ਚੰਡੀਗੜ੍ਹ, 7 ਨਵੰਬਰ, (ਨਿਰਮਲ ਸਿੰਘ ਪੰਡੋਰੀ)-
-ਚੋਣਾਂ ਵਿੱਚ ਵੀਡੀਓਗ੍ਰਾਫੀ ਕਰਨ ਲਈ ਲਗਾਏ ਕੈਮਰਿਆਂ ਦੀ ਅਦਾਇਗੀ ਕਰਨ ਬਦਲੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਫੋਟੋਗ੍ਰਾਫਰ ਤੋਂ ਰਿਸ਼ਵਤ ਲੈਂਦੇ ਹੋਏ ਡਿਪਟੀ ਕਮਿਸ਼ਨਰ ਦੇ ਪੀਏ ਅਤੇ ਡਾਟਾ ਐਂਟਰੀ ਆਪਰੇਟਰ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਤਰਨਤਾਰਨ ਜ਼ਿਲ੍ਹੇ ਦੇ ਡੀਸੀ ਦੇ ਪੀਏ ਹਰਮਨਦੀਪ ਸਿੰਘ ਅਤੇ ਚੋਣ ਵਿਭਾਗ ਦੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਇੱਕ ਫੋਟੋਗ੍ਰਾਫਰ ਨੇ ਲੋਕ ਸਭਾ ਚੋਣਾਂ ਦੌਰਾਨ ਵੀਡੀਓਗ੍ਰਾਫੀ ਲਈ ਕਾਫੀ ਗਿਣਤੀ ਵਿੱਚ ਕੈਮਰੇ ਲਗਾਏ ਸਨ, ਇਨ੍ਹਾਂ ਕੈਮਰਿਆਂ ਦੇ ਪੈਸਿਆਂ ਦੀ ਅਦਾਇਗੀ ਕਰਨ ਬਦਲੇ ਉਕਤ ਦੋਸ਼ੀਆਂ ਨੇ ਫੋਟੋਗ੍ਰਾਫਰ ਤੋਂ 50 ਹਜ਼ਾਰ ਰਿਸ਼ਵਤ ਦੀ ਮੰਗ ਕੀਤੀ। ਫੋਟੋਗ੍ਰਾਫਰ ਨੇ ਦੋਵੇਂ ਦੋਸ਼ੀਆਂ ਨੂੰ 20 ਹਜ਼ਾਰ ਦੀ ਰਿਸ਼ਵਤ ਦੇ ਕੇ ਬਾਕੀ ਰੁਪਏ ਬਕਾਇਆ ਰੱਖ ਲਏ ਅਤੇ ਵਿਜੀਲੈਂਸ ਨਾਲ ਸੰਪਰਕ ਕੀਤਾ ਜਿਸ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਟਰੈਪ ਲਗਾ ਕੇ ਦੋਵੇਂ ਦੋਸ਼ੀਆਂ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਇਨ੍ਹਾਂ ਦੋਵਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੋਵਾਂ ਨੂੰ ਵੀਰਵਾਰ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਲਿਆ ਗਿਆ ਅਤੇ ਦੋਵਾਂ ਦੀ ਚੱਲ ਅਤੇ ਅਚੱਲ ਜਾਇਦਾਦ ਦੀ ਜਾਂਚ ਕੀਤੀ ਜਾ ਰਹੀ ਹੈ।