ਚੰਡੀਗੜ੍ਹ,15 ਜਨਵਰੀ, Gee98 news service
-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਹਨ। ਕੇਂਦਰੀ ਗ੍ਰਿਹ ਮੰਤਰਾਲੇ ਨੇ ਸ੍ਰੀ ਕੇਜਰੀਵਾਲ ਦੇ ਖਿਲਾਫ ਦਿੱਲੀ ਦੇ ਸ਼ਰਾਬ ਘੁਟਾਲੇ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਚ ਮੁਕੱਦਮਾ ਚਲਾਉਣ ਦੀ ਈਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੇ ਵੀ ਈਡੀ ਨੂੰ ਮਨਜ਼ੂਰੀ ਦੇ ਦਿੱਤੀ ਸੀ। ਅਰਵਿੰਦ ਕੇਜਰੀਵਾਲ ਦੇ ਨਾਲ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਖਿਲਾਫ ਵੀ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਜ਼ਿਕਰ ਯੋਗ ਹੈ ਕਿ ਇਸੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਹੋਈ ਅਤੇ ਉਹ ਜੇਲ੍ਹ ‘ਚ ਵੀ ਬੰਦ ਵੀ ਰਹੇ, ਅਤੇ ਹੁਣ ਅਰਵਿੰਦ ਕੇਜਰੀਵਾਲ ਸੁਪਰੀਮ ਕੋਰਟ ਵੱਲੋਂ ਦਿੱਤੀ ਜ਼ਮਾਨਤ ਦੇ ਘਰ ਕਾਰਨ ਬਾਹਰ ਹਨ। ਪਿਛਲੇ ਸਾਲ ਨਵੰਬਰ ਵਿੱਚ ਇੱਕ ਆਦੇਸ਼ ਵਿੱਚ, ਸੁਪਰੀਮ ਕੋਰਟ ਨੇ ਕਿਹਾ ਸੀ ਕਿ ਈਡੀ ਨੂੰ ਜਨਤਕ ਸੇਵਕਾਂ ਉੱਤੇ ਮੁਕੱਦਮਾ ਚਲਾਉਣ ਤੋਂ ਪਹਿਲਾਂ ਮਨਜ਼ੂਰੀ ਲੈਣੀ ਹੋਵੇਗੀ। ਉਥੇ ਹੀ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਦਾ ਰੁਖ ਕੀਤਾ ਅਤੇ ਕਿਹਾ ਕਿ ਮਾਮਲੇ ‘ਚ ਉਨ੍ਹਾਂ ਅਤੇ ਹੋਰਾਂ ਖਿਲਾਫ਼ ਜਾਂਚ ਏਜੰਸੀ ਦੀ ਚਾਰਜਸ਼ੀਟ ਗੈਰ-ਕਾਨੂੰਨੀ ਸੀ ਕਿਉਂਕਿ ਇਸਤਗਾਸਾ ਸ਼ਿਕਾਇਤ ਦਾਇਰ ਕਰਨ ਤੋਂ ਪਹਿਲਾਂ ਅਧਿਕਾਰੀਆਂ ਦੀ ਕੋਈ ਅਗਾਊਂ ਪ੍ਰਵਾਨਗੀ ਨਹੀਂ ਲਈ ਗਈ ਸੀ। ਹੁਣ ਦਿੱਲੀ ਦੇ ਲੈਫਟੀਨੈਂਟ ਗਵਰਨਰ ਤੋਂ ਬਾਅਦ ਕੇਂਦਰੀ ਗ੍ਰਿਹ ਮੰਤਰਾਲੇ ਨੇ ਵੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਕੁਮਾਰ ਸਿਸੋਦੀਆ ਦੇ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਦੋਵੇਂ ਚੋਟੀ ਦੇ ਆਗੂ ਕਾਨੂੰਨ ਦੀਆਂ ਘੁੰਮਣੀਆਂ ਘੇਰੀਆਂ ਵਿੱਚ ਉਲਝ ਸਕਦੇ ਹਨ। ਦੂਜੇ ਪਾਸੇ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਭਾਜਪਾ ਤੇ ਕਾਂਗਰਸ ਵੱਲੋਂ ਇਸ ਮਾਮਲੇ ਨੂੰ ਮੁੱਖ ਮੁੱਦਾ ਬਣਾਇਆ ਹੋਇਆ ਹੈ। ਕੇਜਰੀਵਾਲ ਦੇ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਤੋਂ ਬਾਅਦ ਭਾਜਪਾ ਤੇ ਕਾਂਗਰਸ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਹੋਰ ਵਧੇਰੇ ਹਮਲਾਵਰ ਹੋਣਗੀਆਂ। ਕੇਜਰੀਵਾਲ ਦੇ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਯਕੀਨਨ ਆਮ ਆਦਮੀ ਪਾਰਟੀ ਦੀ ਚੋਣ ਰਣਨੀਤੀ ਨੂੰ ਵੀ ਪ੍ਰਭਾਵਿਤ ਕਰੇਗੀ।