Gee 98News

ਬਰਨਾਲਾ, 12 ਮਈ, (ਨਿਰਮਲ ਸਿੰਘ ਪੰਡੋਰੀ)-
-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਕੁਰੜ ਵਿਖੇ‌ ਇੱਕ 16 ਕੁ ਵਰ੍ਹਿਆਂ ਦੇ ਨਾਬਾਲਿਗ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਭੀਜੀਤ ਸਿੰਘ ਪੁੱਤਰ ਭਰਪੂਰ ਸਿੰਘ ਪਿੰਡ ਮਿੱਠੇਵਾਲ ਦਾ ਰਹਿਣ ਵਾਲਾ ਸੀ ਜਿਸ ਦੀ ਲਾਸ਼ ਪਿੰਡ ਕੁਰੜ ਦੀ ਹਦੂਦ ਅੰਦਰ ਖੇਤ ਵਿੱਚ ਬਣੀ ਇੱਕ ਮੋਟਰ ਤੋਂ ਮਿਲੀ। ਸੂਤਰਾਂ ਅਨੁਸਾਰ ਅਭੀਜੀਤ ਸਿੰਘ ਦੀ ਬਾਂਹ ਵਿੱਚ ਸਰਿੰਜ ਲੱਗੀ ਹੋਈ ਸੀ, ਜਿਸ ਤੋਂ ਸਾਫ਼ ਜ਼ਾਹਰ ਹੈ ਕਿ ਉਸਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ‌ ਦੱਸ ਦੇਈਏ ਕਿ ਅਜੇ ਕੁਝ ਦਿਨ ਪਹਿਲਾਂ ਹੀ ਪਿੰਡ ਕੁਰੜ ਦੇ ਇੱਕ ਨੌਜਵਾਨ ਦੀ ਬਰਨਾਲਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਚੁੱਕੀ ਹੈ। ਉਕਤ ਦੋਵੇਂ ਘਟਨਾਵਾਂ ਤੋਂ ਪਿੰਡ ਕੁਰੜ ਵਿੱਚ ਨਸ਼ੇ ਦੀ ਸਪਲਾਈ ਚੇਨ ਸਬੰਧੀ ਅੰਦਾਜ਼ਾ ਲਗਾਉਣਾ ਮੁਸ਼ਕਿਲ ਨਹੀਂ ਹੈ। ਲੋਕ ਸਭਾ ਚੋਣਾਂ ਦੇ ਦੌਰਾਨ ਹੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈਆਂ ਇਹ ਮੌਤਾਂ ਸਰਕਾਰ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜੇ ਕਰਦੀਆਂ ਹਨ। ਸੋਸ਼ਲ ਮੀਡੀਆ ‘ਤੇ ਪਿੰਡ ਕੁਰੜ ਨਾਲ ਸਬੰਧਿਤ ਨਸ਼ੇ ਦੀ ਓਵਰਡੋਜ਼ ਨਾਲ ਹੋਈਆਂ ਇਹਨਾਂ ਦੋਵੇਂ ਮੌਤਾਂ ਦੀ ਚਰਚਾ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਆਪ ਦੇ ਉਮੀਦਵਾਰ ਮੀਤ ਹੇਅਰ ਨੂੰ ਵੀ ਨਿਸ਼ਾਨੇ ਤੇ ਲਿਆ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਸੰਗਰੂਰ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕੈਬਨਿਟ ਮੰਤਰੀ ਅਤੇ ਆਪ ਉਮੀਦਵਾਰ ਮੀਤ ਹੇਅਰ ਦੇ ਜ਼ੱਦੀ ਪਿੰਡ ‘ਚ ਨਸ਼ੇ ਦੀ ਓਵਰਡੋਜ਼ ਨਾਲ ਨਾਬਾਲਿਗ ਨੌਜਵਾਨ ਦੀ ਮੌਤ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਪੰਜਾਬ ‘ਚੋਂ ਨਸ਼ੇ ਦਾ ਖ਼ਾਤਮਾ ਕਰਨ ਦੇ ਦਾਅਵੇ/ਵਾਅਦੇ ਕਰਕੇ ਲੋਕਾਂ ਦੀਆਂ ਵੋਟਾਂ ਲੈਣ ਵਾਲੀ ਆਮ ਆਦਮੀ ਪਾਰਟੀ ਦੀ ਨਸ਼ੇ ਦੇ ਮੁੱਦੇ ‘ਤੇ ਕਾਰਜਗਾਰੀ ਇੱਥੋਂ ਸਿੱਧ ਹੋ ਜਾਂਦੀ ਹੈ ਕਿ ਮੰਤਰੀਆਂ ਦੇ ਪਿੰਡਾਂ ਵਿੱਚ ਵੀ ਸ਼ਰੇਆਮ ਨਸ਼ਾ ਵਿਕ ਰਿਹਾ ਤੇ ਨੌਜਵਾਨ ਓਵਰਡੋਜ਼ ਨਾਲ ਮਰ ਰਹੇ ਹਨ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮੀਤ ਹੇਅਰ ਨੂੰ ਕਿਸੇ ਵੀ ਸਟੇਜ ‘ਤੇ ਪੰਜਾਬ ਸਰਕਾਰ ਦੀ ਨਸ਼ਾ ਖਤਮ ਕਰਨ ਦੀ ਗੱਲ ਨਹੀਂ ਕਰਨੀ ਚਾਹੀਦੀ ਸਗੋਂ ਪਹਿਲਾਂ ਉਹਨਾਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨਾ ਚਾਹੀਦਾ ਹੈ ਕਿ ਉਹਨਾਂ ਦੇ ਜੱਦੀ ਪਿੰਡਾਂ ਵਿੱਚ ਹੀ ਚਿੱਟਾ ਸ਼ਰੇਆਮ ਵਿਕ ਰਿਹਾ ਹੈ ਅਤੇ ਨੌਜਵਾਨ ਮਰ ਰਹੇ ਹਨ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਬਰਨਾਲਾ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮਰਿਆ ਇੱਕ ਨੌਜਵਾਨ ਵੀ ਕੁਰੜ ਪਿੰਡ ਦਾ ਰਹਿਣ ਵਾਲਾ ਸੀ।‌ ਖਹਿਰਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸ਼ੀਸ਼ਾ ਦਿਖਾਉਂਦੀਆਂ ਹਨ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ। ‌ਖਹਿਰਾ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਬਚਾਉਣ ‘ਤੇ ਲੱਗੀ ਹੋਈ ਹੈ ਜਦ ਕਿ ਪੰਜਾਬ ਦੇ ਪਿੰਡਾਂ ‘ਚ ਨਸ਼ੇ ਦੀ ਓਵਰਡੋਜ਼ ਨਾਲ ਸੱਥਰ ਵਿਛ ਰਹੇ ਹਨ ਪ੍ਰੰਤੂ ਇਸ ਮਾਮਲੇ ‘ਤੇ ਮੁੱਖ ਮੰਤਰੀ ਸਮੇਤ ਕੋਈ ਮੰਤਰੀ ਵੀ ਜਵਾਬ ਦੇਣ ਲਈ ਤਿਆਰ ਨਹੀਂ।
ਫੋਟੋ ਕੈਪਸ਼ਨ-ਮ੍ਰਿਤਕ ਨੌਜਵਾਨ ਅਭੀਜੀਤ ਸਿੰਘ ਦੀ ਤਸਵੀਰ

Leave a Reply

Your email address will not be published. Required fields are marked *

error: Content is protected !!