Gee 98News

ਕਿਸੇ ਵੇਲੇ ਵੀ ਹੋ ਸਕਦੈ ਪੰਚਾਇਤੀ ਚੋਣਾਂ ਦਾ ਐਲਾਨ…RO ਅਤੇ ARO ਦੀ ਨਿਯੁਕਤੀ ਪ੍ਰਕਿਰਿਆ ਮੁਕੰਮਲ

ਬਰਨਾਲਾ,17 ਸਤੰਬਰ, (ਨਿਰਮਲ ਸਿੰਘ ਪੰਡੋਰੀ)-
-ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਸੂਬੇ ਦੇ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਸਾਰੀ ਪ੍ਰਕਿਰਿਆ ਪੂਰੀ ਕਰ ਲਈ ਹੈ। ਮੁੱਖ ਚੋਣ ਅਧਿਕਾਰੀ ਵੱਲੋਂ ਸਰਕਾਰ ਦਾ ਇਸ਼ਾਰਾ ਮਿਲਦੇ ਹੀ ਸੂਬੇ ‘ਚ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਜੇਕਰ ਬਰਨਾਲਾ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਪੰਚਾਇਤੀ ਚੋਣਾਂ ਲਈ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਨਿਯੁਕਤੀ ਦਾ ਅਮਲ ਪੂਰਾ ਕਰ ਲਿਆ ਗਿਆ ਹੈ। ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨ ਅਫ਼ਸਰਾਂ ਦੀ ਨਿਯੁਕਤੀ ਚੋਣਾਂ ਲਈ ਸਭ ਤੋਂ ਸਿਰੇ ਦੀ ਪ੍ਰਕਿਰਿਆ ਹੁੰਦੀ ਹੈ, ਬਾਕੀ ਕੰਮ ਇਸ ਤੋਂ ਪਹਿਲਾਂ ਮੁਕੰਮਲ ਹੋ ਜਾਂਦਾ ਹੈ। ਇਸ ਲਈ ਸਪੱਸ਼ਟ ਹੈ ਕਿ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ‌ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਤਿੰਨ ਬਲਾਕਾਂ ਬਰਨਾਲਾ, ਮਹਿਲ ਕਲਾਂ ਅਤੇ ਸ਼ਹਿਣਾ ਨੂੰ 20 ਸੈਕਟਰਾਂ ਵਿੱਚ ਵੰਡ ਕੇ 20 ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ‌ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਸ਼ਹਿਣਾ ਬਲਾਕ ਨੂੰ 7, ਬਰਨਾਲਾ ਬਲਾਕ ਨੂੰ 8 ਅਤੇ ਮਹਿਲ ਕਲਾਂ ਬਲਾਕ ਨੂੰ 5 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਜ਼ਿਲ੍ਹੇ ਦੇ ਤਿੰਨੇ ਬਲਾਕਾਂ ਵਿੱਚ ਮਾਰਕੀਟ ਕਮੇਟੀ ਦੇ ਸਕੱਤਰ, ਨਹਿਰੀ ਵਿਭਾਗ ਦੇ ਅਧਿਕਾਰੀ, PWD ਵਿਭਾਗ ਦੇ ਅਧਿਕਾਰੀ, ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ, ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਜਲ ਸਰੋਤ ਵਿਭਾਗ ਦੇ ਅਧਿਕਾਰੀ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰਾਂ ਨੂੰ ਰਿਟਰਨਿੰਗ ਅਫ਼ਸਰ ਅਤੇ ਇਹਨਾਂ ਹੀ ਵਿਭਾਗਾਂ ਦੇ ਕਰਮਚਾਰੀਆਂ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਲਾਇਆ ਗਿਆ ਹੈ।

error: Content is protected !!