Gee 98News

ਸੁਖਬੀਰ ਬਾਦਲ ‘ਤੇ ਵੀ ਲੱਗ ਗਿਆ “ਠੱਪਾ”…ਸਿੱਖ ਧਰਮ ਵਿੱਚ “ਤਨਖਾਹੀਆ ਸਜ਼ਾ” ਦੀ ਕੀ ਹੈ ਮਹੱਤਤਾ…ਪੜ੍ਹੋ ਖ਼ਬਰ

ਚੰਡੀਗੜ੍ਹ,30 ਅਗਸਤ, Gee98 news service
-ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਹੈ। ਇਹ ਹੁਕਮ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਦੌਰਾਨ ਦਿੱਤਾ ਗਿਆ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਬੋਲਦਿਆਂ ਕਿਹਾ, “ਪੰਜ ਸਿੰਘ ਸਾਹਿਬਾਨਾਂ ਦੀ ਸਰਵਸੰਮਤੀ ਨਾਲ ਫ਼ੈਸਲਾ ਹੋਇਆ ਕਿ ਸੁਖਬੀਰ ਬਾਦਲ ਨੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਹੁੰਦਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੁੰਦਿਆ ਹੋਇਆ ਕੁਝ ਅਜਿਹੇ ਫ਼ੈਸਲੇ ਲਏ ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਭਾਰੀ ਢਾਹ ਲੱਗੀ।” ਉਨ੍ਹਾਂ ਨੇ ਕਿਹਾ, “ਇਸ ਸਮੇਂ ਦੌਰਾਨ ਸ਼੍ਰੋਮਣੀਅਕਾਲੀ ਦਲ ਦੀ ਹਾਲਤ ਪਤਲੀ ਹੋਈ, ਸਿੱਖ ਹਿੱਤਾਂ ਦਾ ਨੁਕਸਾਨ ਹੋਇਆ ਇਸ ਲਈ 2007 ਤੋਂ 2017 ਤੱਕ ਸਰਕਾਰ ਵਿੱਚ ਮੌਜੂਦ ਰਹੇ ਇਸ ਦੇ ਭਾਈਵਾਲ ਸਿੱਖ ਕੈਬਨਿਟ ਮੰਤਰੀ ਇਸ ਸਬੰਧੀ ਆਪਣਾ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਣ।” ਜਥੇਦਾਰ ਨੇ ਕਿਹਾ, “ਸੁਖਬੀਰ ਸਿੰਘ ਬਾਦਲ ਜਿੰਨਾ ਚਿਰ ਇੱਕ ਨਿਮਾਣੇ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸਿੱਖ ਸੰਗਤ ਅਤੇ ਪੰਜ ਸਿੰਘ ਸਾਹਿਬਾਨਾਂ ਦੀ ਹਾਜ਼ਰੀ ਵਿੱਚ ਆਪਣੇ ਕੀਤੇ ਹੋਏ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗਦਾ, ਓਨਾ ਚਿਰ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਤਨਖਾਹੀਆ ਐਲਾਨ ਕੀਤਾ ਜਾਂਦਾ ਹੈ।‌

ਸਿੱਖ ਧਰਮ ਵਿੱਚ ਤਨਖ਼ਾਹ ਧਾਰਮਿਕ ਸਜ਼ਾ ਨੂੰ ਕਿਹਾ ਜਾਂਦਾ ਹੈ।”ਇਹ ਇੱਕ ਨੈਤਿਕ ਸਜ਼ਾ ਹੈ, ਇਸ ਦਾ ਅਰਥ ਹੈ ਜਿਸ ਬੰਦੇ ਨੂੰ ਤਨਖ਼ਾਹ ਲਗਾਈ ਗਈ ਹੈ ਸਿੱਖ ਪੰਥ ਵਿੱਚ ਉਸ ਦਾ ਮਿਆਰ ਥੱਲੇ ਡਿੱਗ ਜਾਂਦਾ ਹੈ।” ਕਿਸੇ ਨੂੰ ਤਨਖਾਹੀਆ ਕਰਾਰ ਦੇਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈੱਬਸਾਈਟ ਉੱਤੇ ਇਹ ਦਰਜ ਕੀਤਾ ਹੋਇਆ ਹੈ ਕਿ, “ਸਿੱਖ ਰਹਿਤ ਮਰਿਆਦਾ ਵਿਰੁੱਧ ਕਰਮ-ਧਰਮ ਦੰਡ ਦਾ ਨਾਉਂ ‘ਤਨਖਾਹ’ ਹੈ,ਜੋ ਸਿੱਖ ਰਹਿਤ ਦੇ ਨਿਯਮ ਭੰਗ ਕਰਦਾ ਹੈ, ਉਹ ਤਨਖਾਹੀਆ ਸੱਦੀਦਾ ਹੈ।” ਸਤਿ ਸ੍ਰੀ ਅਕਾਲ ਤਖਤ ਸਾਹਿਬ ਨੇ ਬਾਗੀ ਅਕਾਲੀ ਆਗੂਆਂ ਨੂੰ ਵੀ ਤਲਬ ਕੀਤਾ ਹੈ। ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਮੰਨਦੇ ਹੋਏ ਕਿਹਾ ਕਿ ਉਹ ਜਲਦੀ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਪੇਸ਼ ਹੋਣਗੇ।

Gee98 Ads
error: Content is protected !!