Skip to main content

Gee 98News

ਬੀਕੇਯੂ ਡਕੌਂਦਾ (ਧਨੇਰ) ਦੇ ਸੂਬਾ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ

ਬਰਨਾਲਾ 01 ਅਕਤੂਬਰ ( ਨਿਰਮਲ ਸਿੰਘ ਪੰਡੋਰੀ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਧਨੇਰ ਗਰੁੱਪ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ ਉਸ ਦੀਆਂ ਨਸ਼ਾ ਵਿਰੋਧੀ ਕਾਰਵਾਈਆਂ ਕਰ ਕੇ ਨਸ਼ਾ ਤਸਕਰਾਂ ਵੱਲੋਂ ਜਾਨੋਂ ਮਾਰਨ ਦੀ ਦਿੱਤੀ ਧਮਕੀ ਮਿਲੀ ਹੈ ਜਿਸਦਾ ਜਥੇਬੰਦੀ ਨੇ ਗੰਭੀਰ ਨੋਟਿਸ ਲਿਆ ਹੈ। ਬਰਨਾਲਾ ਵਿਖੇ ਹੋਈ ਸੂਬਾਈ ਹੰਗਾਮੀ ਮੀਟਿੰਗ ਵਿੱਚ ਇਸ ਅਤਿ ਗੰਭੀਰ ਮਸਲੇ ਨੂੰ ਵਿਚਾਰਿਆ ਗਿਆ।ਇਸ ਮੌਕੇ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਜਥੇਬੰਦੀ ਨੇ ਪਿੰਡਾਂ ਦੇ ਲੋਕਾਂ ਸਮੇਤ ਹੋਰਨਾਂ ਜਥੇਬੰਦੀਆਂ ਨੂੰ ਨਾਲ ਲੈਕੇ ਨਸ਼ਿਆਂ ਨੂੰ ਠੱਲ ਪਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਹਰਨੇਕ ਸਿੰਘ ਮਹਿਮਾ ਨਸ਼ੇ ਦੀ ਇਸ ਅਲਾਮਤ ਖਿਲ਼ਾਫ ਪੂਰੇ ਫਿਰੋਜ਼ਪੁਰ ਜਿਲ੍ਹੇ ਵਿੱਚ ਚੱਲ ਰਹੀ ਮੁਹਿੰਮ ਦੇ ਅਗਵਾਈ ਕਰ ਰਿਹਾ ਹੋਣ ਕਰਕੇ ਪ੍ਰਸ਼ਾਸਨ, ਰਾਜ ਕਰਦੇ ਹਾਕਮਾਂ ਅਤੇ ਨਸ਼ਾ ਤਸਕਰਾਂ ਦੀ ਅੱਖ ਵਿੱਚ ਰੋੜ ਵਾਂਗ ਰੜਕ ਰਿਹਾ ਹੈ। ਇਸੇ ਕਾਰਨ ਹਰਨੇਕ ਸਿੰਘ ਮਹਿਮਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵਾਰ ਵਾਰ ਦਿੱਤੀਆਂ ਜਾ ਰਹੀਆਂ ਹਨ। ਹਰਨੇਕ ਸਿੰਘ ਮਹਿਮਾ ਨੂੰ ਧਮਕੀਆਂ ਦੇਣ ਵਾਲਿਆਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ, ਜਥੇਬੰਦੀ ਕਈ ਵਾਰ ਪੁਲਿਸ ਪ੍ਰਸ਼ਾਸਨ ਨੂੰ ਮਿਲ ਚੁੱਕੀ ਹੈ, ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਹਰਨੇਕ ਸਿੰਘ ਮਹਿਮਾ ਅਤੇ ਉਸ ਦੇ ਪਰਿਵਾਰ ਨੂੰ ਧਮਕੀਆਂ ਦੇਣ ਵਾਲੇ ਨਸ਼ਾ ਤਸਕਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ,ਨਹੀਂ ਤਾਂ ਜਥੇਬੰਦੀ ਪੰਜਾਬ ਪੱਧਰ ਤੇ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ।

error: Content is protected !!