Gee 98News

ਚੰਡੀਗੜ੍ਹ,9 ਦਸੰਬਰ-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਦੋ ਸਾਬਕਾ ਰਜਿਸਟਰਾਰਾਂ ਅਤੇ ਇੱਕ ਸੁਪਰਡੈਂਟ ਨੂੰ ਕਥਿਤ ਤੌਰ ‘ਤੇ ਨਿੱਜੀ ਫਾਰਮੇਸੀ ਸੰਸਥਾਵਾਂ ਦੇ ਸਹਿਯੋਗ ਨਾਲ ਉਮੀਦਵਾਰਾਂ ਦੀ ਰਜਿਸਟਰੇਸ਼ਨ ਕਰਨ ਅਤੇ ਫਾਰਮਾਸਿਸਟਾਂ ਨੂੰ ਸਰਟੀਫਿਕੇਟ ਜਾਰੀ ਕਰਨ ਨਾਲ ਸਬੰਧਤ ਗੰਭੀਰ ਬੇਨਿਯਮੀਆਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਫਾਰਮਾਸਿਸਟਾਂ ਦੀ ਰਜਿਸਟ੍ਰੇਸ਼ਨ ਦੌਰਾਨ ਤਸਦੀਕ ਪ੍ਰਕਿਰਿਆ ਵਿੱਚ ਕੀਤੀ ਅਣਗਿਹਲੀ ਦਾ ਪਤਾ ਲੱਗਾ ਹੈ। ਇਸ ਤੋਂ ਇਲਾਵਾ ਆਮ ਨਿਰੀਖਣ ਦੌਰਾਨ ਕਈ ਜਾਅਲੀ ਡੀ-ਫਾਰਮੇਸੀ ਸਰਟੀਫਿਕੇਟਾਂ ਦਾ ਵੀ ਪਤਾ ਲੱਗਾ ਹੈ। ਇਸ ਜਾਂਚ ਦੌਰਾਨ ਇਹ ਸਪੱਸ਼ਟ ਹੋਇਆ ਕਿ ਪੰਜਾਬ ਦੇ 105 ਫਾਰਮੇਸੀ ਕਾਲਜਾਂ ਵਿੱਚ ਚੱਲਦੇ ਡੀ-ਫਾਰਮੇਸੀ ਕੋਰਸਾਂ ਲਈ ਦਾਖਲਾ ਪ੍ਰਕਿਰਿਆ ਦੌਰਾਨ ਉਕਤ ਦੋਸ਼ੀ ਰਜਿਸਟਰਾਰਾਂ ਅਤੇ ਕਰਮਚਾਰੀਆਂ ਵੱਲੋਂ ਸਖ਼ਤ ਪ੍ਰੋਟੋਕੋਲ ਅਤੇ ਲਾਜ਼ਮੀ ਵਿਦਿਅਕ ਯੋਗਤਾਵਾਂ ਨੂੰ ਅਣਗੌਲਿਆਂ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ 2005 ਤੋਂ 2022 ਦਰਮਿਆਨ 143 ਵਿਦਿਆਰਥੀਆਂ ਦੇ ਜਾਅਲੀ ਸਰਟੀਫਿਕੇਟਾਂ ਦਾ ਪਰਦਾਫਾਸ਼ ਹੋਇਆ ਹੈ। ਇਨ੍ਹਾਂ ਵਿਦਿਆਰਥੀਆਂ ਨੇ ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਆਪਣੇ ਸਬੰਧਾਂ ਦਾ ਫਾਇਦਾ ਉਠਾਉਂਦਿਆਂ ਪ੍ਰਾਈਵੇਟ ਕਾਲਜਾਂ ਵਿੱਚ ਡੀ-ਫਾਰਮੇਸੀ ਦੇ ਡਿਪਲੋਮੇ ਮੁਕੰਮਲ ਕੀਤੇ।

Leave a Reply

Your email address will not be published. Required fields are marked *

error: Content is protected !!