ਬਰਨਾਲਾ,7 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
-ਪਿਛਲੇ ਦਿਨੀ ਬਰਨਾਲਾ ਵਿਖੇ ਇਕ ਕਾਲਜ ਵਿਦਿਆਰਥਣ ਦਾ ਪਰਸ ਖੋਹਣ ਸਮੇਂ ਉਸਨੂੰ ਬੇਰਹਿਮੀ ਨਾਲ ਜਖਮੀ ਕਰਨ ਵਾਲੇ ਲੁਟੇਰਿਆਂ ਨੂੰ 24 ਘੰਟਿਆਂ ਦੇ ਅੰਦਰ ਕਾਬੂ ਕਰਕੇ ਜੇਲ੍ਹ ਭੇਜ ਦਿੱਤਾ ਹੈ। ਦੱਸ ਦੇਈਏ ਕਿ 4 ਅਕਤੂਬਰ ਨੂੰ ਇੱਕ ਕਾਲਜ ਦੀ ਵਿਦਿਆਰਥਣ ਜਦੋਂ ਕਾਲਜ ਤੋਂ ਆਪਣੇ ਘਰ ਜਾਣ ਲਈ ਬੱਸ ਸਟੈਂਡ ਵੱਲ ਪੈਦਲ ਆ ਰਹੀ ਸੀ ਤਾਂ ਬਰਨਾਲਾ ਦੀ ਨੇੜੇ ਪ੍ਰੇਮ ਪ੍ਰਧਾਨ ਮਾਰਕੀਟ ਦੇ ਮਗਰ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਦਾ ਪਰਸ ਖੋਹਦੇਂ ਸਮੇਂ ਉਸਨੂੰ ਬੇਰਹਿਮੀ ਨਾਲ ਖਿੱਚਿਆ ਜਿਸ ਨਾਲ ਵਿਦਿਆਰਥਣ ਸੜਕ ‘ਤੇ ਬੁਰੀ ਤਰ੍ਹਾਂ ਡਿੱਗ ਪਈ ਅਤੇ ਬੇਹੋਸ਼ ਹੋ ਗਈ, ਇਸ ਦੌਰਾਨ ਵਿਦਿਆਰਥਨਣ ਦੇ ਗੰਭੀਰ ਸੱਟਾਂ ਵੀ ਲੱਗੀਆਂ,ਆਸ ਪਾਸ ਦੇ ਲੋਕਾਂ ਦੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਪੀੜ੍ਹਤ ਵਿਦਿਆਰਥਣ ਅਰਸ਼ਦੀਪ ਕੌਰ ਬਰਨਾਲਾ ਜ਼ਿਲ੍ਹੇ ਦੇ ਧਨੌਲਾ ਦੀ ਰਹਿਣ ਵਾਲੀ ਹੈ। ਪੁਲਿਸ ਨੇ ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦੇ ਹੋਏ ਤੁਰੰਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਅਤੇ 24 ਘੰਟਿਆਂ ਦੇ ਅੰਦਰ ਅੰਦਰ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਦੋਸੀਆਂ ਨੂੰ ਟਰੇਸ ਕਰਕੇ ਗ੍ਰਿਫਤਾਰ ਕਰ ਲਿਆ। ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ ਜਦ ਪੁਲਿਸ ਨੂੰ ਦੋਸ਼ੀਆਂ ਦੇ ਮੋਗਾ ਫਲਾਈਓਵਰ ਦੇ ਨੇੜੇ ਘੁੰਮਦੇ ਹੋਣ ਦੀ ਸੂਚਨਾ ਮਿਲੀ ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ। ਡੀਐਸਪੀ ਬੈਂਸ ਨੇ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਸਹਿਜਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਜ਼ਿਲ੍ਹੇ ਦੇ ਪਿੰਡ ਭੈਣੀ ਫੱਤਾ ਦੇ ਰਹਿਣ ਵਾਲੇ ਹਨ ਅਤੇ ਇਹਨਾਂ ਦੇ ਨਾਲ ਹੀ ਸਹਿਜਪ੍ਰੀਤ ਸਿੰਘ ਦੇ ਸਕੇ ਭਰਾ ਮਹਿਕਪ੍ਰੀਤ ਸਿੰਘ ਨੇ ਪਹਿਲਾਂ ਰੇਕੀ ਕੀਤੀ ਸੀ ਜਿਸ ਤੋਂ ਬਾਅਦ ਸਹਿਜਪ੍ਰੀਤ ਅਤੇ ਗੁਰਪ੍ਰੀਤ ਨੇ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਵੱਲੋਂ ਇਹਨਾਂ ਦੋਸੀਆਂ ਨੂੰ ਜਲਦੀ ਗ੍ਰਿਫਤਾਰ ਕਰਨ ਅਤੇ ਦੋਸ਼ੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਦੇ “ਸੁਭਾਅ” ਅਨੁਸਾਰ ਕੀਤੀ ਕਾਰਵਾਈ ਦੀ ਚਾਰੇ ਪਾਸੇ ਸ਼ਲਾਘਾ ਹੋ ਰਹੀ ਹੈ। ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਸਤਵੀਰ ਸਿੰਘ ਬੈਂਸ ਨੇ ਅਜਿਹੇ ਮਾੜੇ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਮਲਿਕ ਦੀ ਅਗਵਾਈ ਹੇਠ ਬਰਨਾਲਾ ਪੁਲਿਸ ਪੂਰੀ ਤਰ੍ਹਾਂ ਮੁਸ਼ਤੈਦ ਹੈ ਅਤੇ ਬਰਨਾਲਾ ਜ਼ਿਲ੍ਹੇ ਦੀ ਹਦੂਦ ਅੰਦਰ ਸਮਾਜ ਵਿਰੋਧੀ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਦੁਨੀਆਂ ਦੇ ਕਿਸੇ ਵੀ ਕੋਨੇ ‘ਚ ਲੁਕਣ ਨਹੀਂ ਦਿੱਤਾ ਜਾਵੇਗਾ।










