Gee 98News

ਭਾਈ ਅੰਮ੍ਰਿਤਪਾਲ ਦੇ ਮਾਪਿਆਂ ਨੇ ਕੈਬਨਿਟ ਮੰਤਰੀ ਭੁੱਲਰ ‘ਤੇ ਲਗਾਏ ਡਰਾਉਣ/ਧਮਕਾਉਣ ਦੇ ਦੋਸ਼

ਚੰਡੀਗੜ੍ਹ, 12 ਜੂਨ, Gee98 news service
-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ :ਤੇ ਗੰਭੀਰ ਦੋਸ਼ ਲਗਾਏ ਹਨ। ਭਾਈ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਕਿਹਾ ਕਿ ਮੰਤਰੀ ਲਾਲਜੀਤ ਸਿੰਘ ਭੁੱਲਰ ਆਪਣੇ ਵਾਰਡ ਵਿੱਚੋਂ ਵੀ ਚੋਣ ਹਾਰ ਜਾਣ ਕਾਰਨ ਬੁਖਲਾਹਟ ਵਿੱਚ ਹੈ ਅਤੇ ਉਸਨੇ ਚੋਣ ਹਾਰਨ ਤੋਂ ਬਾਅਦ ਬਦਲਾਖ਼ੋਰੀ ਦੀ ਰਾਜਨੀਤੀ ਸ਼ੁਰੂ ਕੀਤੀ ਹੈ। ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਮਾਤਾ ਨੇ ਦੱਸਿਆ ਕਿ ਮੰਤਰੀ ਵੱਲੋਂ ਆਮ ਲੋਕਾਂ ਨੂੰ ਬੁਲਾ ਕੇ ਸਪੀਕਰ ਫੋਨ ‘ਤੇ ਉਹਨਾਂ ਦੇ ਪਰਿਵਾਰ ਨਾਲ ਗੱਲ ਕਰਵਾਈ ਜਾਂਦੀ ਹੈ ਅਤੇ ਇਹ ਕਨਫਰਮ ਕੀਤਾ ਜਾਂਦਾ ਹੈ ਕਿ ਵੋਟ ਕਿਸ ਨੂੰ ਪਾਈ ਸੀ। ‌ ਉਹਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਮਦਦ ਕਰਨ ਵਾਲੇ ਲੋਕਾਂ ਦੇ ਘਰਾਂ ਵਿੱਚ ਬਿਜਲੀ ਬੋਰਡ ਦੇ ਅਧਿਕਾਰੀਆਂ ਤੋਂ ਰੇਡ ਕਰਵਾਈ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੋਂ ਦਬਕੇ ਮਰਵਾਏ ਜਾ ਰਹੇ ਹਨ। ਉਹਨਾਂ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਆਪਣੇ ਇਸ ਮੰਤਰੀ ਨੂੰ ਨੱਥ ਪਾਈ ਜਾਵੇ ਨਹੀਂ ਤਾਂ ਉਸ ਦੇ ਖ਼ਿਲਾਫ਼ ਵੱਡਾ ਇਕੱਠ ਕਰਕੇ ਪੱਟੀ ‘ਚ ਵਿਸ਼ਾਲ ਧਰਨੇ ਲਗਾਏ ਜਾਣਗੇ। ਭਾਈ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅੱਜ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਕੋਈ ਸੰਦੇਸ਼/ਸੁਨੇਹਾ ਉਹਨਾਂ ਦੇ ਮਾਪਿਆਂ ਵੱਲੋਂ ਜਾਂ ਬੀਬੀ ਪਰਮਜੀਤ ਕੌਰ ਖਾਲੜਾ ਜਾਂ ਉਹਨਾਂ ਦੇ ਚਾਚਾ ਸੁਖਚੈਨ ਸਿੰਘ ਵੱਲੋਂ ਹੀ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਅੰਮ੍ਰਿਤਪਾਲ ਸਿੰਘ ਵੱਲੋਂ ਮੀਡੀਆ ਨੂੰ ਇੰਟਰਵਿਊ ਕਰ ਰਹੇ ਹਨ ਜਿਨਾਂ ਦਾ ਅੰਮ੍ਰਿਤਪਾਲ ਸਿੰਘ ਨਾਲ ਕੋਈ ਸਬੰਧ ਨਹੀਂ ਹੈ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਮਾਤਾ ਪਿਤਾ, ਬੀਬੀ ਪਰਮਜੀਤ ਕੌਰ ਖਾਲੜਾ ਤੇ ਉਹਨਾਂ ਦੇ ਚਾਚਾ ਸੁਖਚੈਨ ਸਿੰਘ ਤੋਂ ਬਿਨਾਂ ਜਾਰੀ ਕਿਸੇ ਸੰਦੇਸ਼ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਨਾ ਜੋੜਿਆ ਜਾਵੇ। ਉਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਦੇ ਵੱਡੇ ਫਤਵੇ ਨੂੰ ਵੇਖਦੇ ਹੋਏ ਭਾਈ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕੀਤਾ ਜਾਵੇ ਤੇ ਉਹਨਾਂ ਦੇ ਨਾਲ ਬੰਦ ਉਹਨਾਂ ਦੇ ਸਾਥੀਆਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ।

error: Content is protected !!