ਚੰਡੀਗੜ੍ਹ,25 ਜਨਵਰੀ, Gee98 news service
-ਪੰਜਾਬ ਰਾਜ ਬਿਜਲੀ ਬੋਰਡ (ਪਾਵਰਕਾਮ) ਨੇ ਬਿਜਲੀ ਦੇ ਬਿੱਲਾਂ ਦੀ ਭਾਸ਼ਾ ਬਦਲ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਪਾਵਰਕਾਮ ਹੁਣ ਖਪਤਕਾਰ ਨੂੰ ਬਿਜਲੀ ਦੇ ਬਿੱਲ ਪੰਜਾਬੀ ਵਿੱਚ ਮਿਲਣ ਲੱਗੇ ਹਨ, ਹਾਲਾਂਕਿ ਪੰਜਾਬੀ ਦੇ ਨਾਲ ਨਾਲ ਇਹ ਬਿੱਲ ਅੰਗਰੇਜ਼ੀ ਭਾਸ਼ਾ ਵਿੱਚ ਵੀ ਹੋਣਗੇ ਜਦ ਕਿ ਪਹਿਲਾਂ ਇਕੱਲੇ ਅੰਗਰੇਜ਼ੀ ਭਾਸ਼ਾ ਵਿੱਚ ਹੀ ਬਿੱਲ ਭੇਜੇ ਜਾਂਦੇ ਸਨ। ਇਸ ਸਬੰਧੀ ਇੱਕ ਪਟੀਸ਼ਨ ਹਾਈਕੋਰਟ ਵਿੱਚ ਪੰਜਾਬ ਸਰਕਾਰੀ ਭਾਸ਼ਾਵਾਂ ਐਕਟ, 1967 ਨੂੰ ਲਾਗੂ ਕਰਨ ਵਿੱਚ ਹੋਈ ਲਾਪਰਵਾਹੀ ਸਬੰਧੀ ਦਾਇਰ ਕੀਤੀ ਗਈ ਸੀ। ਹਾਈਕੋਰਟ ਦੇ ਵਕੀਲ ਐਡਵੋਕੇਟ ਨਿਖਿਲ ਥੰਮਨ ਨੇ ਇੱਕ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਬਿਜਲੀ ਦੇ ਬਿੱਲ ਪੰਜਾਬੀ ਭਾਸ਼ਾ ਵਿੱਚ ਜਾਰੀ ਕਰਨ ਦੀ ਮੰਗ ਕੀਤੀ ਸੀ। ਪਟੀਸ਼ਨ ਵਿੱਚ ਇਸ ਐਕਟ ਦੇ ਤਹਿਤ ਰਾਜ ਵਿੱਚ ਸਾਰੇ ਸਰਕਾਰੀ ਸੰਚਾਰ, ਬਿਜਲੀ ਦੇ ਬਿੱਲਾਂ ਸਮੇਤ, ਪੰਜਾਬੀ ਭਾਸ਼ਾ ਵਿੱਚ ਹੋਣੇ ਜ਼ਰੂਰੀ ਹਨ। ਪਟੀਸ਼ਨ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿੱਚ ਬਿਜਲੀ ਦੇ ਬਿੱਲ ਜਾਰੀ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਪਟੀਸ਼ਨ ਵਿਚ ਉਠਾਏ ਗਏ ਮੁੱਦੇ ਦਾ ਹੱਲ ਹੋ ਗਿਆ ਹੈ। ਬਿਜਲੀ ਦੇ ਬਿੱਲ ਹੁਣ ਪੰਜਾਬੀ ਭਾਸ਼ਾ ਵਿਚ ਜਾਰੀ ਕੀਤੇ ਜਾ ਰਹੇ ਹਨ, ਜੋ ਕਿ ਪੰਜਾਬ ਸਰਕਾਰੀ ਭਾਸ਼ਾ ਐਕਟ ਦੇ ਉਪਬੰਧਾਂ ਦੇ ਅਨੁਸਾਰ ਹੈ।










