Gee 98News

ਜੇਲ੍ਹ ‘ਚ ਬੰਦ ਐਮਪੀ ਅੰਮ੍ਰਿਤਪਾਲ ਸਿੰਘ ‘ਤੇ ਕਤਲ ਦਾ ਮੁਕੱਦਮਾ ਦਰਜ….ਪਿਤਾ ਨੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਕੀਤੀ ਅਪੀਲ

ਚੰਡੀਗੜ੍ਹ,19 ਅਕਤੂਬਰ, Gee98 news service
-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਤੇ ਕਤਲ ਦਾ ਮੁਕੱਦਮਾ ਦਰਜ ਹੋਣ ਤੋਂ ਬਾਅਦ ਪੰਜਾਬ ਦੀ ਰਾਜਨੀਤੀ ‘ਚ ਗਰਮਾਹਟ ਆਉਣ ਦੀ ਸੰਭਾਵਨਾ ਹੈ। ਸੂਬੇ ਦੀਆਂ ਚਾਰ ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਦੇ ਦੌਰਾਨ ਪੰਜਾਬ ਪੁਲਿਸ ਵੱਲੋਂ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਦੇ ਸੰਬੰਧ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਨਾਮਜ਼ਦ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਇਸ ਵੇਲੇ ਡਿਬਰੂਗੜ੍ਹ ਦੀ ਜੇਲ ਵਿੱਚ ਐਨਐਸਏ ਤਹਿਤ ਬੰਦ ਹੈ। ਬੀਤੇ ਕੱਲ੍ਹ ਪੰਜਾਬ ਪੁਲਿਸ ਦੇ ਮੁਖੀ ਸ੍ਰੀ ਗੌਰਵ ਯਾਦਵ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਦਾਅਵਾ ਕੀਤਾ ਸੀ ਕਿ ਸਾਰੇ ਮਾਮਲੇ ਦੀ ਪੜ੍ਹਤਾਲ ਦੌਰਾਨ ਕੁਝ ਅਜਿਹੇ ਸਬੂਤ ਸਾਹਮਣੇ ਆਏ ਹਨ ਜਿਨਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਗੁਰਪ੍ਰੀਤ ਸਿੰਘ ਦੇ ਕਤਲ ‘ਚ ਅੰਮ੍ਰਿਤਪਾਲ ਸਿੰਘ ਦਾ ਵੀ ਹੱਥ ਹੈ। ‌ ਇਸ ਤੋਂ ਬਾਅਦ ਅੱਜ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਇਸ ਕੇਸ ਦੇ ਵਿੱਚ ਨਾਮਜ਼ਦ ਕਰ ਦਿੱਤਾ ਹੈ। ਸੂਬੇ ‘ਚ ਚਾਰ ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਅਤੇ ਇਸ ਦੌਰਾਨ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ ਪੰਜਾਬ ਦੀ ਸੱਤਾਧਾਰੀ ਪਾਰਟੀ ਲਈ ਮੁਸ਼ਕਿਲ ਵੀ ਖੜੀ ਕਰ ਸਕਦੀ ਹੈ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੋਸ਼ ਲਗਾਏ ਹਨ ਕਿ ਜਦ ਵੀ ਅੰਮ੍ਰਿਤਪਾਲ ਸਿੰਘ ਦੇ ਬਾਹਰ ਆਉਣ ਦੀ ਸੰਭਾਵਨਾ ਬਣਦੀ ਹੈ ਤਾਂ ਉਸ ਉੱਪਰ ਹੋਰ ਦੋਸ਼ ਲਗਾ ਦਿੱਤੇ ਜਾਂਦੇ ਹਨ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਕਿਸੇ ਸੇਵਾ ਮੁਕਤ ਜੱਜ ਤੋਂ ਸਾਰੇ ਮਾਮਲੇ ਦੀ ਪੜ੍ਹਤਾਲ ਕਰਵਾਈ ਜਾਵੇ।

error: Content is protected !!