ਚੰਡੀਗੜ੍ਹ,17 ਦਸੰਬਰ, Gee98 news service
-ਕੈਨੇਡਾ ਦੀ ਰਾਜਨੀਤੀ ‘ਚ ਇੱਕ ਵੱਡਾ ਫੇਰਬਦਲ ਹੋਣ ਦੇ ਆਸਾਰ ਬਣਦੇ ਜਾ ਰਹੇ ਹਨ। ਖ਼ਬਰਾਂ ਹਨ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸੇ ਵੇਲੇ ਵੀ ਅਸਤੀਫਾ ਦਿੱਤਾ ਜਾ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਟਰੂਡੋ ਨੇ ਆਪਣੇ ਨੇਡਲੇ ਸਾਥੀਆਂ ਨੂੰ ਆਖ ਦਿੱਤਾ ਇਹ ਕਿ ਉਹ ਅਸਤੀਫ਼ੇ ‘ਤੇ ਵਿਚਾਰ ਕਰ ਰਹੇ ਹਨ ਤੇ ਕਿਸੇ ਵੇਲੇ ਵੀ ਸੰਸਦ ਨੂੰ ਸੰਬੋਧਨ ਕਰ ਸਕਦੇ ਹਨ। ਦੱਸ ਦੇਈਏ ਕਿ ਆਪਣੀ ਸਰਕਾਰ ਦੀਆਂ ਨੀਤੀਆਂ ਦੇ ਕਾਰਨ ਜਸਟਿਨ ਟਰੂਡੋ ਪਿਛਲੇ ਕੁਝ ਸਮੇਂ ਤੋਂ ਮੁਸ਼ਕਿਲਾਂ ਵਿੱਚ ਹਨ ਅਤੇ ਹੁਣ ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਦੇ ਅਸਤੀਫ਼ੇ ਤੋਂ ਉਭਰਨ ਤੋਂ ਪਹਿਲਾਂ ਹੀ ਟਰੂਡੋ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਕਿ ਨਿਊ ਡੈਮੋਕ੍ਰੇਟਿਕ ਪਾਰਟੀ (NDP) ਦੇ ਨੇਤਾ ਜਗਮੀਤ ਸਿੰਘ ਨੇ ਟਰੂਡੋ ਦੇ ਅਸਤੀਫੇ ਦੀ ਮੰਗ ਕੀਤੀ ਹੈ। ਜਗਮੀਤ ਸਿੰਘ ਨੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਦੇ ਅਸਤੀਫੇ ਤੋਂ ਬਾਅਦ ਜਸਟਿਨ ਟਰੂਡੋ ਨੂੰ ਅਹੁਦਾ ਛੱਡਣ ਦੀ ਸਲਾਹ ਦਿੱਤੀ ਹੈ। ਹਾਲਾਂਕਿ ਉਨ੍ਹਾਂ ਨੇ ਚੋਣਾਂ ਦੀ ਮੰਗ ਨਹੀਂ ਕੀਤੀ ਅਤੇ ਨਾ ਹੀ ਘੱਟ ਗਿਣਤੀ ਸਰਕਾਰ ਤੋਂ ਸਮਰਥਨ ਵਾਪਸ ਲੈਣ ਦੀ ਗੱਲ ਕੀਤੀ। ਸਿੰਘ ਦਾ ਕਹਿਣਾ ਹੈ ਕਿ ਮੌਜੂਦਾ ਹਾਲਾਤ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅਹੁਦੇ ‘ਤੇ ਬਣੇ ਨਹੀਂ ਰਹਿਣਾ ਚਾਹੀਦਾ। ਜਗਮੀਤ ਸਿੰਘ ਨੇ ਜਸਟਿਨ ਟਰੂਡੋ ਦੀਆਂ ਨੀਤੀਆਂ ਅਤੇ ਫੈਸਲਿਆਂ ‘ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਲੋਕਾਂ ਨੂੰ ਕਰਿਆਨੇ ਦਾ ਸਮਾਨ ਖਰੀਦਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੌਜਵਾਨ ਪੀੜ੍ਹੀ ਲਈ ਕਿਫਾਇਤੀ ਰਿਹਾਇਸ਼ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ ਅਤੇ ਟਰੰਪ ਦੇ ਟੈਰਿਫ ਦੀ ਧਮਕੀ ਕੈਨੇਡਾ ਵਿੱਚ ਹਜ਼ਾਰਾਂ ਨੌਕਰੀਆਂ ਨੂੰ ਖਤਰੇ ਵਿੱਚ ਪਾ ਰਹੀ ਹੈ। ਸਿੰਘ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੇ ਅਹਿਮ ਮੁੱਦਿਆਂ ਨੂੰ ਛੱਡ ਕੇ ਪਾਰਟੀ ਦੇ ਅੰਦਰੂਨੀ ਕਲੇਸ਼ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਟਰੂਡੋ ਹੁਣ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਦੇ ਯੋਗ ਨਹੀਂ ਰਹੇ। ਐਨਡੀਪੀ ਨੇਤਾ ਜਗਮੀਤ ਸਿੰਘ ਦੇ ਉਕਤ ਬਿਆਨਾਂ ਤੋਂ ਬਾਅਦ ਕਨੇਡਾ ਦੀ ਰਾਜਨੀਤੀ ਵਿੱਚ ਅਜਿਹੇ ਹਾਲਾਤ ਪੈਦਾ ਹੋ ਗਏ ਹਨ ਕਿ ਜਸਟਨ ਟਰੂਡੋ ਨੂੰ ਕਿਸੇ ਵੇਲੇ ਵੀ ਇਸਤੀਫਾ ਦੇਣਾ ਪੈ ਸਕਦਾ ਹੈ।









