ਚੰਡੀਗੜ੍ਹ,23 ਜੁਲਾਈ, Gee98 news service
-ਸ਼੍ਰੋਮਣੀ ਅਕਾਲੀ ਦਲ ਕੁਝ ਸੀਨੀਅਰ ਆਗੂਆਂ ਵੱਲੋਂ ਬਗਾਵਤ ਕੀਤੇ ਜਾਣ ਤੋਂ ਬਾਅਦ ਪਾਰਟੀ ਵਿੱਚ ਉਥਲ ਪੁਥਲ ਜਾਰੀ ਹੈ। ਬਾਗੀ ਅਕਾਲੀ ਆਗੂਆਂ ਦੀ ਸ਼ਿਕਾਇਤ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਹੈ। ਇਸ ਦੇ ਚਲਦਿਆਂ ਇੱਕ ਵੱਡਾ ਫੈਸਲਾ ਲੈਂਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਹੈ। ਇਹ ਫੈਸਲਾ ਅੱਜ ਚੰਡੀਗੜ੍ਹ ਵਿਖੇ ਹੋਈ ਉੱਚ ਆਗੂਆਂ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਮਹੇਸਇੰਦਰ ਸਿੰਘ ਗਰੇਵਾਲ, ਡਾਕਟਰ ਦਲਜੀਤ ਸਿੰਘ ਚੀਮਾ, ਪਰਮਜੀਤ ਸਿੰਘ ਸਰਨਾ, ਇਕਬਾਲ ਸਿੰਘ ਝੂੰਦਾਂ ਤੇ ਹਰਚਰਨ ਸਿੰਘ ਬੈਂਸ ਸ਼ਾਮਿਲ ਸਨ। ਜੇ ਬਾਗ਼ੀ ਧੜੇ ਦੀ ਗੱਲ ਕੀਤੀ ਜਾਵੇ ਤਾਂ ਕੋਰ ਕਮੇਟੀ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ ਤੇ ਬੀਬੀ ਜਗੀਰ ਕੌਰ ਸ਼ਾਮਲ ਸਨ। ਸ੍ਰੀ ਅਕਾਲ ਤਖਤ ‘ਤੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਦੀ ਇਹ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ।










