ਚੰਡੀਗੜ੍ਹ, 2 ਮਈ , Gee98 news service
-ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਚਿਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਵੀ ਚੇਤਾਵਨੀ ਜਾਰੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੁਧਿਆਣਾ ਵਿਖੇ ਇੱਕ ਚੋਣ ਰੈਲੀ ‘ਚ ਬੱਚਿਆਂ ਦੀ ਸਮੂਲੀਅਤ ਦਾ ਚੋਣ ਕਮਿਸ਼ਨ ਨੇ ਨੋਟਿਸ ਲਿਆ ਸੀ ਜਿਸ ਸਬੰਧੀ ਸੁਖਬੀਰ ਸਿੰਘ ਬਾਦਲ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਅੱਗੇ ਤੋਂ ਅਜਿਹੀ ਗਲਤੀ ਨਾ ਹੋਵੇ। ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਵੀਡੀਓ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਹੋਰ ਉਮੀਦਵਾਰਾਂ ਸਬੰਧੀ “ਦਿੱਲੀ ਦੇ ਦਲਾਲ” ਸ਼ਬਦ ‘ਤੇ ਵੀ ਇਤਰਾਜ਼ ਕੀਤਾ ਹੈ ਅਤੇ ਇਸ ਸਬੰਧੀ ਵੀ ਚੇਤਾਵਨੀ ਜਾਰੀ ਕੀਤੀ ਹੈ ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਨੇ ਇਹ ਵੀਡੀਓ ਹਟਾ ਦਿੱਤੀ ਹੈ। ਆਮ ਆਦਮੀ ਪਾਰਟੀ ਨੂੰ ਵੀ ਚੋਣ ਕਮਿਸ਼ਨ ਨੇ “ਅਨਸੈਕਰਡ ਗੇਮਜ਼ ਆਫ਼ ਪੰਜਾਬ” ਵਰਗੀਆਂ ਪੋਸਟਾਂ/ਵੀਡੀਓਜ਼ ਅਪਲੋਡ ਕਰਨ ਤੋਂ ਵਰਜਿਆ ਹੈ ਅਤੇ ਅੱਗੇ ਤੋਂ ਅਜਿਹਾ ਨਾ ਕਰਨ ਦੀ ਚੇਤਾਵਨੀ ਜਾਰੀ ਕੀਤੀ ਹੈ। ਆਪ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਤ ਪਾਤ ਅਧਾਰਿਤ ਟਿੱਪਣੀਆਂ ਦਾ ਨੋਟਿਸ ਲੈਂਦੇ ਹੋਏ ਵੀ ਚੋਣ ਕਮਿਸ਼ਨ ਨੇ ਭੁੱਲਰ ਨੂੰ ਸਖਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਦੁਬਾਰਾ ਅਜਿਹੀ ਗਲਤੀ ਨਾ ਹੋਵੇ। ਚੋਣ ਕਮਿਸ਼ਨ ਨੇ ਲਾਲਜੀਤ ਸਿੰਘ ਭੁੱਲਰ ਨੂੰ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਵੀ ਕਿਹਾ ਹੈ।