Gee 98News

ਚੰਡੀਗੜ੍ਹ,1 ਮਾਰਚ, Gee98 news service
-ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੀਤੇ ਕੱਲ੍ਹ ਪ੍ਰੈਸ ਕਾਨਫਰਸ ਦੌਰਾਨ ਬਾਦਲ ਪਰਿਵਾਰ ਦੇ ਹੋਟਲ ਸੁਖ ਵਿਲਾਸ ਸਬੰਧੀ ਕਹੀਆਂ ਗੱਲਾਂ ਲਈ ਮਾਫ਼ੀ ਮੰਗਣ ਲਈ ਕਿਹਾ ਹੈ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇੱਕ ਹੋਰ ਮਾਣਹਾਨੀ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚੇਤਾਵਨੀ ਵੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ‘ਤੇ ਬਾਦਲ ਪਰਿਵਾਰ ਵੱਲੋਂ ਪਹਿਲਾਂ ਹੀ ਬਾਲਾਸਰ ਫਾਰਮ ਸਬੰਧੀ ਕੀਤੀਆਂ ਟਿੱਪਣੀਆਂ ਦੇ ਮਾਮਲੇ ਵਿੱਚ ਇੱਕ ਮਾਣਹਾਨੀ ਦਾ ਮੁਕੱਦਮਾ ਕੀਤਾ ਹੋਇਆ ਹੈ। ਭਗਵੰਤ ਮਾਨ ਨੇ ਬਾਦਲ ਪਰਿਵਾਰ ‘ਤੇ ਆਲੀਸ਼ਾਨ ਹੋਟਲ ਸੁਖ ਵਿਲਾਸ ਦੀ ਉਸਾਰੀ ਸਬੰਧੀ ਕਾਨੂੰਨੀ ਬੇਨਿਯਮੀਆਂ ਅਤੇ ਕਰੋੜਾਂ ਰੁਪਏ ਦੀ ਸਰਕਾਰੀ ਖਜ਼ਾਨੇ ਦੀ ਲੁੱਟ ਦੇ ਦੋਸ਼ ਬੀਤੇ ਕੱਲ੍ਹ ਇਕ ਵਿਸ਼ੇਸ਼ ਪ੍ਰੈਸ ਕਾਨਫਰੰਸ ਕਰਕੇ ਲਗਾਏ ਸਨ। ਮੁੱਖ ਮੰਤਰੀ ਦੀ ਇਸ ਪ੍ਰੈਸ ਕਾਨਫਰੰਸ ਤੋਂ ਬਾਅਦ ਮੀਡੀਆ ਅਤੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵੱਖ-ਵੱਖ ਤਰ੍ਹਾਂ ਦੀ ਚਰਚਾ ਚੱਲ ਰਹੀ ਹੈ। ਸੁਖ ਵਿਲਾਸ ਸਬੰਧੀ ਮੁੱਖ ਮੰਤਰੀ ਦੀ ਪ੍ਰੈਸ ਕਾਨਫਰੰਸ ‘ਤੇ ਜੇਕਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਦੀਆਂ ਟਿੱਪਣੀਆਂ ਨੂੰ ਇੱਕ ਪਾਸੇ ਰੱਖ ਦਿੱਤਾ ਜਾਵੇ ਤਾਂ ਦੂਜੇ ਪਾਸੇ ਆਮ ਲੋਕ ਵੀ ਮੁੱਖ ਮੰਤਰੀ ਦੇ ਦਾਅਵਿਆਂ ‘ਤੇ ਪ੍ਰੈਸ ਕਾਨਫਰੰਸ ਦੌਰਾਨ ਕੀਤੇ ਖੁਲਾਸਿਆਂ ‘ਤੇ ਟਿੱਪਣੀਆਂ ਕਰਦੇ ਹੋਏ ਆਖ ਰਹੇ ਹਨ ਕਿ ਭਗਵੰਤ ਮਾਨ ਨੂੰ ਬਾਦਲ ਪਰਿਵਾਰ ਵੱਲੋਂ ਸਰਕਾਰੀ ਖਜ਼ਾਨੇ ਦੀ ਕੀਤੀ ਲੁੱਟ ਦੇ ਵੇਰਵੇ ਦੇਣ ਦੀ ਬਜਾਏ ਸਬੂਤਾਂ ਸਹਿਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਸੋਸ਼ਲ ਮੀਡੀਆ ‘ਤੇ ਲੋਕ ਇਹ ਟਿੱਪਣੀਆਂ ਵੀ ਕਰ ਰਹੇ ਹਨ ਕਿ ਆਪਣੀ ਸਰਕਾਰ ਦੇ ਦੋ ਸਾਲ ਬੀਤਣ ਦੇ ਬਾਅਦ ਤੱਕ ਵੀ ਜੇਕਰ ਅਜੇ ਮੁੱਖ ਮੰਤਰੀ ਭਗਵੰਤ ਮਾਨ ਬਾਦਲ ਪਰਿਵਾਰ ਦੀ ਜਾਇਦਾਦ ਦੇ ਖੁਲਾਸੇ ਹੀ ਕਰ ਰਹੇ ਹਨ ਤਾਂ ਇਹ ਮੰਨਿਆ ਜਾ ਸਕਦਾ ਹੈ ਕਿ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਸਿਆਸੀ ਫਾਇਦਾ ਉਠਾਉਣਾ ਚਾਹੁੰਦੇ ਹਨ ਜਦਕਿ ਅਸਲ ਵਿੱਚ ਉਹ ਬਾਦਲ ਪਰਿਵਾਰ ਦੇ ਖ਼ਿਲਾਫ਼ ਕਾਰਵਾਈ ਨਹੀਂ ਕਰਨਾ ਚਾਹੁੰਦੇ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਸਬੰਧੀ ਵੀ ਇਸੇ ਤਰ੍ਹਾਂ ਦੇ ਹੀ ਖੁਲਾਸੇ ਕੀਤੇ ਸਨ। ‌ ਸਰਕਾਰ ਵੱਲੋਂ ਅਜੇ ਤੱਕ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਸਬੰਧੀ ਅਤੇ ਬਾਦਲ ਪਰਿਵਾਰ ਦੇ ਬਾਲਾਸਰ ਫਾਰਮ ਸਬੰਧੀ ਕੋਈ ਕਾਨੂੰਨੀ ਕਾਰਵਾਈ ਆਰੰਭ ਨਹੀਂ ਕੀਤੀ ਗਈ। ਚੇਤੇ ਰਹੇ ਕਿ ਸਿਸਵਾਂ ਫਾਰਮ, ਬਾਲਾਸਰ ਫਾਰਮ ਅਤੇ ਸੁਖ ਵਿਲਾਸ ਹੋਟਲ ਸਬੰਧੀ ਇਹ ਦਾਅਵੇ ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਵੀ ਕਰਦੇ ਰਹੇ ਹਨ। ਲੋਕ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਟਿੱਪਣੀਆਂ ਕਰਦੇ ਹੋਏ ਮੰਗ ਕਰ ਰਹੇ ਹਨ ਕਿ ਭਗਵੰਤ ਮਾਨ ਨੂੰ ਦਾਅਵਿਆਂ ਉੱਪਰ ਦਾਅਵੇ ਕਰਨ ਦੀ ਬਜਾਏ ਕੈਪਟਨ ਅਤੇ ਬਾਦਲ ਪਰਿਵਾਰ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਪਹਿਲਾਂ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਸਵਾਂ ਫਾਰਮ ਦੇ ਮਾਮਲੇ ‘ਚ ਮੁੱਖ ਮੰਤਰੀ ਨੂੰ ਕਾਰਵਾਈ ਲਈ ਚੈਲੰਜ ਕੀਤਾ ਗਿਆ ਸੀ ਉੱਥੇ ਹੁਣ ਬਾਦਲ ਪਰਿਵਾਰ ਵੱਲੋਂ ਵੀ ਸੁਖ ਵਿਲਾਸ ਹੋਟਲ ਦੇ ਮਾਮਲੇ ‘ਚ ਮੁੱਖ ਮੰਤਰੀ ਨੂੰ ਕਾਰਵਾਈ ਲਈ ਚੈਲੰਜ ਕੀਤਾ ਜਾ ਰਿਹਾ ਹੈ। ਇਹਨਾਂ ਹਾਲਾਤਾਂ ਵਿੱਚ ਜੇਕਰ ਉਕਤ ਮਾਮਲਿਆਂ ‘ਚ ਕੋਈ ਕਾਰਵਾਈ ਪੰਜਾਬ ਸਰਕਾਰ ਵੱਲੋਂ ਨਹੀਂ ਕੀਤੀ ਜਾਂਦੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਹੀ ਸਵਾਲਾਂ ਦੇ ਘੇਰੇ ਵਿੱਚ ਰਹਿਣਗੇ। ਕੁਝ ਰਾਜਨੀਤਿਕ ਮਾਹਿਰ ਇਹ ਵੀ ਆਖ ਰਹੇ ਹਨ ਕਿ ਕਿਸੇ ਵੀ ਸਿਆਸੀ ਪਰਿਵਾਰ ਵੱਲੋਂ ਆਪਣੀ ਸੱਤਾ ਪਾਵਰ ਦੀ ਦੁਰਵਰਤੋਂ ਕਰਦੇ ਹੋਏ ਪੰਜਾਬ ਦੇ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਖੁਲਾਸੇ ਕਰਨ ਦੀ ਲੋੜ ਨਹੀਂ ਹੈ, ਸਗੋਂ ਜੇਕਰ ਮੌਜੂਦਾ ਸਰਕਾਰ ਕੋਲ ਕੋਈ ਠੋਸ ਤੱਥ ਹਨ ਤਾਂ ਸਰਕਾਰ ਨੂੰ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਦੋਸ਼ ਹੈ ਕਿ ਕਿਸਾਨ ਅੰਦੋਲਨ ਤੋਂ ਬਾਅਦ ਪੈਦਾ ਹੋਈ ਸਥਿਤੀ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਹੀ ਮੁੱਖ ਮੰਤਰੀ ਅਜਿਹੀਆਂ ਪ੍ਰੈਸ ਕਾਨਫਰੰਸਾਂ ਕਰ ਰਹੇ ਹਨ।

Leave a Reply

Your email address will not be published. Required fields are marked *

error: Content is protected !!