Skip to main content

Gee 98News

ਜੇ ਪ੍ਰਤਾਪ ਬਾਜਵਾ ਨੂੰ ਗ੍ਰਿਫ਼ਤਾਰ ਕਰਨਾ ਹੈ ਤਾਂ ਪਹਿਲਾਂ ਅਦਾਲਤ ਨੂੰ ਦੱਸਣਾ ਜ਼ਰੂਰੀ- ਹਾਈ ਕੋਰਟ ਦੀ ਬਾਜਵਾ ਨੂੰ ਵੱਡੀ ਰਾਹਤ

-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਜੇਕਰ ਬਾਜਵਾ ਦੇ ਖ਼ਿਲਾਫ਼ ਦਰਜ ਮੁਕੱਦਮੇ ਦੇ ਸੰਬੰਧ ਵਿੱਚ ਉਹਨਾਂ ਦੀ ਗ੍ਰਿਫਤਾਰੀ ਦੀ ਲੋੜ ਹੈ ਤਾਂ ਇਸ ਸਬੰਧੀ ਪਹਿਲਾਂ ਅਦਾਲਤ ਨੂੰ ਸੂਚਿਤ ਕਰਨਾ ਜ਼ਰੂਰੀ ਹੋਵੇਗਾ। ‌ਜ਼ਿਕਰਯੋਗ ਹੈ ਕਿ ਪੰਜਾਬ ‘ਚ ਵੱਡੀ ਗਿਣਤੀ ‘ਚ ਗਰਨੇਡ ਪੁੱਜਣ ਸੰਬੰਧੀ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਪੁਲਿਸ ਨੇ ਬਾਜਵਾ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਸੀ, ਜਿਸ ਤੋਂ ਬਾਅਦ ਬਾਜਵਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੁਕੱਦਮਾ ਰੱਦ ਕਰਨ ਦੀ ਅਪੀਲ ਕੀਤੀ ਸੀ। ਆਪਣੇ ਖ਼ਿਲਾਫ਼ ਦਰਜ ਹੋਏ ਮੁਕੱਦਮੇ ਦੇ ਸੰਬੰਧ ਵਿੱਚ ਪ੍ਰਤਾਪ ਸਿੰਘ ਬਾਜਵਾ ਮੋਹਾਲੀ ਦੇ ਸਾਈਬਰ ਥਾਣੇ ਵਿੱਚ ਪੇਸ਼ ਵੀ ਹੋ ਚੁੱਕੇ ਹਨ ਜਿੱਥੇ ਲਗਭਗ ਸਾ ਪੰਜ ਘੰਟੇ ਉਹਨਾਂ ਤੋਂ ਪੁੱਛਗਿਛ ਵੀ ਕੀਤੀ ਗਈ। ਬਾਜਵਾ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਮਾਨਯੋਗ ਹਾਈਕੋਰਟ ਨੇ 22 ਅਪ੍ਰੈਲ ਤੱਕ ਬਾਜਵਾ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ, ਅੱਜ ਬਾਜਵਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਫਿਲਹਾਲ ਬਾਜਵਾ ਦੀ ਗ੍ਰਿਫਤਾਰੀ ‘ਤੇ ਰੋਕ ਜਾਰੀ ਰੱਖਣ ਦਾ ਹੁਕਮ ਦਿੱਤਾ। ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਸਰਕਾਰ ਵੱਲੋਂ ਦਾਖਲ ਕੀਤੀ ਗਈ ਸਟੇਟਸ ਰਿਪੋਰਟ ਵਿੱਚ ਮਾਮਲੇ ਦੀ ਤਫਤੀਸ਼ ਬਾਰੇ ਜਾਣਕਾਰੀ ਦਿੱਤੀ ਗਈ। ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਹੁਕਮ ਦਿੱਤਾ ਕਿ ਜੇਕਰ ਇਹ ਇਸ ਮਾਮਲੇ ‘ਚ ਭਵਿੱਖ ‘ਚ ਪ੍ਰਤਾਪ ਸਿੰਘ ਬਾਜਵਾ ਨੂੰ ਗ੍ਰਿਫਤਾਰ ਕਰਨ ਦੀ ਲੋੜ ਪੈਂਦੀ ਹੈ ਤਾਂ ਇਸ ਸਬੰਧੀ ਪਹਿਲਾਂ ਅਦਾਲਤ ਨੂੰ ਸੂਚਿਤ ਕੀਤਾ ਜਾਵੇ। ਇਸ ਮਾਮਲੇ ਦੀ ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ।

error: Content is protected !!