ਬਰਨਾਲਾ,10 ਜੂਨ, Gee98 News service
-ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ ਬਰਨਾਲਾ ਵਿਖੇ 317 ਏਕੜ ਵਿੱਚ ਅਰਬਨ ਅਸਟੇਟ ਵਿਕਸਿਤ ਕਰਨ ਦਾ ਮਾਮਲਾ ਖਟਾਈ ਵਿੱਚ ਪੈਂਦਾ ਨਜ਼ਰ ਆ ਰਿਹਾ ਹੈ। ਸਰਕਾਰ ਵੱਲੋਂ ਸ਼ਨਾਖਤ ਕੀਤੇ ਗਏ ਇਸ 317 ਏਕੜ ਰਕਬੇ ਦੇ ਮਾਲਕਾਂ ਨੇ ਅਰਬਨ ਅਸਟੇਟ ਲਈ ਆਪਣੀ ਜ਼ਮੀਨ ਦੇਣ ਤੋਂ ਨਾਂਹ ਕਰ ਦਿੱਤੀ ਹੈ। ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਨਾਲ ਲੈ ਕੇ 50 ਤੋਂ ਵਧੇਰੇ ਜ਼ਮੀਨ ਮਾਲਕਾਂ ਨੇ ਡਿਪਟੀ ਕਮਿਸ਼ਨਰ ਨੂੰ ਇਕ ਲਿਖਤੀ ਪੱਤਰ ਦੇ ਕੇ ਇਹ ਦੱਸਿਆ ਕਿ ਉਹ ਅਰਬਨ ਅਸਟੇਟ ਲਈ ਆਪਣੀ ਜ਼ਮੀਨ ਨਹੀਂ ਦੇਣਾ ਚਾਹੁੰਦੇ। ਕਿਸਾਨ ਧੰਨਾ ਸਿੰਘ ਦੀ ਅਗਵਾਈ ਹੇਠ ਗੱਲਬਾਤ ਕਰਦੇ ਹੋਏ ਇਹਨਾਂ ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਉਹਨਾਂ ਦੀ ਖੇਤੀ ਯੋਗ ਜ਼ਮੀਨ ਨੂੰ ਧੱਕੇ ਨਾਲ ਅਕਵਾਇਰ ਕਰਨ ਦਾ ਯਤਨ ਕਰੇਗੀ ਤਾਂ ਉਹ ਇਸ ਦਾ ਵਿਰੋਧ ਕਰਨਗੇ ਅਤੇ ਕਿਸੇ ਵੀ ਹਾਲਤ ਵਿੱਚ ਆਪਣੀਆਂ ਜ਼ਮੀਨਾਂ ਨਹੀਂ ਦੇਣਗੇ। ਕਿਸਾਨਾਂ ਨੇ ਕਿਹਾ ਕਿ ਖੇਤੀਬਾੜੀ ਹੀ ਉਹਨਾਂ ਦਾ ਮੁੱਖ ਕਿੱਤਾ, ਰੁਜ਼ਗਾਰ ਹੈ ਅਤੇ ਖੇਤੀ ਤੋਂ ਬਿਨਾਂ ਉਹਨਾਂ ਕੋਲ ਆਮਦਨ ਦਾ ਹੋਰ ਕੋਈ ਸਾਧਨ ਵੀ ਨਹੀਂ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਭਾਵੇਂ ਕਿਸਾਨਾਂ ਨੂੰ ਲੈਂਡ ਪੂਲਿੰਗ ਨੀਤੀ ਤਹਿਤ ਰਿਹਾਇਸ਼ੀ ਅਤੇ ਕਮਰਸ਼ੀਅਲ ਪਲਾਟ ਦੇਣ ਦੀਆਂ ਗੱਲਾਂ ਕਰ ਰਹੀ ਹੈ ਪ੍ਰੰਤੂ ਇਹਨਾਂ ਪਲਾਟਾਂ ਵਿੱਚ ਖੇਤੀ ਨਹੀਂ ਕੀਤੀ ਜਾ ਸਕਦੀ।ਇਸ ਰਕਬੇ ਨਾਲ ਸਬੰਧਿਤ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸਰਕਾਰ ਤੋਂ ਇਹ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਵੀ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਜ਼ਮੀਨ ਮਾਲਕਾਂ ਦੀ ਸਮੱਸਿਆ ਨੂੰ ਚੰਗੀ ਤਰ੍ਹਾਂ ਵਿਚਾਰ ਲਿਆ ਜਾਵੇ ਅਤੇ ਮੁੱਖ ਮੰਤਰੀ ਦੇ ਬਿਆਨ ਮੁਤਾਬਿਕ ਜ਼ਮੀਨ ਮਾਲਕਾਂ ਦੀ ਸਹਿਮਤੀ ਤੋਂ ਬਿਨਾਂ ਕੋਈ ਕਾਰਵਾਈ ਅਮਲ ਵਿੱਚ ਨਾ ਲਿਆਂਦੀ ਜਾਵੇ।