ਬਰਨਾਲਾ,27 ਅਕਤੂਬਰ,(ਨਿਰਮਲ ਸਿੰਘ ਪੰਡੋਰੀ)-
-ਸਥਾਨਕ ਕਚਹਿਰੀ ਚੌਂਕ ਨੇੜੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਦੇ ਬਾਹਰ ਸਥਿਤੀ ਉਸ ਵੇਲੇ ਤਨਾਅਪੂਰਨ ਬਣ ਗਈ ਜਦੋਂ ਆਦਰਸ਼ ਸਕੂਲਾਂ ਦੇ ਅਧਿਆਪਕ ਵੱਡੀ ਗਿਣਤੀ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਮੀਤ ਹੇਅਰ ਦੀ ਕੋਠੀ ਦੇ ਸਾਹਮਣੇ ਪੁੱਜੇ ਪ੍ਰੰਤੂ ਪੁਲਿਸ ਨੇ ਵੱਡੇ ਬੈਰੀਗੇਡ ਲਗਾ ਕੇ ਅਧਿਆਪਕਾਂ ਨੂੰ ਰੋਕਣ ਦਾ ਯਤਨ ਕੀਤਾ। ਇਸ ਦੌਰਾਨ ਅਧਿਆਪਕ ਪੁਲਿਸ ਵੱਲੋਂ ਲਗਾਈਆਂ ਰੋਕਾਂ ਨੂੰ ਤੋੜ ਕੇ ਅੱਗੇ ਵਧੇ ਤਾਂ ਪੁਲਿਸ ਵੱਲੋਂ ਅਧਿਆਪਕਾਂ ਨੂੰ ਰੋਕਣ ਲਈ ਬਲ ਦਾ ਪ੍ਰਯੋਗ ਵੀ ਕੀਤਾ ਗਿਆ। ਪੁਲਿਸ ਕਰਮਚਾਰੀਆਂ ਤੇ ਅਧਿਆਪਕਾਂ ਦੀ ਝੜਪ ਦੇ ਦੌਰਾਨ ਕੁਝ ਅਧਿਆਪਕਾਂ ਦੇ ਜਖਮੀ ਹੋਣ ਦੀ ਵੀ ਖ਼ਬਰ ਹੈ। ਇਸ ਮੌਕੇ ਜ਼ਖਮੀ ਹੋਈ ਅਧਿਆਪਕਾ ਸੁਖਦੀਪ ਕੌਰ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਦੇ ਹੱਕ ਵਿੱਚ ਮੈਂਬਰ ਪਾਰਲੀਮੈਂਟ ਦੇ ਘਰ ਦੇ ਸਾਹਮਣੇ ਸ਼ਾਂਤੀਪੂਰਵਕ ਧਰਨਾ ਦੇਣ ਪੁੱਜੇ ਸਨ ਜਿੱਥੇ ਪੁਲਿਸ ਨੇ ਉਹਨਾਂ ਨੂੰ ਰੋਕਾਂ ਲਗਾ ਕੇ ਰੋਕਿਆ ਅਤੇ ਉਹਨਾਂ ਨਾਲ ਧੱਕਾ ਮੁੱਕੀ ਵੀ ਕੀਤੀ ਜਿਸ ਦੌਰਾਨ ਕਈ ਅਧਿਆਪਕ ਜ਼ਖਮੀ ਹੋ ਗਏ। ਇਸ ਮੌਕੇ ਗੱਲਬਾਤ ਕਰਦੇ ਹੋਏ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਬਹੁਤ ਘੱਟ ਤਨਖਾਹ ਤੇ ਆਦਰਸ਼ ਸਕੂਲਾਂ ਵਿੱਚ ਕੰਮ ਕਰ ਰਹੇ ਹਨ। ਅਤੇ ਉਹ ਆਪਣੀ ਤਨਖਾਹ ਵਧਾਉਣ ਲਈ ਕਈ ਸਾਲਾਂ ਤੋਂ ਸੰਘਰਸ਼ ਵੀ ਕਰ ਰਹੇ ਹਨ ਉਹਨਾਂ ਕਿਹਾ ਕਿ ਇਸ ਸਬੰਧ ਵਿੱਚ ਸਿੱਖਿਆ ਮੰਤਰੀ, ਮੁੱਖ ਮੰਤਰੀ ਅਤੇ ਇੱਥੋਂ ਤੱਕ ਕਿ ਮੁੱਖ ਮੰਤਰੀ ਦੀ ਪਤਨੀ ਨਾਲ ਵੀ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਹਰ ਵਾਰ ਸਿੱਖਿਆ ਮੰਤਰੀ ਇਹ ਕਹਿ ਕੇ ਪੱਲਾ ਝਾੜ ਲੈਂਦੇ ਹਨ ਕਿ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੇ ਮੁੱਦਿਆਂ ਦੀ ਫਾਈਲ ਮੁੱਖ ਮੰਤਰੀ ਦੇ ਮੇਜ਼ ‘ਤੇ ਪਈ ਹੈ। ਅਧਿਆਪਕਾਂ ਨੇ ਕਿਹਾ ਕਿ ਉਹਨਾਂ ਨੂੰ ਲਾਰੇ ਹੀ ਲਗਾ ਰਹੇ ਲਗਾਏ ਜਾ ਰਹੇ ਹਨ ਪਰ ਉਹਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਅਧਿਆਪਕਾਂ ਨੇ ਦੱਸਿਆ ਕਿ ਉਹ ਸਿਰਫ 10-12,000 ਪ੍ਰਤੀ ਮਹੀਨਾ ਤਨਖਾਹ ‘ਤੇ ਕੰਮ ਕਰ ਰਹੇ ਹਨ ਜੋ ਅੱਜ ਦੇ ਮਹਿੰਗਾਈ ਦੇ ਦੌਰ ਵਿੱਚ ਬਹੁਤ ਘੱਟ ਹੈ ਅਤੇ ਇੰਨੇ ਘੱਟ ਵੇਤਨ ਨਾਲ ਘਰ ਚਲਾਉਣਾ ਬਹੁਤ ਔਖਾ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਦਾ ਸਰਕਾਰ ਸਕੂਲ ਆਫ ਐਮੀਨੈਂਸ ਖੋਲ ਰਹੀ ਹੈ ਤੇ ਖੇਡਾਂ ਦੇ ਪ੍ਰੋਗਰਾਮ ਦਾ ਆਯੋਜਨ ਕਰ ਰਹੀ ਹੈ ਪਰੰਤੂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਜ਼ਿਮਨੀ ਚੋਣਾਂ ਵਿੱਚ ਸਰਕਾਰ ਦਾ ਡੱਟ ਕੇ ਵਿਰੋਧ ਕਰਨਾ ਜਾਰੀ ਰੱਖਣਗੇ।
