Gee 98News

ਚੰਡੀਗੜ੍ਹ, 23 ਨਵੰਬਰ-ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਬੀਡੀਪੀਓ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਦੇ ਬੀਡੀਪੀਓ ਵਿਪਨ ਕੁਮਾਰ ਸ਼ਰਮਾ ਨੂੰ ਜ਼ਿਲ੍ਹੇ ਦੇ ਪਿੰਡ ਸੇਖਵਾਂ ਦੀ ਮਹਿਲਾ ਸਰਪੰਚ ਦੇ ਪਤੀ ਹੈਪੀ ਗਿੱਲ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਹੈਪੀ ਗਿੱਲ ਦੀ ਸ਼ਿਕਾਇਤ ਅਨੁਸਾਰ ਬੀਡੀਪੀਓ ਨੇ ਪਿੰਡ ਦੇ ਵਿਕਾਸ ਕੰਮਾਂ ਵਿੱਚ ਵਰਤੇ ਗਏ ਸੀਮੈਂਟ ਦੇ ਬਿੱਲ ਕਲੀਅਰ ਕਰਨ ਬਦਲੇ ਰਿਸ਼ਵਤ ਲਈ ਸੀ। ‌ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀ.ਡੀ.ਪੀ.ਓ. ਨੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਵਰਤੇ ਗਏ ਸੀਮਿੰਟ ਦੀ ਖ਼ਰੀਦ ਦੇ 1,33,000 ਰੁਪਏ ਦੇ ਬਿੱਲ ਕਲੀਅਰ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸੌਦਾ 30,000 ਰੁਪਏ ਵਿੱਚ ਤੈਅ ਹੋਇਆ ਤੇ ਬੀਡੀਪੀਓ ਨੇ 20 ਨਵੰਬਰ ਨੂੰ 15,000 ਰੁਪਏ ਲੈ ਲਏ ਅਤੇ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਸ਼ਿਕਾਇਤ ਮਿਲਣ ‘ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁੱਢਲੀ ਜਾਂਚ ਕਰਨ ਉਪਰੰਤ ਜਾਲ ਵਿਛਾਇਆ ਅਤੇ ਬੀਡੀਪੀਓ ਵਿਪਨ ਕੁਮਾਰ ਸ਼ਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 22 ਨਵੰਬਰ, 2023 ਨੂੰ ਐਫ.ਆਈ.ਆਰ. 38 ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *

error: Content is protected !!