Gee 98News

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਬਰਨਾਲਾ,16 ਜੂਨ, ( ਨਿਰਮਲ ਸਿੰਘ ਪੰਡੋਰੀ )-
-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਆਗੂ ਬਿੱਕਰ ਸਿੰਘ ਹਥੋਆ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਆਈ.ਟੀ.ਆਈ. ਬਰਨਾਲਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੰਗਰੂਰ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਸੁਖਦੀਪ ਹਥਨ ਨੇ ਦੱਸਿਆ ਕਿ ਲਗਭਗ ਇੱਕ ਦਹਾਕੇ ਤੋਂ ਉੱਪਰ ਸਮੇਂ ਤੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦਬਾਉਣ ਦੀ ਲੜਾਈ ਲੜ ਰਹੀ ਹੈ। ਪਿਛਲੇ ਕੁਝ ਮਹੀਨਿਆਂ ਤੋਂ ਉਹਨਾਂ ਨੇ ਲੈਂਡ ਸੀਲਿੰਗ ਐਕਟ 1972 ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ। ਜਿਸ ਦੇ ਤਹਿਤ ਸੰਗਰੂਰ ਨੇੜਲੇ ਬੀੜ ਐਸ਼ਵਾਨ ਨਾਂ ਦੇ ਬੇਚਰਾਗ ਪਿੰਡ ਨੂੰ ਬੇਗਮਪੁਰਾ ਵਿੱਚ ਤਬਦੀਲ ਕਰਨ ਦੇ ਲਈ ਮੁਹਿੰਮ ਕੀਤੀ ਹੋਈ ਸੀ। ਜਿਸ ਕਾਰਨ ਸਰਕਾਰ ਵੱਲੋਂ ਹਜ਼ਾਰਾਂ ਪਿੰਡਾਂ ਦੇ ਸੈਂਕੜੇ ਦਲਿਤ ਮਜ਼ਦੂਰਾਂ ਦੀਆਂ ਗ੍ਰਿਫ਼ਤਾਰੀਆਂ ਕਰਕੇ ਵੱਖ ਵੱਖ ਜੇਲ੍ਹਾਂ ਵਿੱਚ ਭੇਜਿਆ ਗਿਆ। ਸ਼ੁੱਕਰਵਾਰ 13 ਜੂਨ ਨੂੰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਲੀਡਰਸ਼ਿਪ ਨਾਲ ਗੱਲਬਾਤ ਕਰਨ ਦਾ ਸੱਦਾ ਦੇ ਕੇ ਜ਼ੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੂੰ ਗ੍ਰਿਫ਼ਤਾਰ ਕਰਕੇ ਬਠਿੰਡਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ। ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦੇ ਇਸ ਘਟੀਆ ਰਵੱਈਏ ਦੇ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬਰਨਾਲਾ ਵਿਖੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਜਥੇਬੰਦੀ ਦੇ ਆਗੂ ਬਿੱਕਰ ਸਿੰਘ ਸਮੇਤ ਬਾਕੀ ਦਲਿਤ ਮਜ਼ਦੂਰਾਂ ਨੂੰ ਜਲਦੀ ਤੋਂ ਜਲਦੀ ਰਿਹਾਅ ਕੀਤਾ ਜਾਵੇ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਇਸ ਦੇ ਖ਼ਿਲਾਫ਼ ਅਤੇ ਜੇਲ੍ਹ ਵਿੱਚ ਬੰਦ ਬੇਕਸੂਰ ਦਲਿਤ ਮਜ਼ਦੂਰਾਂ ਦੇ ਹੱਕ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਜੋ ਵੀ ਸੱਦਾ ਦਿੱਤਾ ਜਾਵੇਗਾ ਪੰਜਾਬ ਸਟੂਡੈਂਟਸ ਯੂਨੀਅਨ ਉਸ ਵਿੱਚ ਵੱਧ ਚੜ ਕੇ ਸ਼ਾਮਿਲ ਹੋਵੇਗੀ। ਇਸ ਮੌਕੇ ਹੁਸਨਪ੍ਰੀਤ ਠੀਕਰੀਵਾਲ, ਜਸ਼ਨ ਖੁੱਡੀ ਕਲਾਂ, ਗੁਰਪ੍ਰੀਤ ਸਿੰਘ ਆਦਿ ਸਿਖਿਆਰਥੀ ਹਾਜ਼ਰ ਸਨ।

error: Content is protected !!