ਬਰਨਾਲਾ, 15 ਮਾਰਚ, (ਨਿਰਮਲ ਸਿੰਘ ਪੰਡੋਰੀ)-
ਧਨੌਲਾ ਵਿਖੇ ਨਗਰ ਕੌਂਸਲ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ ਲਈ ਖਰੀਦੀ ਗਈ ਜ਼ਮੀਨ ਦੇ ਮਾਲਕ ਤੋਂ ਨਗਰ ਕੌਂਸਲ ਦੀ ਇੱਕ ਧਿਰ ਵੱਲੋਂ ਕਮਿਸ਼ਨ ਮੰਗਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦੇ ਹੋਏ ਬਰਨਾਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵੱਲੋਂ ਪੜਤਾਲੀਆ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸਰਕਾਰ ਵਿਰੋਧੀ ਧਿਰਾਂ ਅਤੇ ਮੀਡੀਆ ਵੱਲੋਂ ਇਸ ਮਾਮਲੇ ਨੂੰ ਪ੍ਰਮੁੱਖਤਾ ਨਾਲ ਉਠਾਏ ਜਾਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਇਸ ਦੀ ਪੜ੍ਹਤਾਲ ਲਈ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਧਨੌਲਾ ਵਿੱਚ ਟਰੀਟਮੈਂਟ ਪਲਾਂਟ ਲਈ ਖ਼ਰੀਦੀ ਜ਼ਮੀਨ ਸਬੰਧੀ ਕਥਿਤ ਕਮਿਸ਼ਨ ਮੰਗਣ ਦਾ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਇਸ ਮਾਮਲੇ ਦੀ ਪੜਤਾਲ ਲਈ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਤਿੰਨ ਮੈਂਬਰੀ ਕਮੇਟੀ ਕਾਇਮ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੜਤਾਲ ਵਿੱਚ ਜੋ ਵੀ ਕਸੂਰਵਾਰ ਪਾਇਆ ਗਿਆ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਿਸ਼ਵਤ ਦੇ ਮਾਮਲੇ ਵਿਚ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਜਿਸ ‘ਤੇ ਅਮਲ ਕਰਦੇ ਹੋਏ ਅਜਿਹੇ ਕਿਸੇ ਵੀ ਮਾਮਲੇ ਵਿੱਚ ਕਸੂਰਵਾਰ ਨੂੰ ਢਿੱਲ ਨਹੀਂ ਦਿੱਤੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਸਖ਼ਤ ਕਰਵਾਈ ਕੀਤੀ ਜਾਵੇਗੀ।