ਚੰਡੀਗੜ੍ਹ,20 ਜਨਵਰੀ, Gee98 News service
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਕਦੇ ਸੂਬੇ ਦੀਆਂ ਪਿਛਲੀਆਂ ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਦੇ ਕੰਮਾਂਕਾਰਾਂ ਦਾ ਲੇਖਾ ਜੋਖਾ ਕਰਦੇ ਹਨ ਤਾਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਤੱਕ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ਦਾ ਕੋਈ ਇੱਕ ਕੰਮ ਅਜਿਹਾ ਨਹੀਂ ਜਿਸ ਨੂੰ ਭਗਵੰਤ ਮਾਨ ਨੇ ਚੰਗਾ ਕਿਹਾ ਹੋਵੇ ਭਾਵ ਕਿ ਭਗਵੰਤ ਮਾਨ ਦੇ ਭਾਸ਼ਣ ਦਾ ਵਿਸ਼ਾ ਵਸਤੂ ਇੱਕੋ ਹੀ ਹੁੰਦਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਹਰ ਖੇਤਰ ਵਿੱਚ ਪੰਜਾਬ ਨੂੰ ਰੱਜ ਕੇ ਲੁੱਟਿਆ ਆਪਣੇ ਖਜ਼ਾਨੇ ਭਰੇ ਪ੍ਰੰਤੂ ਭਗਵੰਤ ਮਾਨ ਸਰਕਾਰ ਹੁਣ ਪੰਜਾਬ ‘ਚ ਇੱਕ ਅਜਿਹਾ ਕੰਮ ਕਰਨ ਜਾ ਰਹੀ ਹੈ, ਜਿਸ ਨਾਲ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਸੁਪਨਾ ਪੂਰਾ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ ਪਾਣੀ ਵਾਲੀਆਂ ਬੱਸਾਂ ਚਲਾਉਣ ਦਾ ਫੈਸਲਾ ਕੀਤਾ ਹੈ। ਸੂਤਰਾਂ ਅਨੁਸਾਰ ਕੁਝ ਸਮਾਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉੱਚ ਪੱਧਰੀ ਮੀਟਿੰਗ ਹੋਈ ਜਿਸ ਵਿੱਚ ਸੈਰ ਸਪਾਟਾ ਆਵਾਜਾਈ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਇਸ ਮੀਟਿੰਗ ਵਿੱਚ ਸੂਬੇ ‘ਚ ਪਾਣੀ ਵਾਲੀਆਂ ਬੱਸਾਂ ਚਲਾਉਣ ਦੇ ਪ੍ਰੋਜੈਕਟ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲਦੀ ਹੀ ਰਣਜੀਤ ਸਾਗਰ ਡੈਮ ਵਿੱਚ ਪਾਣੀ ਵਾਲੀ ਬੱਸ ਚਲਾਈ ਜਾਵੇਗੀ ਅਤੇ ਇਸ ਸਬੰਧੀ ਪ੍ਰਕਿਰਿਆ ਵੀ ਸ਼ੁਰੂ ਹੋ ਚੁੱਕੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਸੈਰ ਸਪਾਟਾ ਵਿਭਾਗ ਨੇ ਪਾਣੀ ਵਾਲੀ ਬੱਸ ਦਾ ਨਿਰੀਖਣ ਵੀ ਕਰਵਾਇਆ ਤੇ ਟਰਾਂਸਪੋਰਟ ਵਿਭਾਗ ਨੇ ਇਸ ਦੀ ਮੁਰੰਮਤ ਤੋਂ ਬਾਅਦ ਇਸ ਨੂੰ ਚਲਾਉਣ ਦੀ ਇਜਾਜ਼ਤ ਵੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਕਾਲੀ ਭਾਜਪਾ ਸਰਕਾਰ ਮੌਕੇ 2015 ‘ਚ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਸੂਬੇ ‘ਚ ਪਾਣੀ ਵਾਲੀਆਂ ਬੱਸਾਂ ਚਲਾਈਆਂ ਜਾਣਗੀਆਂ ਪਰੰਤੂ ਉਸ ਵੇਲੇ ਆਮ ਆਦਮੀ ਪਾਰਟੀ ਸਮੇਤ ਵਿਰੋਧੀ ਧਿਰਾਂ ਨੇ ਸੁਖਬੀਰ ਸਿੰਘ ਬਾਦਲ ਦੇ ਇਸ ਐਲਾਨ ਨੂੰ ਇੱਕ ਵੱਡਾ ਮਜ਼ਾਕ ਕਿਹਾ ਸੀ ਪ੍ਰੰਤੂ ਹੁਣ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸੁਖਬੀਰ ਸਿੰਘ ਬਾਦਲ ਦੇ ਇਸ ਮਜ਼ਾਕ ਨੂੰ ਡਰੀਮ ਪ੍ਰੋਜੈਕਟ ਦਾ ਰੂਪ ਦੇ ਕੇ ਪੂਰਾ ਕਰਨ ਜਾ ਰਹੀ ਹੈ।









