Gee 98News

ਪੰਜਾਬ ਦੇ 3-4 ਮੰਤਰੀ ਮੁੱਖ ਮੰਤਰੀ ਦੇ ਰਾਡਾਰ ‘ਤੇ…ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਕੀਤੀ ਮੁਲਾਕਾਤ

ਚੰਡੀਗੜ੍ਹ, 12 ਜੂਨ , Gee98 news service
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕੀਤੀ, ਇਸ ਵੇਲੇ ਉਹਨਾਂ ਨਾਲ ਸ੍ਰੀਮਤੀ ਸੁਨੀਤਾ ਕੇਜਰੀਵਾਲ ਅਤੇ ਪਾਰਟੀ ਦੇ ਜਨਰਲ ਸਕੱਤਰ ਸੰਦੀਪ ਪਾਠਕ ਵੀ ਸਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਰਵਿੰਦ ਕੇਜਰੀਵਾਲ ਨਾਲ ਕੀਤੀ ਇਸ ਮੁਲਾਕਾਤ ਨੂੰ ਪੰਜਾਬ ‘ਚ ਮੰਤਰੀ ਮੰਡਲ ਦੇ ਫੇਰਬਦਲ ਨਾਲ ਜੋੜਿਆ ਜਾ ਰਿਹਾ ਹੈ। ‌ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ 13-0 ਮਿਸ਼ਨ ਦੀ ਅਸਫਲਤਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਹਨ। ਭਗਵੰਤ ਮਾਨ ਨੇ ਬਾਕੀ ਪਾਰਟੀਆਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਲੋਕ ਸਭਾ ਚੋਣਾਂ ਵਿੱਚ ਹਾਰ ਦੇ ਕਾਰਨਾਂ ਦਾ ਮੰਥਨ ਵੀ ਸ਼ੁਰੂ ਕੀਤਾ ਹੋਇਆ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਕੁਝ ਮੰਤਰੀਆਂ ਤੇ ਵਿਧਾਇਕਾਂ ਦੇ ਲੋਕਾਂ ਪ੍ਰਤੀ ਵਿਵਹਾਰ ਤੋਂ ਨਾਰਾਜ਼ ਦੱਸੇ ਜਾ ਰਹੇ ਹਨ। ਇਹ ਵੀ ਸਾਹਮਣੇ ਆ ਰਿਹਾ ਹੈ ਕਿ ਹਾਰ ਦੇ ਕਾਰਨਾਂ ਦੀ ਪੜਤਾਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੇ ਟਕਸਾਲੀ ਵਲੰਟੀਅਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਈ ਮੰਤਰੀ ਅਤੇ ਵਿਧਾਇਕ ਲੋਕਾਂ ਵਿੱਚ ਨਹੀਂ ਵਿਚਰੇ ਜਿਸ ਦਾ ਖਮਿਆਜਾ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਨੂੰ ਭੁਗਤਣਾ ਪਿਆ। ਭਰੋਸੇਯੋਗ ਸੂਤਰਾਂ ਅਨੁਸਾਰ ਭਗਵੰਤ ਮਾਨ ਕੈਬਨਿਟ ਦੇ 3-4 ਮੰਤਰੀ ਮੁੱਖ ਮੰਤਰੀ ਦੇ ਰਾਡਾਰ ‘ਤੇ ਹਨ, ਜਿਨਾਂ ਦੀ ਕੈਬਨਿਟ ਵਿੱਚੋਂ ਕਿਸੇ ਵੇਲੇ ਵੀ ਛੁੱਟੀ ਕੀਤੀ ਜਾ ਸਕਦੀ ਹੈ। ‌ ਇਸ ਤੋਂ ਇਲਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਮੈਂਬਰ ਪਾਰਲੀਮੈਂਟ ਚੁਣੇ ਜਾਣ ਤੋਂ ਬਾਅਦ ਉਹਨਾਂ ਦੀ ਮੰਤਰੀ ਦੇ ਕੁਰਸੀ ਵੀ ਖਾਲੀ ਹੋ ਰਹੀ ਹੈ। ਸਿਆਸੀ ਮਾਹਿਰਾਂ ਅਨੁਸਾਰ ਜਲੰਧਰ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਮੁੱਖ ਮੰਤਰੀ ਅਜਿਹਾ ਕੋਈ ਰਿਸਕ ਮੁੱਲ ਨਹੀਂ ਲੈਣਾ ਚਾਹੁਣਗੇ ਇਸ ਲਈ ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਬਾਅਦ ਪੰਜਾਬ ‘ਚ ਮੰਤਰੀ ਮੰਡਲ ‘ਚ ਫੇਰਬਦਲ ਕੀਤਾ ਜਾ ਸਕਦਾ ਹੈ। ‌

error: Content is protected !!