Gee 98News

ਵਿਜੀਲੈਂਸ ਨੇ ਇੱਕ ਸਿਪਾਹੀ ਨੂੰ ਰਿਸ਼ਵਤ ਦੀ ਰਕਮ ਸਮੇਤ ਰੰਗੇਂ ਹੱਥੀਂ ਦਬੋਚਿਆ…ਐਸਐਚਓ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ

-ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਇੱਕ ਸਿਪਾਹੀ ਕਿੰਦਰ ਸਿੰਘ ਨੂੰ 30000 ਰਿਸ਼ਵਤ ਦੀ ਰਕਮ ਸਮੇਤ ਰੰਗੇਂ ਹੱਥੀਂ ਕਾਬੂ ਕੀਤਾ। ਇਸ ਮਾਮਲੇ ਦੀ ਸ਼ਿਕਾਇਤ ਵਿੱਚ ਦਰਜ ਸਹਿ ਮੁਲਜ਼ਮ ਐਸਐਚਓ ਬਲਜਿੰਦਰ ਸਿੰਘ ਮੱਲ੍ਹੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਰਿਹਾ। ਇਹ ਮਾਮਲਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਗੜ੍ਹਸ਼ੰਕਰ ਨਾਲ ਸੰਬੰਧਿਤ ਹੈ ਜਿੱਥੇ ਤਾਇਨਾਤ ਸਿਪਾਹੀ ਕਿੰਦਰ ਸਿੰਘ ਅਤੇ ਐਸਐਚਓ ਦੇ ਖ਼ਿਲਾਫ਼ ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਰਿਸ਼ਵਤ ਮੰਗਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਕਰਤਾ ਹਰਦੀਪ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਕਿੰਦਰ ਸਿੰਘ ਨੇ ਐਸ.ਐਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦੇ ਨਾਂ ‘ਤੇ, ਉਸ (ਹਰਦੀਪ ਕੌਰ) ਦੇ ਭਰਾ, ਜਿਸਨੂੰ ਪੁਲਿਸ ਨੇ ਇੱਕ ਝਗੜੇ ਦੇ ਸਬੰਧ ਵਿੱਚ ਕਈ ਹੋਰਾਂ ਨਾਲ ਗ੍ਰਿਫ਼ਤਾਰ ਕੀਤਾ ਹੈ, ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਸ਼ਾਮਲ ਨਾ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ ਪਰ ਬਾਅਦ ਵਿੱਚ ਸੌਦਾ 50000 ਰੁਪਏ ਵਿੱਚ ਤੈਅ ਹੋ ਗਿਆ। ਪੰਜਾਬ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਪਰ ਇਸ ਕਾਰਵਾਈ ਦੌਰਾਨ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

error: Content is protected !!