Gee 98News

ਬਾਕੀ ਦੀਆਂ ਗੱਲਾਂ ਛੱਡੋ..ਧਰਤੀ ਹੇਠਲੇ ਪਾਣੀ ਦੀ ਸ਼ੁੱਧਤਾ ਬਾਰੇ ਸੋਚੋ.. ਕਿਉਂਕਿ ਜਲ ਹੈ ਤਾਂ ਕੱਲ੍ਹ ਹੈ…!

ਚੰਡੀਗੜ੍ਹ,26 ਜੁਲਾਈ, Gee98 news service
-ਪੰਜਾਬ ਦੇ ਧਰਤੀ ਹੇਠਲੇ ਪਾਣੀ ਦੀ ਮਾਤਰਾ ਤੇ ਸ਼ੁੱਧਤਾ ਬਾਰੇ ਚਰਚਾ ਅਕਸਰ ਹੁੰਦੀ ਰਹਿੰਦੀ ਹੈ। ‌ ਇਸ ਚਰਚਾ ਦੌਰਾਨ ਸਾਹਮਣੇ ਆ ਰਹੇ ਤੱਥ ਰੋਂਗਟੇ ਖੜੇ ਕਰ ਦੇਣ ਵਾਲੇ ਹਨ। ‌ ਲੋਕ ਸਭਾ ਹਲਕਾ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਦੇ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰੀ ਰਾਜ ਸ਼ਕਤੀ ਮੰਤਰੀ ਰਾਜਭੂਸ਼ਣ ਚੌਧਰੀ‌ ਵੱਲੋਂ ਦਿੱਤਾ ਗਿਆ ਜਵਾਬ ਪੰਜਾਬ ‘ਚ ਧਰਤੀ ਹੇਠਲੇ ਪਾਣੀ ਦੀ ਸ਼ੁੱਧਤਾ ਸਬੰਧੀ ਅਸਲ ਸਥਿਤੀ ਸਾਹਮਣੇ ਲਿਆਉਂਦਾ ਹੈ। ਸਦਨ ‘ਚ ਮੰਤਰੀ ਵੱਲੋਂ ਪੇਸ਼ ਕੀਤੀ ਰਿਪੋਰਟ ਰਿਪੋਰਟ ਸਪੱਸ਼ਟ ਤੌਰ ‘ਤੇ ਸਾਬਤ ਕਰਦੀ ਹੈ ਕਿ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਦਾ ਧਰਤੀ ਹੇਠਲਾ ਪਾਣੀ ਹੁਣ ਪੀਣ ਯੋਗ ਨਹੀਂ ਰਿਹਾ। ਕੇਂਦਰੀ ਮੰਤਰੀ ਅਨੁਸਾਰ ਧਰਤੀ ਹੇਠਲੇ ਪਾਣੀ ਦੇ ਨਮੂਨਿਆਂ ਵਿੱਚ ਨਾਈਟ੍ਰੇਟ, ਆਇਰਨ, ਆਰਸੈਨਿਕ, ਸੇਲੇਨੀਅਮ, ਕ੍ਰੋਮੀਅਮ, ਮੈਗਨੀਜ਼, ਨਿਕਲ, ਕੈਡਮੀਅਮ, ਲੈਡ ਤੇ ਯੂਰੇਨੀਅਮ ਵਰਗੇ ਖਤਰਨਾਕ ਤੱਤਾਂ ਦੀ ਮਿਲਾਵਟ ਪਾਈ ਗਈ ਹੈ। ਇਸ ਤੋਂ ਵੀ ਖਤਰਨਾਕ ਗੱਲ ਹੈ ਕਿ ਇਹ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਵੱਲੋਂ ਤੈਅ ਸੀਮਾ ਤੋਂ ਬਹੁਤ ਜ਼ਿਆਦਾ ਹਨ। ਯਾਦ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਹਾਲ ਹੀ ਵਿੱਚ ਕੀਤੀ ਖੋਜ ਵਿੱਚ ਵੀ ਇਹ ਗੱਲ ਸਾਬਤ ਹੋ ਚੁੱਕੀ ਹੈ। ਰਿਪੋਰਟ ਮੁਤਾਬਕ ਜ਼ਹਿਰੀਲੇ ਤੱਤਾਂ ਦੀ ਮੌਜੂਦਗੀ ਸਿਹਤ ਲਈ ਗੰਭੀਰ ਖਤਰਾ ਪੈਦਾ ਕਰ ਰਹੀ ਹੈ। ਇਸ ਵਿੱਚ ਯੂਰੇਨੀਅਮ, ਲੈਡ, ਨਿਕਲ ਤੇ ਮੈਗਨੀਜ਼ ਦੇ ਸਿਹਤ ‘ਤੇ ਪੈਣ ਵਾਲੇ ਹਾਨੀਕਾਰਕ ਪ੍ਰਭਾਵਾਂ ‘ਤੇ ਜ਼ੋਰ ਦਿੱਤਾ ਗਿਆ ਹੈ। ਇਸ ਸਮੱਸਿਆ ਨੂੰ ਜਲਦੀ ਹੱਲ ਕਰਨ ਦੀ ਲੋੜ ਹੈ, ਨਹੀਂ ਤਾਂ ਪੰਜਾਬ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦੇਈਏ ਕਿ ਸੈਂਟਰਲ ਗਰਾਊਂਡ ਵਾਟਰ ਬੋਰਡ ਦੇ 2023 ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਮਾਨਸਾ, ਫਰੀਦਕੋਟ ਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਆਰਸੈਨਿਕ ਦਾ ਪੱਧਰ ਤੈਅ ਸੀਮਾਵਾਂ ਤੋਂ ਕਿਤੇ ਵੱਧ ਹੈ। ਬਠਿੰਡਾ, ਫ਼ਿਰੋਜ਼ਪੁਰ ਤੇ ਮੁਕਤਸਰ ਵਿੱਚ ਧਰਤੀ ਹੇਠਲੇ ਪਾਣੀ ਵਿੱਚ ਲੈਡ ਪਾਇਆ ਗਿਆ ਹੈ। ਫਤਿਹਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ ਤੇ ਸੰਗਰੂਰ ਵਿੱਚ ਕੈਡਮੀਅਮ ਦਾ ਪੱਧਰ ਉੱਚਾ ਰਿਹਾ। ਇਸੇ ਤਰ੍ਹਾਂ ਬਠਿੰਡਾ, ਮਾਨਸਾ ਤੇ ਸੰਗਰੂਰ ਵਿੱਚ ਕਰੋਮੀਅਮ ਦਾ ਪੱਧਰ ਉੱਚਾ ਹੈ। ਬਠਿੰਡਾ, ਮੋਗਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫ਼ਿਰੋਜ਼ਪੁਰ, ਲੁਧਿਆਣਾ, ਮੁਕਤਸਰ, ਪਟਿਆਲਾ ਤੇ ਸੰਗਰੂਰ ਵਿੱਚ ਯੂਰੇਨੀਅਮ ਵਾਲਾ ਜ਼ਮੀਨੀ ਪਾਣੀ ਪਾਇਆ ਗਿਆ ਹੈ।

error: Content is protected !!