ਚੰਡੀਗੜ੍ਹ,10 ਫਰਵਰੀ, Gee98 News service
-ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਰਨੀ ਦੀ ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਸਬੰਧੀ ਫੈਸਲਾ ਲਿਆ ਗਿਆ। ਗਿਆਨੀ ਜਗਤਾਰ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਲਗਾਇਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਸ਼ਾਂ ਦੀ ਜਾਂਚ ਕਰ ਰਹੀ ਕਮੇਟੀ ਦੀ ਰਿਪੋਰਟ ਨੂੰ ਮੰਨਦੇ ਹੋਏ ਉਹਨਾਂ ਦੇ ਖ਼ਿਲਾਫ਼ ਉਕਤ ਕਾਰਵਾਈ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਕੁਝ ਮੈਂਬਰਾਂ ਨੇ ਫੈਸਲੇ ਦਾ ਵਿਰੋਧ ਵੀ ਕੀਤਾ ਪ੍ਰੰਤੂ ਫੈਸਲਾ ਬਹੁਮਤ ਅਨੁਸਾਰ ਲਿਆ ਗਿਆ। ਦੱਸ ਦੇਈਏ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਅਹੁਦੇ ਤੋਂ ਪਹਿਲਾਂ ਹੀ ਮੁਅੱਤਲ ਕੀਤਾ ਹੋਇਆ ਸੀ ਤੇ ਉਹਨਾਂ ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਚੱਲ ਰਹੀ ਸੀ। ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਉਹਨਾਂ ਦੇ ਸਾਂਢੂ ਸ੍ਰੀ ਮੁਕਤਸਰ ਸਾਹਿਬ ਦੇ ਨਿਵਾਸੀ ਗੁਰਪ੍ਰੀਤ ਸਿੰਘ ਨੇ ਵੀ ਗੰਭੀਰ ਦੋਸ਼ ਲਗਾਏ ਸਨ, ਜਿੰਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਇੱਕ ਪੜਤਾਲੀਆ ਕਮੇਟੀ ਦਾ ਗਠਨ ਕੀਤਾ ਹੋਇਆ ਸੀ।







