Skip to main content

Gee 98News

ਨਕਲੀ ਸ਼ਰਾਬ ਕਾਂਡ ਲਈ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ-ਉਗਰਾਹਾਂ

ਚੰਡੀਗੜ੍ਹ,25 ਮਾਰਚ, Gee98 news service
-ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਚ ਵਿਰੋਧੀ ਸਿਆਸੀ ਪਾਰਟੀਆਂ ਦੇ ਨਾਲ ਨਾਲ ਜਨਤਕ ਜਥੇਬੰਦੀਆਂ ਨੇ ਵੀ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਨਾਲ 22 ਦੇ ਕਰੀਬ ਲੋਕਾਂ ਦੀ ਮੌਤ ਨੇ ਸਰਕਾਰ ਦੀ ਗੰਭੀਰਤਾ ਦਾ ਪਰਦਾਫਾਸ਼ ਕਰ ਦਿੱਤਾ ਹੈ।ਇਹ ਘਟਨਾ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਦੀ ਹੈ, ਇਸ ਲਈ ਸਰਕਾਰ ਦੀ ਕਾਰਜਸ਼ੈਲੀ ‘ਤੇ ਸਵਾਲ ਉੱਠਣੇ ਲਾਜ਼ਮੀ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਗਰਾਹਾਂ ਨੇ ਕਿਹਾ ਕਿ ਗ਼ਰੀਬ ਲੋਕਾਂ ਦੇ ਜਿਊਣ ਦੇ ਅਧਿਕਾਰ ਵੀ ਸੁਰੱਖਿਅਤ ਨਹੀਂ ਹਨ, ਇਸ ਤੋਂ ਵੱਧ ਮੰਦਭਾਗੀ ਗੱਲ ਕੀ ਹੋ ਸਕਦੀ ਹੈ? ਪੀੜਤਾਂ ਦੀ ਦੇਖਭਾਲ ਕਰਨ ਵਿਚ ਸਰਕਾਰ ਵਲੋਂ ਕੀਤੀ ਜਾ ਰਹੀ ਦੇਰੀ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਦਿੱਲੀ ਵਿਚ ਆਪਣੇ ਮਾਲਕ ਨੂੰ ਖ਼ੁਸ਼ ਕਰਨ ਵਿਚ ਲੱਗੀ ਹੋਈ ਹੈ। ਸਾਨੂੰ ਉਦੋਂ ਪਤਾ ਲੱਗਦਾ ਹੈ ਜਦੋਂ ਸਾਡੇ ਆਪਣੇ ਘਰ ਨੂੰ ਅੱਗ ਲੱਗ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਹੀ ਇਸ ਮਾਮਲੇ ‘ਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਮਿ੍ਤਕਾਂ ਪ੍ਰਤੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਸਾਰਿਆਂ ਨੂੰ ਉਚਿੱਤ ਮੁਆਵਜ਼ਾ, ਸਰਕਾਰੀ ਨੌਕਰੀ ਤੇ ਬੱਚਿਆਂ ਲਈ ਮੁਫ਼ਤ ਸਿੱਖਿਆ ਦਾ ਪ੍ਰਬੰਧ ਕੀਤਾ ਜਾਵੇ । ਉਨ੍ਹਾਂ ਕਿਹਾ ਕੇ ਉਨ੍ਹਾਂ ਦੀ ਯੂਨੀਅਨ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ।

error: Content is protected !!