ਚੰਡੀਗੜ੍ਹ,23 ਜਨਵਰੀ, Gee98 news service
-ਸਿੱਖਸ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਜੋ ਉਲਟਾ ਚਲਿਆ, ਉਸ ਦਾ ਉਹੀ ਹਾਲ ਹੋਵੇਗਾ ਜੋ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੋਇਆ। ਜ਼ਿਕਰਯੋਗ ਹੈ ਕਿ ਭਾਰਤੀ ਏਜੰਸੀਆਂ ਨੇ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਸੰਬੰਧੀ ਅਲਰਟ ਜਾਰੀ ਕੀਤਾ ਹੋਇਆ ਹੈ ਜਿਸ ਦੇ ਮੱਦੇ ਨਜ਼ਰ ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ‘ਚ ਜਿੱਥੇ ਵੀ ਕਿਧਰੇ ਜਾਂਦੇ ਹਨ ਉਹਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਕਈ ਵਾਰ ਆਮ ਲੋਕਾਂ ਨੂੰ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪ੍ਰੰਤੂ ਏਜੰਸੀਆਂ ਕੋਈ ਰਿਸਕ ਮੁੱਲ ਨਹੀਂ ਲੈਣਾ ਚਾਹੁੰਦੀਆਂ। ਇਥੋਂ ਤੱਕ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਦੇ ਵੱਡੇ ਸਮਾਗਮਾਂ ਵਿੱਚ ਸੱਤਾਧਾਰੀ ਪਾਰਟੀ ਦੇ ਵੱਡੇ ਆਗੂਆਂ ਨੂੰ ਵੀ ਮੁੱਖ ਮੰਤਰੀ ਦੇ ਨਜ਼ਦੀਕ ਨਹੀਂ ਜਾਣ ਦਿੱਤਾ ਜਾਂਦਾ। ਪੰਨੂ ਦੀ ਧਮਕੀ ਦੇ ਮੱਦੇਨਜ਼ਰ ਹੁਣ ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਦੀ ਸੁਰੱਖਿਆ ਹੋਰ ਵੀ ਸਖ਼ਤ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਨਾਲ ਜੁੜਿਆ ਇੱਕ ਤੱਥ ਹੋਰ ਵੀ ਸਾਹਮਣੇ ਆਇਆ ਸੀ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਕੀਤੀ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨੀ ਪੱਖੀਆਂ ਦੇ ਨਿਸ਼ਾਨੇ ‘ਤੇ ਹਨ। ਪੰਨੂ ਨੇ ਆਪਣੀ ਵੀਡੀਓ ਵਿੱਚ ਕਿਹਾ ਕਿ ਫਰੀਦਕੋਟ ਰੇਲਵੇ ਸਟੇਸ਼ਨ ਅਤੇ ਨਹਿਰੂ ਸਟੇਡੀਅਮ ‘ਤੇ ਉਸ ਨੇ ਖਾਲਿਸਤਾਨੀ ਨਾਅਰੇ ਲਿਖਵਾਏ ਹੋਏ ਹਨ, ਜਿੱਥੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਭਗਵੰਤ ਮਾਨ ਝੰਡਾ ਲਹਿਰਾਉਣ ਜਾ ਰਹੇ ਹਨ। ਇਸ ਤੋਂ ਇਲਾਵਾ ਪੰਨੂ ਨੇ ਆਪਣੀ ਵੀਡੀਓ ਵਿੱਚ ਪੰਜਾਬ ਦੇ ਨੌਜਵਾਨਾਂ ਤੇ ਕਿਸਾਨਾਂ ਨੂੰ ਇੱਕ ਖਾਸ ਮਿਸ਼ਨ ਲਈ ਉਤਸਾਹਿਤ ਕਰਨ ਵਾਲੀਆਂ ਗੱਲਾਂ ਵੀ ਕੀਤੀਆਂ ਹਨ।







