Skip to main content

Gee 98News

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਚੰਡੀਗੜ੍ਹ, 28 ਮਈ, Gee98 news service
-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵੱਡੀ ਰਾਹਤ ਦਿੰਦੇ ਹੋਏ ਇਕ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਬਰੀ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸੀਬੀਆਈ ਅਦਾਲਤ ਨੇ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਜਿਸ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ। ਇਸ ਮਾਮਲੇ ‘ਚ ਹਾਈਕੋਰਟ ਨੇ ਡੇਰਾ ਮੁਖੀ ਸਮੇਤ ਪੰਜ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦਾ ਇਹ ਮਾਮਲਾ 22 ਸਾਲ ਪੁਰਾਣਾ ਹੈ ਜਿਸ ਵਿੱਚ 19 ਸਾਲ ਬਾਅਦ ਸੀਬੀਆਈ ਅਦਾਲਤ ਨੇ ਡੇਰਾ ਮੁਖੀ ਨੂੰ ਦੋਸ਼ੀ ਕਰਾਰ ਦਿੱਤਾ ਸੀ। ਦੱਸ ਦੇਈਏ ਕਿ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੀ 10 ਜੁਲਾਈ 2002 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਦੀ ਜਾਂਚ ਸੀਬੀਆਈ ਨੇ ਕੀਤੀ ਸੀ ਜਿਸ ਵਿੱਚ ਸੀਬੀਆਈ ਨੇ ਡੇਰਾ ਮੁਖੀ ਅਤੇ ਚਾਰ ਹੋਰਾਂ ਨੂੰ ਦੋਸ਼ੀ ਠਹਿਰਾਇਆ ਸੀ। ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਨੇ ਇਸ ਕਤਲ ਕੇਸ ਵਿੱਚ ਡੇਰਾ ਮੁਖੀ ਸਮੇਤ ਪੰਜ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਨਾਲ ਹੀ ਡੇਰਾ ਮੁਖੀ ‘ਤੇ 31 ਲੱਖ ਰਪਏ ਦਾ ਜੁਰਮਾਨਾ ਵੀ ਲਗਾਇਆ ਸੀ। ਸਾਰੇ ਦੋਸ਼ੀਆਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਸਜ਼ਾ ਸੁਣਾਈ ਗਈ ਸੀ। ‌ ਡੇਰਾਮੁਖੀ ਇਸ ਸਮੇਂ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ,ਜੋ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਅਤੇ ਸਾਧਵੀ ਜਬਰ ਜਨਾਹ ਕੇਸ ਵਿੱਚ ਸਜ਼ਾ ਕੱਟ ਰਿਹਾ ਹੈ।

error: Content is protected !!