Gee 98News

ਬੀਡੀਪੀਓ ਦਫ਼ਤਰ ਬਰਨਾਲਾ ਦਾ ਪੰਚਾਇਤ ਸਕੱਤਰ ਵਿਜੀਲੈਂਸ ਦੀ ਕੁੜਿੱਕੀ ‘ਚ ਫਸਿਆ

ਠੇਕੇਦਾਰ ਵੱਲੋਂ ਪਿੰਡ ਵਿੱਚ ਕੀਤੇ ਪੰਚਾਇਤੀ ਕੰਮ ਦੀ ਪੇਮੈਂਟ ਦੇ ਬਿੱਲ ਕਲੀਅਰ ਕਰਨ ਬਦਲੇ ਕਮਿਸ਼ਨ ਮੰਗਣ ਵਾਲੇ ਪੰਚਾਇਤ ਸਕੱਤਰ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਦੇ ਇੱਕ ਠੇਕੇਦਾਰ ਵੱਲੋਂ ਵਿਜੀਲੈਂਸ ਬਿਊਰੋ ਨੂੰ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਬੀਡੀਪੀਓ ਦਫ਼ਤਰ ਬਰਨਾਲਾ ਵਿੱਚ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20000 ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਸਾਲ 2023 ਵਿੱਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ ਵਿਖੇ ਪੰਚਾਇਤੀ ਜ਼ਮੀਨ ‘ਤੇ 3,84,000 ਰੁਪਏ ਦੀ ਲਾਗਤ ਨਾਲ ਸੋਲਰ ਪੰਪ ਲਗਾਇਆ ਸੀ ਪਰ ਉਕਤ ਪੰਚਾਇਤ ਸਕੱਤਰ ਨੇ ਬਿੱਲਾਂ ‘ਤੇ ਅਗਲੇਰੀ ਕਾਰਵਾਈ ਹਿੱਤ ਕਮਿਸ਼ਨ ਵਜੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ।

Gee98 Ads
error: Content is protected !!