Gee 98News

MP ਸਵਾਤੀ ਮਾਲੀਵਾਲ ਦੀ ਪੋਸਟ ਸੰਬੰਧੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਚੁੱਪ ‘ਤੇ ਵਿਧਾਇਕ ਪ੍ਰਗਟ ਸਿੰਘ ਨੇ ਚੁੱਕੇ ਸਵਾਲ

ਚੰਡੀਗੜ੍ਹ, 22 ਨਵੰਬਰ, Gee98 News service
-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ “ਰਾਜ਼ਦਾਰ” ਬਿਭਵ ਕੁਮਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਲਾਹਕਾਰ ਨਿਯੁਕਤ ਕੀਤੇ ਜਾਣ ਦੀ ਚਰਚਾ ਨੇ ਪੰਜਾਬ ਦੀ ਰਾਜਨੀਤੀ ‘ਚ ਤਰਥੱਲੀ ਮਚਾ ਦਿੱਤੀ ਹੈ। ਭਾਵੇਂ ਕਿ ਇਸ ਨਿਯੁਕਤੀ ਦੀ ਪੰਜਾਬ ਸਰਕਾਰ ਵੱਲੋਂ ਜਾਂ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਅਜੇ ਤੱਕ ਪੁਸ਼ਟੀ ਨਹੀਂ ਕੀਤੀ ਕਿ ਪ੍ਰੰਤੂ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਾਂ ਪੰਜਾਬ ਦੇ ਕਿਸੇ ਮੰਤਰੀ ਨੇ AAP ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੇ ਇਹਨਾਂ ਦੋਸ਼ਾਂ ਦਾ ਅਜੇ ਤੱਕ ਖੰਡਨ ਵੀ ਨਹੀਂ ਕੀਤਾ ਜਿਨਾਂ ਵਿੱਚ MP ਮਾਲੀਵਾਲ ਨੇ ਕਿਹਾ ਸੀ ਕਿ ਪੰਜਾਬ ‘ਚ ਅਰਵਿੰਦ ਕੇਜਰੀਵਾਲ ਦੇ ਗੁੰਡਿਆਂ ਨੂੰ ਮੁੱਖ ਮੰਤਰੀ ਦੇ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਗੁੰਡਾ ਸ਼ਬਦ ਮਾਲੀਵਾਲ ਨੇ ਬਿਭਵ ਕੁਮਾਰ ਲਈ ਆਪਣੀ ਪੋਸਟ ਵਿੱਚ ਵਰਤਿਆ ਹੈ। ਇਸੇ ਪੋਸਟ ਵਿੱਚ ਸਵਾਤੀ ਮਾਲੀਵਾਲ ਨੇ ਇਹ ਖੁਲਾਸਾ ਕੀਤਾ ਕਿ ਬਿਭਵ ਕੁਮਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। MP ਸਵਾਤੀ ਮਾਲੀਵਾਲ ਦੀ ਪੋਸਟ ਤੋਂ ਬਾਅਦ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਪ੍ਰਗਟ ਸਿੰਘ ਨੇ ਅਰਵਿੰਦ ਕੇਜਰੀਵਾਲ ‘ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਉਹਨਾਂ ਨੂੰ ਸਵਾਤੀ ਮਾਲੀਵਾਲ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਉਕਤ ਮਾਮਲੇ ‘ਚ ਭਗਵੰਤ ਮਾਨ ਦੀ ਚੁੱਪ ਵੀ ਕਈ ਸਵਾਲ ਖੜ੍ਹੇ ਕਰਦੀ ਹੈ। ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਬਿਭਵ ਕੁਮਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ ਜਾਂ ਫਿਰ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ‘ਤੇ ਉਹਨਾਂ ਨੂੰ ਇਹ ਅਧਿਕਾਰ ਗ਼ੈਰ ਕਾਨੂੰਨੀ ਤਰੀਕੇ ਨਾਲ ਦਿੱਤੇ ਗਏ ਹਨ ? ਬਿਭਵ ਕੁਮਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਸਲਾਹਕਾਰ ਨਿਯੁਕਤ ਕੀਤੇ ਜਾਣ ਸਬੰਧੀ ਸਵਾਤੀ ਮਾਲੀਵਾਲ ਦੀ ਪੋਸਟ ਵਿੱਚ ਕਿੰਨੀ ਕੁ ਸੱਚਾਈ ਹੈ ਇਹ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਦੇ ਖੰਡਨ ਤੋਂ ਬਾਅਦ ਹੀ ਸਾਹਮਣੇ ਆਵੇਗੀ ਪਰ ਜੇਕਰ ਸਵਾਤੀ ਮਾਲੀਵਾਲ ਦੀ ਪੋਸਟ ਸੱਚ ਹੈ ਤਾਂ ਭਗਵੰਤ ਮਾਨ ਦੀ ਕਾਰਗੁਜ਼ਾਰੀ ‘ਤੇ ਸਿੱਧੇ ਸਵਾਲ ਖੜੇ ਹੁੰਦੇ ਹਨ। ‌

error: Content is protected !!