Gee 98News

ਬਰਨਾਲਾ,17 ਨਵੰਬਰ (ਨਿਰਮਲ ਸਿੰਘ ਪੰਡੋਰੀ)-ਮਨਿਸਟਰੀਆਲ ਸਟਾਫ ਐਸੋਸੀਏਸ਼ਨ ਪੰਜਾਬ (ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ) ਵਿਭਾਗ ਦੀ ਇੱਕ ਮੀਟਿੰਗ ਮੱਖਣ ਸਿੰਘ ਸੂਬਾ ਖਜ਼ਾਨਚੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਬਰਨਾਲਾ ਜ਼ਿਲ੍ਹੇ ਦੇ ਕਲੈਰੀਕਲ ਕਾਮਿਆਂ ਨੇ ਸ਼ਮੂਲੀਅਤ ਕੀਤੀ । ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਖਜ਼ਾਨਚੀ ਮੱਖਣ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਦਫਤਰਾਂ ਵਿੱਚ ਬੁਨਿਆਦੀ ਢਾਂਚੇ ਅਤੇ ਖਾਲੀ ਅਸਾਮੀਆਂ ਕਾਰਨ ਕਲੈਰੀਕਲ ਕਾਮਿਆਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਨਾਂ ਸਬੰਧੀ ਮੰਤਰੀ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾਇਆ ਪ੍ਰੰਤੂ ਇਹਨਾਂ ਮੰਗਾਂ ਤੇ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨਾਂ ਦੱਸਿਆ ਕਿ ਵਿਭਾਗ ਵਿੱਚ 45 ਸੀਨੀਅਰ ਸਹਾਇਕਾਂ ਦੀ ਤਰੱਕੀ ਸਬੰਧੀ ਫਾਈਲ ਲੰਮੇ ਸਮੇਂ ਤੋਂ ਪੈਂਡਿੰਗ ਹੈ, ਜਦ ਕਿ ਮੁੱਖ ਦਫ਼ਤਰ ਅਤੇ ਫੀਡ ਦਫ਼ਤਰਾਂ ਵਿੱਚ ਸੀਨੀਅਰ ਸਹਾਇਕਾਂ ਦੀ ਵੱਡੀ ਘਾਟ ਹੈ। ਇਸ ਤੋਂ ਇਲਾਵਾ ਕਲਰਕ, ਸੁਪਰਵਾਈਜ਼ਰ, ਸੀਡੀਪੀਓ ਅਤੇ ਡੀਪੀਓ ਦੀਆਂ ਅਸਾਮੀਆਂ ਲੰਮੇ ਸਮੇਂ ਤੋਂ ਖਾਲੀ ਹਨ ਜਿਸ ਕਰਕੇ ਵਿਭਾਗ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ।‌ ਉਹਨਾਂ ਦੱਸਿਆ ਕਿ ਫੀਲਡ ਦਫ਼ਤਰਾਂ ਵਿੱਚ ਸਫਾਈ ਸੇਵਕਾਂ, ਸੇਵਾਦਾਰਾਂ ,ਅਤੇ ਚੌਂਕੀਦਾਰਾਂ ਦੀ ਘਾਟ ਹੈ ਅਤੇ ਮੁੱਖ ਦਫ਼ਤਰ ਤੇ ਫੀਲਡ ਦਫ਼ਤਰਾਂ ਵਿੱਚ ਫਰਨੀਚਰ ਅਤੇ ਕੰਪਿਊਟਰਾਂ ਦੀ ਘਾਟ ਕਾਰਨ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਇਹ ਸਾਰੀਆਂ ਮੰਗਾਂ ਤੇ ਸਮੱਸਿਆਵਾਂ ਅਜਿਹੀਆਂ ਹਨ ਜਿਨਾਂ ਸਬੰਧੀ ਵਿਭਾਗ ਦੇ ਮੰਤਰੀ ਅਤੇ ਉੱਚ ਅਧਿਕਾਰੀਆਂ ਨੂੰ ਕਈ ਵਾਰ ਮਿਲ ਕੇ ਅਤੇ ਮੰਗ ਪੱਤਰ ਦੇ ਕੇ ਜਾਣੂ ਕਰਵਾਇਆ ਜਾ ਚੁੱਕਾ ਹੈ ਪ੍ਰੰਤੂ ਸਰਕਾਰ ਇਹਨਾਂ ਸਮੱਸਿਆਵਾਂ ਦਾ ਹੱਲ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮੁਲਾਜ਼ਮਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਪ੍ਰੰਤੂ ਸਰਕਾਰ ਬਣਨ ਤੋਂ ਬਾਅਦ ਕੋਈ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਰਕੇ ਸਰਕਾਰੀ ਮੁਲਾਜ਼ਮਾਂ ਵਿੱਚ ਰੋਸ ਹੈ ਅਤੇ ਸਰਕਾਰ ਦੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਇਸ ਬੇਰੁਖੀ ਕਰਕੇ ਹੀ ਮੁਲਾਜ਼ਮ ਕਲਮ ਛੋੜ ਹੜ੍ਹਤਾਲ ‘ਤੇ ਹਨ। ਸੂਬਾ ਖਜ਼ਾਨਚੀ ਨੇ ਵਿਭਾਗੀ ਜਥੇਬੰਦੀ ਵੱਲੋਂ ਮਨਿਸਟਰੀਅਲ ਕਾਮਿਆਂ ਦੀ ਹੜਤਾਲ ਵਿੱਚ ਸਹਿਯੋਗ ਕਰਨ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਦਰਸ਼ਨ ਸਿੰਘ ਜ਼ਿਲ੍ਹਾ ਪ੍ਰਧਾਨ ਬਰਨਾਲਾ, ਮਨਦੀਪ ਸਿੰਘ ਵਿੱਤ ਸਕੱਤਰ ਬਰਨਾਲਾ, ਬੂਟਾ ਸਿੰਘ ਬਲਾਕ ਪ੍ਰਧਾਨ ਬਰਨਾਲਾ, ਪ੍ਰਦੀਪ ਸਿੰਘ ਬਲਾਕ ਪ੍ਰਧਾਨ ਸ਼ਹਿਣਾ, ਕੁਲਵਿੰਦਰ ਸਿੰਘ ਬਲਾਕ ਪ੍ਰਧਾਨ ਮਹਿਲ ਕਲਾਂ, ਸ਼੍ਰੀਮਤੀ ਆਜਰਾ ਕੁਰੈਸ਼ੀ ਤੋਂ ਇਲਾਵਾ ਸੁਪਰਵਾਈਜ਼ਰ ਯੂਨੀਅਨ ਪੰਜਾਬ ਦੇ ਆਗੂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!