ਚੰਡੀਗੜ੍ਹ, 22 ਜੁਲਾਈ, Gee98 News service
-ਮੋਦੀ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦੇ ਆਰਐਸਐਸ ਦੀਆਂ ਗਤੀਵਿਧੀਆਂ ‘ਚ ਸ਼ਾਮਿਲ ਹੋਣ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਮੋਦੀ ਸਰਕਾਰ ਦੇ ਇਹਨਾਂ ਹੁਕਮਾਂ ਦਾ ਆਰਐਸਐਸ ਨੇ ਸਵਾਗਤ ਕੀਤਾ ਹੈ। ਭਾਜਪਾ ਦੇ ਆਈਟੀ ਸੈਲ ਦੇ ਮੁਖੀ ਅਮਿਤ ਮਾਲਵੀਆ ਨੇ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਅਕਾਊਂਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ “58 ਸਾਲ ਪਹਿਲਾਂ ਜਾਰੀ ਕੀਤੀ ਗਈ ਗੈਰ ਸੰਵਿਧਾਨਿਕ ਹਦਾਇਤ ਨੂੰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਵਾਪਸ ਲੈ ਲਿਆ ਹੈ”। ਦੱਸ ਦਈਏ ਕਿ 1966 ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੀਆਂ ਗਤੀਵਿਧੀਆਂ ‘ਚ ਹਿੱਸਾ ਲੈਣ ‘ਤੇ ਸਰਕਾਰੀ ਕਰਮਚਾਰੀਆਂ ‘ਤੇ ਰੋਕ ਲਗਾ ਦਿੱਤੀ ਗਈ ਸੀ। ਕੇਂਦਰ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਦੇ ਆਰਐਸਐਸ ਦੀਆਂ ਗਤੀਵਿਧੀਆਂ ‘ਚ ਸ਼ਾਮਿਲ ਹੋਣ ਸਬੰਧੀ ਪਾਬੰਦੀ ਹਟਾਉਣ ਤੋਂ ਬਾਅਦ ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਵੀ ਇੱਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਲਿਖਿਆ ਹੈ ਕਿ ” ਫਰਵਰੀ 1948 ‘ਚ ਗਾਂਧੀ ਜੀ ਦੀ ਹੱਤਿਆ ਤੋਂ ਬਾਅਦ ਸਰਦਾਰ ਪਟੇਲ ਨੇ ਆਰਐਸਐਸ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਬਾਅਦ ਚੰਗੇ ਆਚਰਣ ਦਾ ਭਰੋਸਾ ਦੇਣ ‘ਤੇ ਪਾਬੰਦੀ ਹਟਾ ਦਿੱਤੀ ਗਈ। ਇਸ ਤੋਂ ਬਾਅਦ ਵੀ ਆਰਐਸਐਸ ਨੇ ਨਾਗਪੁਰ ਵਿੱਚ ਕਦੇ ਤਿਰੰਗਾ ਨਹੀਂ ਲਹਿਰਾਇਆ”।