਆ ਦੀ ਆਜ਼ਾਦੀ ਦੀ ਦੁਹਾਈ ਦੇਣ ਵਾਲੀ ‘ਆਮ ਆਦਮੀ ਪਾਰਟੀ’ ਨੇ ਸੂਬੇ ਅੰਦਰ ਅਣਐਲਾਨੀ ਮੀਡੀਆ ਐਮਰਜੈਂਸੀ ਲਾ ਰੱਖੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜਲਦ ਹੀ “ਮੈਂ ਪੰਜਾਬੀ ਮੰਚ’ ਵਲੋਂ ਨਸ਼ਿਆਂ ਅਤੇ ਪੰਜਾਬ ਦੇ ਹੋਰ ਭਖਦੇ ਮੁੱਦਿਆਂ ਨੂੰ ਲੈ ਕੇ ਸਮੂਹ ਪੰਜਾਬ ਦਰਦੀਆਂ ਨੂੰ ਨਾਲ ਲੈ ਕੇ ਵੱਡੀ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ,ਜਿਸ ਸਬੰਧੀ ਯੋਜਨਾ ਉਲੀਕੀ ਜਾ ਰਹੀ ਹੈ। ਉਨ੍ਹਾਂ ਪੰਜਾਬ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਸਮਝਦੇ ਹੋਏ ਇੱਕ ਮੰਚ ‘ਤੇ ਲਾਮਬੰਦ ਹੋਣ ਤਾਂ ਜੋ ਪੰਜਾਬ, ਪੰਜਾਬੀ, ਪੰਜਾਬੀਅਤ ਅਤੇ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਇਆ ਜਾ ਸਕੇ।

Leave a Reply

Your email address will not be published. Required fields are marked *

error: Content is protected !!