Skip to main content

Gee 98News

ਸੁਖਬਿਲਾਸ ‘ਤੇ ਕਾਰਵਾਈ ਕਰਕੇ ਦਿਖਾਓ…ਅਕਾਲੀ ਦਲ ਦੀ ਭਗਵੰਤ ਮਾਨ ਨੂੰ ਚੁਣੌਤੀ

ਚੰਡੀਗੜ੍ਹ,29 ਜੁਲਾਈ, Gee98 news service
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਾਦਲ ਪਰਿਵਾਰ ਦੀ ਮਾਲਕੀ ਵਾਲੇ ਰਿਜੋਰਟ ਸੁਖਬਿਲਾਸ ‘ਤੇ ਜਲਦੀ ਕਾਰਵਾਈ ਕਰਨ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਾਰ ਫੇਰ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਹੈ ਕਿ ਗੱਲਾਂ ਕਰਨ ਦੀ ਬਜਾਏ ਕਾਰਵਾਈ ਕੀਤੀ ਜਾਵੇ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਕੋਲ ਸੁਖਵਿਲਾਸ ਦੇ ਕਾਗਜ਼ ਹੋਣ ਸਬੰਧੀ ਕੀਤੇ ਦਾਅਵੇ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਇਸ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਤਿੰਨ ਸਾਲ ਤੋਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ ਤਾਂ ਉਨ੍ਹਾਂ ਹਾਲੇ ਤੱਕ ਕਾਰਵਾਈ ਕਿਉਂ ਨਹੀਂ ਕੀਤੀ। ਉਨ੍ਹਾਂ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਰੋਜ਼-ਰੋਜ਼ ਕਾਗਜ਼ ਹੋਣ ਦਾ ਦਾਅਵਾ ਕਰਨ ਦੀ ਥਾਂ ਉਹ ਸੁਖਵਿਲਾਸ ‘ਤੇ ਬਣਦੀ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਅਸਲ ਮੁੱਦਿਆਂ ਨੂੰ ਛੱਡ ਕੇ ਸੂਬੇ ਦੇ ਲੋਕਾਂ ਦਾ ਧਿਆਨ ਭਟਕਾਉਣ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਹੁਣ ਜਦ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸਿੱਟ ਨੇ ਸਪੱਸ਼ਟ ਕਰ ਦਿੱਤਾ ਏ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਹੋਈ ਤਾਂ ਮੁੱਖ ਮੰਤਰੀ ਚੁੱਪ ਕਿਉਂ ਹਨ। ‌ ਐਡਵੋਕੇਟ ਕਲੇਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਦੇ ਅਸਲੀ ਮੁੱਦਿਆਂ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਅੱਜ ਕੱਲ ਸੁਖਬੀਰ ਸਿੰਘ ਬਾਦਲ ਤੋਂ ਬਿਨਾਂ ਕੁਝ ਦਿਖਾਈ ਨਹੀਂ ਦਿੰਦਾ। ਸੁਖਬਿਲਾਸ ਦੇ ਕਾਗਜ਼ ਆਪਣੇ ਕੋਲ ਹੋਣ ਸਬੰਧੀ ਬਿਆਨ ਤੋਂ ਬਾਅਦ ਐਡਵੋਕੇਟ ਕਲੇਰ ਨੇ ਕਿਹਾ ਕਿ ਪੰਜਾਬ ‘ਚ ਲੱਗੇ ਵੱਡੇ ਪ੍ਰੋਜੈਕਟਾਂ ਦੇ ਕਾਗਜ ਸਰਕਾਰਾਂ ਕੋਲ ਹੀ ਹੁੰਦੇ ਹਨ, ਇਹ ਕੋਈ ਮੁੱਦਾ ਨਹੀਂ ਹੈ ਸਗੋਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਇਆ ਜਾ ਸਕੇ। ਸ੍ਰੀ ਕਲੇਰ ਨੇ ਕਿਹਾ ਕਿ ਪੰਜਾਬ ਦੇ ਲੋਕ ਬੀਐੱਮਡਬਲਿਊ ਦਾ ਪਲਾਂਟ ਪੰਜਾਬ ‘ਚ ਲੱਗਣ ਦੀ ਉਡੀਕ ਕਰ ਰਹੇ ਹਨ ਪਰ ਮੁੱਖ ਮੰਤਰੀ ਵੱਲੋਂ ਸੁਖਵਿਲਾਸ ਬਾਰੇ ਝੂਠ ਬੋਲ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

error: Content is protected !!